ਪੰਜਾਬ ਵਿਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ
Sunday, Oct 11, 2020 - 05:43 PM (IST)
ਚੰਡੀਗੜ੍ਹ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਸੂਬੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 10 ਅਕਤੂਬਰ ਤੱਕ ਮੰਡੀਆਂ ਵਿਚੋਂ ਕੁੱਲ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ।
ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਤੇ ਪੀ. ਐੱਸ. ਡਬਲਿਊ. ਸੀ. ਅਤੇ ਭਾਰਤੀ ਖ਼ੁਰਾਕ ਨਿਗਮ (ਐੱਫ.ਸੀ.ਆਈ.) ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 1888 ਰੁਪਏ ਪ੍ਰਤੀ ਕਇੰਟਲ ਦੇ ਹਿਸਾਬ ਨਾਲ ਗ੍ਰੇਡ-ਏ ਦੇ ਝੋਨੇ ਦੀ ਖ਼ਰੀਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ 10 ਅਕਤੂਬਰ ਤੱਕ ਕੁੱਲ 23.38 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 22.62 ਲੱਖ ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਅਤੇ 0.13 ਲੱਖ ਮੀਟ੍ਰਿਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦਿਆ ਗਿਆ ਹੈ।
ਆਸ਼ੂ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਵਿਆਪਕ ਪ੍ਰਬੰਧ ਅਤੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਮੁਸ਼ਕਿਲ ਦਰਪੇਸ਼ ਨਾਲ ਆਵੇ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਸਾਰੇ ਸਿਹਤ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।