ਭਰਤ ਇੰਦਰ ਸਿੰਘ ਚਾਹਲ ਨੂੰ SC ਤੋਂ ਮਿਲੀ ਰਾਹਤ

Tuesday, Nov 12, 2024 - 06:30 PM (IST)

ਭਰਤ ਇੰਦਰ ਸਿੰਘ ਚਾਹਲ ਨੂੰ SC ਤੋਂ ਮਿਲੀ ਰਾਹਤ

ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਕਮ 'ਚ ਕਿਹਾ ਹੈ ਕਿ ਪਟੀਸ਼ਨਕਰਤਾ ਦੇ ਖਿਲਾਫ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਚਾਹਲ ਨੂੰ ਵੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ। 25 ਅਕਤੂਬਰ ਨੂੰ ਪਟਿਆਲਾ ਅਦਾਲਤ ਵੱਲੋਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ- 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ

ਸੁਪਰੀਮ ਕੋਰਟ 'ਚ ਰੱਖੀ ਗਈ ਸੀ ਇਹ ਦਲੀਲ 

ਚਾਹਲ ਦੇ ਵਕੀਲ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ 'ਚ ਸਹਿਯੋਗ ਕਰਨ ਲਈ ਤਿਆਰ ਹਨ। ਹਾਲਾਂਕਿ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 4 ਅਕਤੂਬਰ ਨੂੰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਆਰਥਿਕ ਅਪਰਾਧਾਂ ਵਿੱਚ ਅਦਾਲਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਪਹਿਲਾਂ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਸ ਨਾਲ ਰਾਜ ਦੀ ਆਰਥਿਕਤਾ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ ਅਤੇ ਜਨਤਾ ਦੇ ਵਿਸ਼ਵਾਸ 'ਤੇ ਮਾੜਾ ਅਸਰ ਪੈ ਸਕਦਾ ਹੈ। ਜਸਟਿਸ ਸਿੰਧੂ ਨੇ ਸਪੱਸ਼ਟ ਕੀਤਾ ਸੀ ਕਿ ਚਹਿਲ 'ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ, ਇਸ ਲਈ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਜ਼ਰੂਰੀ ਹੈ ਅਤੇ ਉਸ ਨੂੰ ਅਗਾਊਂ ਜ਼ਮਾਨਤ ਦੇਣ ਨਾਲ ਜਾਂਚ 'ਚ ਰੁਕਾਵਟ ਆ ਸਕਦੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ

ਵਿਜੀਲੈਂਸ ਅਨੁਸਾਰ ਮਾਰਚ 2017 ਤੋਂ ਸਤੰਬਰ 2021 ਤੱਕ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ। ਜਦਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਲਗਭਗ 305 ਫੀਸਦੀ ਵੱਧ ਹੈ। ਇਲਜ਼ਾਮ ਹਨ ਕਿ ਭਰਤ ਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ 'ਤੇ ਕਈ ਜਾਇਦਾਦਾਂ ਬਣਾਈਆਂ ਸਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਮੁਲਜ਼ਮ ਭਰਤ ਇੰਦਰ ਸਿੰਘ ਚਾਹਲ ਦੀ ਜਾਇਦਾਦ ਪਟਿਆਲਾ ਦੇ ਸਰਹਿੰਦ ਰੋਡ ’ਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਚਿਵਲਿਆ ਰੋਡ ਪਟਿਆਲਾ ’ਤੇ 2595 ਗਜ਼ ਦੀ ਪੰਜ ਮੰਜ਼ਿਲਾ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਜਗ੍ਹਾ), ਨਾਭਾ ਰੋਡ ’ਤੇ ਟੋਲ ਪਲਾਜ਼ਾ ਨੇੜੇ ਪਿੰਡ ਕਾਲੀਆਂ ਵਿੱਚ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿੱਚ ਵੀ ਜ਼ਮੀਨਾਂ ਖਰੀਦੀ ਗਈ ਹੈ। ਫਿਲਹਾਲ ਵਿਜੀਲੈਂਸ ਮਾਮਲੇ ਦੀ ਅਗਲੇਰੀ ਜਾਂਚ 'ਚ ਜੁਟੀ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News