ਠੇਕਾ ਮੁਲਾਜ਼ਮਾਂ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

03/26/2019 4:33:24 AM

ਬਠਿੰਡਾ (ਸੁਖਵਿੰਦਰ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਦੀ ਇਕ ਮੀਟਿੰਗ ਜ਼ਿਲਾ ਪ੍ਰਧਾਨ ਗੁਰਵਿੰਦਰ ਸਿੰਘ ਪੰਨੂ, ਰਾਜੇਸ਼ ਕੁਮਾਰ, ਜਗਰੂਪ ਸਿੰਘ ਦੀ ਅਗਵਾਈ ਹੇਠ ਥਰਮਲ ਕਾਲੋਨੀ ਵਿਖੇ ਹੋਈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਠੇਕਾ ਮੁਲਾਜ਼ਮਾਂ ਵੱਲੋਂ 30 ਮਾਰਚ ਨੂੰ ਮੁਕੰਮਲ ਹਡ਼ਤਾਲ ਕਰ ਕੇ ਸੰਘਰਸ਼ ਨੂੰ ਤੇਜ਼ ਕਰਦਿਆਂ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਥਰਮਲ ਪਲਾਂਟ ਨੂੰ ਬੰਦ ਨਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਵਿਚ ਆਉਂਦਿਆਂ ਹੀ ਆਪਣੇ ਵਾਅਦਿਆਂ ਤੋਂ ਮੁਕਰ ਗਈ। ਥਰਮਲ ਬੰਦ ਹੋਣ ਕਾਰਨ ਹਜ਼ਾਰਾਂ ਪਰਿਵਾਰਾਂ ਨੂੰ ਆਪਣਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਚੁੱਕਾ ਹੈ। ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੀ ਬਜਾਏ ਥਰਮਲ ਪਲਾਂਟਾਂ ਨੂੰ ਬੰਦ ਕਰ ਕੇ ਨੌਜਵਾਨਾਂ ਨੂੰ ਬੇਰੋਜ਼ਗਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਰੋਸ ਜਤਾਇਆ ਕਿ ਪੱਕੇ ਮੋਰਚੇ ਦੌਰਾਨ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦਿਆਂ ਰੋਜ਼ਗਾਰ ਦੇਣ ਦਾ ਭਰੋਸਾ ਦਿਵਾਇਆ ਗਿਆ ਸੀ ਪਰ ਅਜੇ ਤੱਕ ਉਕਤ ਸਮਝੌਤੇ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵੈੱਲਫੇਅਰ ਐਕਟ 2016 ਲਾਗੂ ਕੀਤਾ ਜਾਵੇ ਤੇ ਬਰਾਬਰ ਕੰਮ-ਬਰਾਬਰ ਤਨਖਾਹ ਐਕਟ ਲਾਗੂ ਕੀਤਾ ਜਾਵੇ ਤੇ ਪ੍ਰਾਈਵੇਟ ਕੰਪਨੀਆਂ ਨੂੰ ਦਿੱਤਾ ਜਾ ਰਿਹਾ ਵਾਧੂ ਮੁਨਾਫਾ ਬੰਦ ਕਰ ਕੇ ਵਰਕਰਾਂ ਨੂੰ ਬਿਜਲੀ ਬੋਰਡ ਦੇ ਮਹਿਕਮੇ ਵਿਚ ਪੱਕਾ ਕੀਤਾ ਜਾਵੇ। ਵਰਕਰਾਂ ਦੀਆਂ ਹੱਕੀ ਮੰਗਾਂ ਦਾ ਕੋਈ ਠੋਸ ਹੱਲ ਕੀਤਾ ਜਾਵੇ, ਸੀ. ਐੱਚ. ਬੀ. ਦੇ ਵਰਕਰਾਂ ਦੀ ਛਾਂਟੀ ਰੱਦ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਵਰਕਰਾਂ ਨੂੰ 30 ਮਾਰਚ ਨੂੰ ਰੋਸ ਮਾਰਚ ਵਿਚ ਪਰਿਵਾਰਾਂ ਸਮੇਤ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਜਨਰਲ ਸਕੱਤਰ ਖੁਸ਼ਦੀਪ ਸਿੰਘ, ਮਹਿੰਦਰ ਕੁਮਾਰ, ਰਤਨ ਕੁਮਾਰ, ਗੋਰਾ ਸਿੰਘ, ਸੁਖਪਾਲ ਸਿੰਘ ਆਦਿ ਮੌਜੂਦ ਸਨ।