ਭਾਰਤੀ ਕਿਸਾਨ ਯੂਨੀਅਨ ਏਕਤਾ ਨੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਕੱਢੀ ਰੋਸ ਰੈਲੀ

02/23/2018 4:47:27 PM

ਚੀਮਾ ਮੰਡੀ (ਗੋਇਲ) — ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਦਿੱਲੀ ਵੱਲ ਕੂਚ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਗਰੁੱਪ ਦੇ ਕਿਸਾਨਾਂ ਨੂੰ ਪੁਲਸ ਵੱਲੋਂ ਰੋਕੇ ਜਾਣ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕਸਬੇ ਦਾ ਪਟਿਆਲਾ ਸੁਨਾਮ ਮਾਨਸਾ ਮੇਨ ਰੋਡ ਜਾਮ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ, ਜਿਸ ਦੌਰਾਨ ਕਿਸਾਨਾਂ ਵੱਲੋਂ ਰੈਲੀ ਕੀਤੇ ਜਾਣ ਤੋਂ ਬਾਅਦ ਰੋਸ ਮਾਰਚ ਕੱਢਿਆ ਗਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ । ਇਸ ਮੌਕੇ ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ।
ਪਤਰਕਾਰਾਂ ਨਾਲ ਗਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਕੋਲ ਦਿੱਲੀ ਜਾ ਰਹੇ ਸਨ ਪਰ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਕਣਾ ਬਹੁਤ ਹੀ ਮੰਦਭਾਗੀ ਗੱਲ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ ਕਿਸਾਨੀ ਮਸਲੇ ਨੂੰ ਹੱਲ ਕਰਨ ਲਈ ਕੋਈ ਵੀ ਸਰਕਾਰ ਸੁਹਿਰਦ ਨਹੀ ਹੈ । ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਸਾਨੂੰ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਗੱਲ ਕਰਨ ਲਈ ਕਹਿੰਦੀ ਹੈ ਪਰ ਦੂਸਰੇ ਪਾਸੇ, ਜਦ ਅਸੀਂ ਕੇਂਦਰ ਵੱਲ ਕੂਚ ਕੀਤਾ ਤਾਂ ਸਾਨੂੰ ਨਜ਼ਰਬੰਦ ਕਰ ਲਿਆ ਗਿਆ । 

ਇਸ ਮੌਕੇ ਉਨ੍ਹਾਂ ਆਪਣੀ ਅਗਲੀ ਰਣਨੀਤੀ ਬਾਰੇ ਗਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਅਗਲਾ ਸੰਘਰਸ਼ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਣਾ ਹੋਵੇਗਾ ਤੇ ਸੰਘਰਸ਼ ਦੀ ਅਗਲੀ ਰੂਪਰੇਖਾ ਸੰਘ ਦੀ ਕੋਰ ਕਮੇਟੀ ਉਲੀਕੇਗੀ। ਕਿਸਾਨਾਂ ਦੀ ਇਸ ਹਲਚਲ ਨੂੰ ਦੇਖਦਿਆਂ ਜ਼ਿਲਾ ਸੰਗਰੂਰ ਦੇ ਪੁਲਸ ਮੁਖੀ ਮਨਦੀਪ ਸਿੰਘ ਸਿੱਧੂ ਤੇ ਮਾਨਸਾ ਦੇ ਪੁਲਸ ਮੁਖੀ ਪੀ. ਬੀ. ਐੱਸ. ਪਰਮਾਰ ਦੀ ਅਗਵਾਈ 'ਚ ਕੱਲ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਹੋਏ ਸਨ ਤੇ ਉਹ ਖੁਦ ਹਾਲਾਤ 'ਤੇ ਨਜ਼ਰ ਰੱਖ ਰਹੇ ਸਨ ।