ਕਿਸਾਨ ਜਥੇਬੰਦੀਆਂ ਨੇ ਕੀਤੀ ਨਾਅਰੇਬਾਜ਼ੀ

03/26/2019 4:33:35 AM

ਬਠਿੰਡਾ (ਸੁਖਵਿੰਦਰ)-ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਝੋਨੇ ਦੀ ਲਵਾਈ 1 ਜੂਨ ਤੋਂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਮਿੰਨੀ ਸਕੱਤਰੇਤ ਸਾਹਮਣੇ ਧਰਨਾ ਦੇ ਕੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਕਨਵੀਨਰ ਅਮਰਜੀਤ ਸਿੰਘ ਹਨੀ ਭੁੱਚੋਂ ਖੁਰਦ, ਕ੍ਰਾਂਤੀਕਾਰੀ ਯੂਨੀਅਨ ਦੇ ਸੂਬਾ ਆਗੂ ਸੁਰਮੁੱਖ ਸਿੰਘ ਸੇਲਬਰਾਹ ਅਤੇ ਜ਼ਿਲਾ ਆਗੂ ਸੁਰਜੀਤ ਸਿੰਘ ਮੌਜੂਦ ਸਨ। ਜਾਣਕਾਰੀ ਦਿੰਦਿਆਂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ’ਤੇ ਪਾਬੰਦੀ ਲਾਈ ਹੋਈ ਹੈ, ਜਿਸ ਕਾਰਨ ਕਿਸਾਨਾਂ ਨੂੰ ਹਰ ਸਾਲ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਕਿਸਮਾਂ ਨੂੰ ਛੱਡ ਕੇ ਬਾਕੀ ਕਿਸਮਾਂ 120-140 ਦਿਨ ਪੱਕਣ ਲਈ ਲੈਂਦੀਆਂ ਹਨ ਅਤੇ ਮੌਸਮ ਵਿਚ ਤਬਦੀਲੀ ਹੋਣ ’ਤੇ ਹੋਰ ਵੀ ਲੇਟ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਾਣੀ ਦੀ ਖਪਤ ਵੀ ਜ਼ਿਆਦਾ ਹੁੰਦੀ ਹੈ ਅਤੇ ਝੋਨਾ ਲਾਉਣ ਸਮੇਂ ਕਿਸਾਨਾਂ ਨੂੰ ਲੇਬਰ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਪਾਣੀ, ਕਟਾਈ ਅਤੇ ਵੇਚਣ ਵਿਚ ਵੀ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਲਵਾਈ ਇਕ ਜੂਨ ਤੋਂ ਸ਼ੁਰੂ ਕੀਤੀ ਜਾਵੇ ਤਾਂ ਝੋਨਾ ਵੇਚਣ ਸਮੇਂ ਮੰਡੀਆਂ ਵਿਚ ਹੋਣ ਵਾਲਾ ਇਕੱਠ ਵੀ ਘੱਟ ਸਕਦਾ ਹੈ ਅਤੇ ਕਿਸਾਨ ਆਰਾਮ ਨਾਲ ਆਪਣਾ ਝੋਨਾ ਵੇਚ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।