ਕਾਂਗਰਸ ਜ਼ਮੀਨ ਗੁਆ ਰਹੀ ਹੈ ਅਤੇ ‘ਆਪ’ ਜ਼ਮੀਨ ਲੱਭ ਰਹੀ ਹੈ: ਅਵਿਨਾਸ਼ ਰਾਏ ਖੰਨਾ
Sunday, Oct 02, 2022 - 10:12 AM (IST)
ਹੁਸ਼ਿਆਰਪੁਰ (ਰਾਜੇਸ਼ ਜੈਨ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਦੇਸ਼ ਭਰ ਵਿਚ ਕਾਂਗਰਸ ਦਾ ਹੌਲੀ-ਹੌਲੀ ਸਫ਼ਾਇਆ ਹੋ ਰਿਹਾ ਹੈ। ਕਾਂਗਰਸ ਜ਼ਮੀਨ ਗੁਆਰਹੀ ਹੈ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਜ਼ਮੀਨ ਲੱਭ ਰਹੀ ਹੈ। ਸ਼ਨੀਵਾਰ ਹਿਮਾਚਲ ਪ੍ਰਦੇਸ਼ ਦੇ ਆਪਣੇ ਪੰਜ ਦਿਨਾਂ ਚੋਣ ਦੌਰੇ ਲਈ ਪਾਰਟੀ ਵੱਲੋਂ ਦਿੱਤੇ ਵਿਸ਼ੇਸ਼ ਹੈਲੀਕਾਪਟਰ ਰਾਹੀਂ ਸ਼ਿਮਲਾ ਲਈ ਰਵਾਨਾ ਹੋਣ ਤੋਂ ਪਹਿਲਾਂ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਖੰਨਾ ਨੇ ਕਿਹਾ ਕਿ ਕਾਂਗਰਸ ਕੋਲ ਨਾ ਤਾਂ ਲੀਡਰਸ਼ਿਪ ਹੈ, ਨਾ ਕੋਈ ਦਿਸ਼ਾ ਅਤੇ ਨਾ ਹੀ ਕੋਈ ਮੁੱਦਾ ਹੈ। ਇਸ ਲਈ ਹਿਮਾਚਲ ਪ੍ਰਦੇਸ਼ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਥੋਂ ਦੇ ਸੂਝਵਾਨ ਲੋਕਾਂ ਨੇ ਭਾਜਪਾ ਨੂੰ ਮੁੜ ਸੱਤਾ ਵਿਚ ਲਿਆਉਣ ਦਾ ਮਨ ਬਣਾ ਲਿਆ ਹੈ।
ਇਹ ਵੀ ਪੜ੍ਹੋ: ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਜਲੰਧਰ ਪੁਲਸ ਕਮਿਸ਼ਨਰ ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਦੀ ਯੋਗ ਅਗਵਾਈ ਹੇਠ ਮੁੱਖ ਮੰਤਰੀ ਜੈ ਰਾਮ ਠਾਕੁਰ ਵੱਲੋਂ ਹਿਮਾਚਲ ਪ੍ਰਦੇਸ਼ ਵਿਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲੋਕ ਹਿਤੈਸ਼ੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਗਿਆ ਹੈ। ਇਕ ਸਵਾਲ ਦੇ ਜਵਾਬ ਵਿਚ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਹੈ। ਪਰ ਹੈਰਾਨੀ ਦੀ ਗੱਲ ਹੈ ਕਿ 5-6 ਮਹੀਨਿਆਂ ਵਿਚ ਹੀ ਇਸ ਸਰਕਾਰ ਨੇ ਲੋਕਾਂ ਵਿਚੋਂ ਆਪਣਾ ਵਿਸ਼ਵਾਸ ਗੁਆ ਲਿਆ ਹੈ। ਹਿਮਾਚਲ ਪ੍ਰਦੇਸ਼ ਦੇ ਲੋਕ ਵੀ ‘ਆਪ’ ਨੂੰ ਮੂੰਹ ਨਹੀਂ ਲਗਾਉਣਗੇ।
ਖੰਨਾ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਅਕਤੂਬਰ ਨੂੰ ਬਿਲਾਸਪੁਰ ਫੇਰੀ ਦੇ ਮੱਦੇਨਜ਼ਰ ਤਿਆਰੀਆਂ ਚੱਲ ਰਹੀਆਂ ਹਨ। ਇਥੇ ਉਹ ਏਮਜ਼ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਸਬੰਧੀ ਐਤਵਾਰ ਸ਼ਿਮਲਾ ਵਿਚ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ। 2 ਅਕਤੂਬਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਵੀ ਇਸ ਸਬੰਧ ਵਿਚ ਹਿਮਾਚਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਿਮਾਚਲ ਵਿਚ ਪਾਰਟੀ ਦਾ ਹਰ ਵਰਕਰ ਚੋਣਾਂ ਦੀਆਂ ਤਿਆਰੀਆਂ ਵਿਚ ਜੁਟਿਆ ਹੋਇਆ ਹੈ।
ਇਹ ਵੀ ਪੜ੍ਹੋ: ਬਿਜਲੀ ਮਹਿਕਮੇ 'ਚ ਤਕਨੀਕੀ ਸਟਾਫ਼ ਦੀ ਘਾਟ, CMD ਵੱਲੋਂ ਦਫ਼ਤਰਾਂ 'ਚ ਬੈਠੇ ਮੁਲਾਜ਼ਮਾਂ ਨੂੰ ਸਖ਼ਤ ਆਦੇਸ਼ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ