ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਕੀਤਾ ਪ੍ਰਦਰਸ਼ਨ

Monday, Jun 25, 2018 - 12:33 PM (IST)

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਕੀਤਾ ਪ੍ਰਦਰਸ਼ਨ

ਨਾਭਾ (ਜਗਨਾਰ) — ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾਈ ਆਗੂ ਉਂਕਾਰ ਸਿੰਘ ਅਗੋਲ, ਘੁੰਮਣ ਸਿੰਘ ਰਾਜਗੜ੍ਹ, ਨੇਕ ਸਿੰਘ ਖੋਖ ਦੀ ਅਗਵਾਈ 'ਚ ਐੱਸ.ਡੀ.ਐੱਮ. ਦਫ਼ਤਰ ਨਾਭਾ ਦੇ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ। ਉਨ੍ਹਾਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਮ ਐੱਸ.ਡੀ.ਐੱਮ. ਜਸ਼ਨਪ੍ਰੀਤ ਕੌਰ ਗਿੱਲ ਤੇ ਡੀ.ਐੱਸ.ਪੀ. ਚੰਦ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਅਗੋਲ ਤੇ ਰਾਜਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ਼ ਕਰੇ ਤੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਘੱਟੋ-ਘੱਟ 12 ਘੰਟੇ ਬਿਜਲੀ ਮੁਹੱਈਆ ਕਰਵਾਏ । ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਨਕਲੀ ਦਵਾਈਆਂ ਵੇਚਣ ਵਾਲਿਆਂ ਅਤੇ ਨਕਲੀ ਦੁੱਧ ਬਣਾਉਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖਤ ਕਾਰਵਾਈ ਕਰੇ ਤਾਂ ਜੋ ਕਿਸਾਨਾਂ ਨੂੰ ਲੁੱਟ ਤੋਂ ਬਚਾਇਆ ਜਾ ਸਕੇ । ਸਮੂਹ ਕਿਸਾਨ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਜਦੋਂ ਅਸੀਂ ਬਿਜਲੀ ਦੇ ਬਿੱਲਾਂ 'ਚ ਗਊ ਸੈਸ ਦਿੰਦੇ ਹਾਂ ਤਾਂ ਅਵਾਰਾ ਪਸ਼ੂਆਂ ਦਾ ਪ੍ਰਬੰਧ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਆਵਾਰਾ ਪਸ਼ੂਆਂ ਦਾ ਪ੍ਰਬੰਧ ਕਰੇ ਤਾਂ ਜੋ ਕਿਸਾਨਾਂ ਦੀ ਫਸਲ ਨੂੰ ਬਚਾਇਆ ਜਾ ਸਕੇ ਅਤੇ ਰੋਜ਼ਾਨਾ ਹੋ ਰਹੇ ਸੜਕੀ ਹਾਦਸਿਆਂ ਨੂੰ ਠੱਲ੍ਹ ਪੈ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਾਂ ਪ੍ਰਸ਼ਾਸਨ ਨੇ ਅਵਾਰਾ ਪਸ਼ੂਆਂ ਨੂੰ ਫੜਨ ਦਾ ਪ੍ਰਬੰਧ ਨਾ ਕੀਤਾ ਤਾਂ ਅਸੀਂ ਬਿੱਲਾਂ 'ਚ ਗਊ ਸੈੱਸ ਨਹੀਂ ਦੇਵਾਂਗੇ । ਅੱਜ ਦੇ ਧਰਨੇ 'ਚ ਗੁਰਮੀਤ ਸਿੰਘ ਕੋਟ, ਦੀਦਾਰ ਸਿੰਘ ਥੂਹੀ, ਅਵਤਾਰ ਸਿੰਘ ਕੈਦੂਪੁਰ ਬਲਾਕ ਪ੍ਰਧਾਨ,ਮਹਿੰਦਰ ਸਿੰਘ ਦੁਲੱਦੀ, ਮਲਕੀਤ ਸਿੰਘ ਗੁਣੀਕੇ, ਰਣਜੀਤ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਮੌਜੂਦ ਸਨ।


Related News