ਭਾਰਤੀ ਕਿਸਾਨ ਯੂਨੀਅਨ ਨੇ ਸੂਬਾ ਤੇ ਕੇਂਦਰ ਸਰਕਾਰ ਦੀਆਂ ਸਾੜੀਆਂ ਅਰਥੀਆਂ
Monday, Feb 12, 2018 - 10:46 AM (IST)
ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਕੇਂਦਰੀ ਬਜਟ ਨੂੰ ਲੋਕ ਵਿਰੋਧੀ ਗਰਦਾਨਦਿਆਂ ਬਲਾਕ ਦੇ ਵੱਖ-ਵੱਖ ਪਿੰਡਾਂ ਧੂੜਕੋਟ, ਮਧੇਕੇ, ਖਾਈ, ਰੌਂਤਾ, ਦੀਨਾ ਸਾਹਿਬ, ਰਾਮਾ, ਕੁੱਸਾ, ਨੰਗਲ, ਸੈਦੋਕੇ, ਹਿੰਮਤਪੁਰਾ ਆਦਿ 'ਚ ਸੂਬਾ ਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ।
ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਜ਼ਿਲਾ ਪ੍ਰੈੱਸ ਸਕੱਤਰ ਸੁਦਾਗਰ ਸਿੰਘ ਖਾਈ ਨੇ ਕੇਂਦਰ ਸਰਕਾਰ ਦੀ ਲੋਕ ਮਾਰੂ ਨੀਤੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੇ ਲੋਕ ਵਿਰੋਧੀ ਬਜਟ ਲਿਆ ਕੇ ਆਪਣਾ ਅਸਲੀ ਚਿਹਰਾ ਵਿਖਾ ਦਿੱਤਾ ਹੈ। ਬੁਲਾਰਿਆਂ ਨੇ ਕਿਸਾਨ, ਮਜ਼ਦੂਰ ਦੀ ਅਜੋਕੀ ਸਥਿਤੀ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਕੱਲੇ ਪੰਜਾਬ 'ਚ 17000 ਕਿਸਾਨ ਤੇ ਮਜ਼ਦੂਰ ਖੁਦਕੁਸ਼ੀਆਂ ਕਰ ਚੁੱਕੇ ਹਨ ਪਰ ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਖੁਦਕੁਸ਼ੀਆਂ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਉਨ੍ਹਾਂ ਪੰਜਾਬ ਸਰਕਾਰ 'ਤੇ ਵੋਟਾਂ ਵੇਲੇ ਕੀਤੇ ਵਾਅਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਵਾਅਦੇ ਪੂਰੇ ਕਰਵਾ ਕੇ ਰਹਾਂਗੇ ਤੇ ਸਰਕਾਰ ਝੂਠੇ ਪਰਚਿਆਂ ਰਾਹੀਂ ਕਿਸਾਨਾਂ ਦਾ ਅੰਦੋਲਨ ਫੇਲ ਨਹੀਂ ਕਰ ਸਕੇਗੀ। ਆਗੂਆਂ ਨੇ ਪਿਛਲੇ ਦਿਨੀਂ ਧਰਨਾ ਦੇ ਰਹੇ ਕਿਸਾਨਾਂ 'ਤੇ ਪਰਚੇ ਦਰਜ ਕਰਨ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਪਰਚੇ ਰੱਦ ਕਰਨ ਦੀ ਮੰਗ ਕੀਤੀ। ਇਸ ਦੌਰਾਨ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾ, ਬੂਟਾ ਸਿੰਘ ਭਾਗੀਕ ਆਦਿ ਹਾਜ਼ਰ ਸਨ।
