ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਬਰਨਾਲਾ 'ਚ ਲਹਿਰਾਇਆ ਤਿਰੰਗਾ (ਤਸਵੀਰਾਂ)

08/15/2019 9:46:03 AM

ਬਰਨਾਲਾ (ਕਮਲਜੀਤ, ਵਿਵੇਕ ਸਿੰਧਵਾਨੀ, ਰਵੀ) : ਜ਼ਿਲਾ ਬਰਨਾਲਾ 'ਚ 73ਵਾਂ ਆਜ਼ਾਦੀ ਦਿਵਸ ਜ਼ਿਲਾ ਪੱਧਰ 'ਤੇ ਸਥਾਨਕ ਅਨਾਜ ਮੰਡੀ ਵਿਖੇ ਬੜੀ ਧੂਮਧਾਮ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਭੂਸ਼ਣ ਆਸ਼ੂ, ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਭਾਰਤ ਭੂਸ਼ਣ ਆਸ਼ੂ ਨੇ ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਦੀਆਂ ਖੁਸ਼ੀਆ ਜ਼ਿਲਾ ਬਰਨਾਲਾ ਵਿਖੇ ਸਾਂਝੇ ਕਰਦਿਆਂ ਕਿਹਾ ਕਿ ਇਹ ਦਿਹਾੜਾ ਸਾਨੂੰ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਸੁਨਹਿਰੀ ਭਵਿੱਖ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ 'ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਕਾਲੇ ਪਾਣੀ ਵਰਗੀਆਂ ਸਖ਼ਤ ਸਜ਼ਾਵਾਂ ਸਾਡੇ ਦੇਸ਼ ਦੇ ਮਹਾਨ ਸ਼ਹੀਦਾ ਨੇ ਹੱਸ-ਹੱਸ ਕੇ ਕੱਟੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਅੱਜ ਅਸੀਂ ਆਜ਼ਾਦ ਜ਼ਿੰਦਗੀ ਬਤੀਤ ਕਰ ਰਹੇ ਹਾਂ। ਸਾਡੇ ਲਈ ਸਾਲ 2019 ਹੋਰ ਵੀ ਜ਼ਿਆਦਾ ਮਹੱਤਵਪੂਰਨ ਹੈ, ਕਿਉਂਕਿ ਸਾਨੂੰ ਆਪਣੇ ਜੀਵਨ 'ਚ ਜਗਤਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸੁਭਾਗ ਪ੍ਰਾਪਤ ਹੋ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਵਿਖੇ ਜਗਤਗੁਰੂ ਗੁਰੁ ਨਾਨਕ ਦੇਵ ਓਪਨ ਯੂਨੀਵਰਸਿਟੀ ਸਥਾਪਿਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗੁਰੁ ਨਾਨਕ ਦੇਵ ਯੂਨੀਵਰਸਿਟੀ ਅਧੀਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਸਥਾਪਿਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਛੋਟੇ ਕਿਸਾਨਾਂ ਦੀ ਬਾਂਹ ਫੜੀ ਹੈ, ਜਿਸ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਫਸਲੀ ਕਰਜ਼ਾ ਮਾਫ ਕੀਤਾ ਹੈ। ਖੇਤੀਬਾੜੀ ਰਾਹਤ ਕਰਜ਼ਾ ਸਕੀਮ ਤਹਿਤ 5 ਲੱਖ 62 ਹਜ਼ਾਰ ਕਿਸਾਨਾਂ ਦਾ ਤਕਰੀਬਨ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫਸਲਾਂ ਦਾ ਖਰਾਬਾ ਹੋਣ 'ਤੇ ਮੁਆਵਜ਼ਾ ਰਾਸ਼ੀ 8000 ਰੁਪਏ ਤੋਂ ਵਧਾ ਕੇ 12000 ਰੁਪਏ ਕੀਤਾ ਹੈ। ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਖਰੀਦ ਤੋਂ ਕਿਸਾਨਾਂ ਨੂੰ ਸਾਲ 2016 ਦੇ ਮੁਕਾਬਲੇ ਸਾਲ 2018 'ਚ ਤਕਰੀਬਨ 32 ਫੀਸਦੀ ਜ਼ਿਆਦਾ ਲਾਭ ਪ੍ਰਾਪਤ ਹੋਇਆ ਹੈ। ਪੰਜਾਬ ਮੰਤਰੀ ਮੰਡਲ ਨੇ “ਦੀ ਪੰੰਜਾਬ ਟਰਾਂਸਪ੍ਰੈਸੀ ਇਨ ਪਬਲਿਕ ਪ੍ਰਕਿਊਰਮੈਂਟ 2019“ ਦੇ ਖਰੜੇ ਨੂੰ ਮੰਨਜੂਰੀ ਦੇ ਦਿੱਤੀ ਹੈ।

ਇਸ ਦਾ ਮਕਸਦ ਕੁਸ਼ਲਤਾ, ਆਰਥਿਕਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਨਾਉਣ ਵਾਸਤੇ ਸਿਹਤਮੰਦ ਮੁਕਾਬਲੇਬਾਜ਼ੀ ਨੂੰ ਉਤਸ਼ਾਹਤ ਕਰਨਾ ਅਤੇ ਭ੍ਰਿਸਟ ਅਮਲਾ ਨੂੰ ਰੋਕਣ ਲਈ ਬੋਲੀਕਾਰਾਂ ਨੂੰ ਨਿਰਪੱਖ ਮੌਕੇ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਸੂਬਾ ਉਪ ਪ੍ਰਧਾਨ ਅਤੇ ਸਾਬਕਾ ਐੱਮ.ਐੱਲ.ਏ. ਕੇਵਲ ਸਿੰਘ ਢਿੱਲ ਡੀ.ਸੀ.ਤੇਜ ਪ੍ਰਤਾਪ ਸਿੰਘ ਫੂਲਕਾ, ਐੱਸ.ਐੱਸ.ਪੀ. ਹਰਜੀਤ ਸਿੰਘ, ਕੈਮਿਸਟ ਐਸੋ. ਦੇ ਜਨਰਲ ਸਕੱਤਰ ਵਿਪਨ ਭਦੌੜ, ਜ਼ਿਲਾ ਤੇ ਸੈਸ਼ਨ ਜੱਜ ਵਰਿੰਦਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ ਆਦਿ ਤੋਂ ਇਲਾਵਾ ਜ਼ਿਲੇ ਦੇ ਸਮੂਹ ਅਧਿਕਾਰੀ/ਕਰਮਚਾਰੀ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਹਾਜ਼ਰ ਸਨ।

rajwinder kaur

This news is Content Editor rajwinder kaur