ਜੇਲ ਭਰੋ ਅੰਦੋਲਨ : 100 ਕਿਸਾਨ ਗ੍ਰਿਫ਼ਤਾਰ, 21 ਨੂੰ ਜੇਲ ਭੇਜਿਆ
Saturday, Aug 12, 2017 - 12:58 PM (IST)
ਬਠਿੰਡਾ (ਪਰਮਿੰਦਰ)-ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸ਼ੁਰੂ ਕੀਤੇ ਗਏ ਜੇਲ ਭਰੋ ਅੰਦੋਲਨ ਤਹਿਤ ਸ਼ੁੱਕਰਵਾਰ ਨੂੰ ਕਰੀਬ 100 ਕਿਸਾਨਾਂ ਨੇ ਗ੍ਰਿਫ਼ਤਾਰੀ ਦਿੱਤੀ। ਇਨ੍ਹਾਂ ਕਿਸਾਨਾਂ 'ਚੋਂ 21 ਕਿਸਾਨਾਂ ਨੂੰ ਜੇਲ ਭੇਜ ਦਿੱਤਾ ਗਿਆ, ਜਦਕਿ ਬਾਕੀ ਨੂੰ ਰਿਹਾਅ ਕਰ ਦਿੱਤਾ ਗਿਆ। ਕਿਸਾਨਾਂ ਨੂੰ ਰਿਹਾਅ ਕਰਨ ਤੋਂ ਖਫਾ ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਜੇਲ ਭਰੋ ਅੰਦੋਲਨ ਲਗਾਤਾਰ ਜਾਰੀ ਰਹੇਗਾ। ਜੇਕਰ ਪੁਲਸ ਨੇ ਕਿਸਾਨਾਂ ਨੂੰ ਇਸੇ ਤਰ੍ਹਾਂ ਜੇਲ ਭੇਜਣ ਤੋਂ ਟਾਲਾ ਵੱਟਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਜ਼ਿਕਰਯੋਗ ਹੈ ਕਿ ਜ਼ਿਲਾ ਪੁਲਸ ਕਾਗਜ਼ੀ ਕਾਰਵਾਈ ਅਤੇ ਹੋਰ ਪ੍ਰਬੰਧਾਂ ਦੇ ਡਰ ਤੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ ਭੇਜਣ ਤੋਂ ਟਾਲਮਟੋਲ ਕਰ ਰਹੀ ਹੈ। ਇਹੀ ਕਾਰਨ ਹੈ ਕਿ ਕਿਸਾਨ ਤਿੰਨ ਦਿਨਾਂ ਤੋਂ ਲਗਾਤਾਰ ਗ੍ਰਿਫ਼ਤਾਰੀਆਂ ਦੇ ਰਹੇ ਹਨ ਅਤੇ ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਰਿਹਾਅ ਕਰ ਦਿੰਦੀ ਹੈ। ਸ਼ੁੱਕਰਵਾਰ ਨੂੰ 100 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ 'ਚੋਂ ਜ਼ਿਆਦਾਤਰ ਨੂੰ ਰਿਹਾਅ ਕਰ ਦਿੱਤਾ ਗਿਆ। ਯੂਨੀਅਨ ਨੇ ਦਬਾਅ ਬਣਾਇਆ ਤਾਂ 21 ਨੂੰ ਜੇਲ ਭੇਜ ਦਿੱਤਾ ਗਿਆ।
ਜਥੇਬੰਦੀ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜ਼ਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਸੂਬਾ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ, ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਰਜ਼ ਤੋਂ ਮੁਕਤ ਕਰਵਾਉਣ, ਡਾ. ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗਾ।
