ਕੇਂਦਰ ਸਰਕਾਰ ਵੱਲੋਂ ਲਿਆਂਦੀ ਨੋਟੀਫਿਕੇਸ਼ਨ ਦਾ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਵਿਰੋਧ

Friday, Jun 05, 2020 - 02:39 PM (IST)

ਲੁਧਿਆਣਾ (ਨਰਿੰਦਰ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬੀਤੇ ਦਿਨ ਇੱਕ ਆਰਡੀਨੈਂਸ ਲਿਆਂਦਾ ਗਿਆ ਹੈ, ਜਿਸ 'ਚ ਕਿਸਾਨਾਂ ਨੂੰ ਆਪਣੀਆਂ ਫਸਲਾਂ ਕਿਤੇ ਵੀ ਵੇਚਣ ਦੀ ਤਜਵੀਜ਼ ਰੱਖੀ ਗਈ ਹੈ, ਜਿਸ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਇਸ ਆਰਡੀਨੈਂਸ ਨੂੰ ਕਿਸਾਨ ਮਾਰੂ ਦੱਸਿਆ ਹੈ ਅਤੇ ਕਿਹਾ ਕਿ ਇਸ ਨਾਲ ਕਿਸਾਨ ਹੋਰ ਖੁਦਕੁਸ਼ੀਆਂ ਦੇ ਰਾਹ ਪੈਣਗੇ।

ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦਾ ਗਿਆ ਇਹ ਆਰਡੀਨੈਂਸ ਕਿਸਾਨ ਵਿਰੋਧੀ ਹੈ ਅਤੇ ਇਸ ਨਾਲ ਐਮ. ਐਸ. ਪੀ. ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਿਸਾਨ ਔਖੀ ਘੜੀ 'ਚੋਂ ਲੰਘ ਰਹੇ ਹਨ ਅਤੇ ਇਸ ਆਰਡੀਨੈੱਸ ਰਾਹੀਂ ਮੋਦੀ ਸਰਕਾਰ ਨੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਸਿੱਧਾ ਫਾਇਦਾ ਦੇਣ ਦੀ ਮਨਸ਼ਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵੱਡੀਆਂ ਕੰਪਨੀਆਂ ਕਿਸਾਨਾਂ ਤੋਂ ਸਸਤੀਆਂ ਕੀਮਤਾਂ 'ਤੇ ਫਸਲਾਂ ਖਰੀਦ ਕੇ ਅੱਗੇ ਮਹਿੰਗੇ ਭਾਅ 'ਤੇ ਵੇਚਣਗੀਆਂ, ਜਿਸ ਨਾਲ ਕਿਸਾਨ ਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਇਸ ਦਾ ਜ਼ੋਰਦਾਰ ਵਿਰੋਧ ਕਰਦੀ ਹੈ ਅਤੇ ਮੋਦੀ ਸਰਕਾਰ ਨੂੰ ਇਹ ਆਰਡੀਨੈਂਸ ਵਾਪਸ ਲੈਣ ਲਈ ਤੁਰੰਤ ਅਪੀਲ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ 'ਤੇ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੀ ਸਲਾਹ ਲਏ ਬਿਨਾਂ ਹੀ ਇਸ ਨੂੰ ਜਾਰੀ ਕੀਤਾ ਜਾ ਰਿਹਾ ਹੈ। ਲੱਖੋਵਾਲ ਨੇ ਕਿਹਾ ਕਿ ਇਹ ਆਰਡੀਨੈਂਸ ਸਾਜ਼ਿਸ਼ ਦੇ ਤਹਿਤ ਮੰਡੀ ਬੋਰਡ ਨੂੰ ਖਤਮ ਕਰਨ ਅਤੇ ਆੜ੍ਹਤੀਆਂ ਨੂੰ ਖ਼ਤਮ ਕਰਨ ਲਈ ਲਿਆਂਦਾ ਗਿਆ ਹੈ।
 


Babita

Content Editor

Related News