ਸੁਬਰਾਮਨੀਅਮ ਸਵਾਮੀ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਦਿੱਤਾ ਬਿਆਨ ਨਿੰਦਨਯੋਗ : ਚੀਮਾ

Tuesday, Aug 27, 2019 - 11:53 AM (IST)

ਭਵਾਨੀਗਡ਼੍ਹ (ਕਾਂਸਲ) : ‘‘ਭਾਜਪਾ ਆਗੂ ਅਤੇ ਮੈਂਬਰ ਪਾਰਲੀਮੈਂਟ ਸੁਬਰਾਮਨੀਅਮ ਸਵਾਮੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰਾਜੈਕਟ ਨੂੰ ਰੱਦ ਕਰਨ ਦੇ ਦਿੱਤੇ ਗਏ ਬਿਆਨਾਂ ਨਾਲ ਭਾਜਪਾ ਅਤੇ ਆਰ. ਐੱਸ. ਐੱਸ. ਦਾ ਪੰਜਾਬ ਅਤੇ ਸਿੱਖ ਵਿਰੋਧੀ ਚਿਹਰਾ ਨੰਗਾ ਹੋਣ ਕਾਰਣ ਇਨ੍ਹਾਂ ਦੀ ਘੱਟ ਗਿਣਤੀਆਂ ਪ੍ਰਤੀ ਮਾਡ਼ੀ ਸੋਚ ਖੁੱਲ੍ਹ ਕੇ ਸਾਹਮਣੇ ਆ ਗਈ ਹੈ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਸ਼ਹਿਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਆ ਰਹੇ ਵੱਖ-ਵੱਖ ਬਿਆਨ ਬਹੁਤ ਹੀ ਨਿੰਦਣਯੋਗ ਹਨ ਕਿਉਂਕਿ ਇਹ ਦੇਸ਼ ਅਤੇ ਵਿਦੇਸ਼ਾਂ ’ਚ ਰਹਿੰਦੀ ਸਮੁੱਚੀ ਸਿੱਖ ਕੌਮ ਦੇ ਨਾਲ-ਨਾਲ ਹੋਰ ਬਹੁਤ ਸਾਰੇ ਵਰਗਾਂ ਦੇ ਲੋਕਾਂ ਜਿਨ੍ਹਾਂ ਦੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਬਹੁਤ ਹੀ ਸ਼ਰਧਾ ਅਤੇ ਆਸਥਾ ਹੈ, ਦੀਆਂ ਧਾਰਮਕ ਭਾਵਨਾਵਾਂ ਨਾਲ ਜੁਡ਼ਿਆ ਹੋਇਆ ਮੁੱਦਾ ਹੈ, ਇਸ ਲਈ ਕਰਤਾਰਪੁਰ ਦਾ ਲਾਂਘਾ ਬਣਨਾ ਚਾਹੀਦਾ ਹੈ।

ਇਸ ਮੌਕੇ ਪੰਜਾਬ ’ਚ ਆਏ ਹਡ਼੍ਹਾਂ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਹਡ਼੍ਹਾਂ ਨਾਲ ਪੰਜਾਬ ’ਚ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ, ਜਿਸ ਦੀ ਪੂਰਤੀ ਲਈ 1 ਹਜ਼ਾਰ ਕਰੋਡ਼ ਰੁਪਏ ਦੀ ਰਾਸ਼ੀ ਵੀ ਬਹੁਤ ਘੱਟ ਹੈ ਅਤੇ ਕੈਪਟਨ ਸਰਕਾਰ ਨੇ 100 ਕਰੋਡ਼ ਰੁਪਏ ਦੀ ਰਾਸ਼ੀ ਜਾਰੀ ਕਰ ਕੇ ਹਡ਼੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨਾਲ ਕੌਝਾ ਮਜ਼ਾਕ ਕਰ ਕੇ ਉਨ੍ਹਾਂ ਦੇ ਜ਼ਖ਼ਮਾਂ ਉਪਰ ਨਮਕ ਭੁੱਕਣ ਦਾ ਕੰਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਅਤੇ ਭਾਜਪਾ ਤਿੰਨੋਂ ਰਵਾਇਤੀ ਪਾਰਟੀਆਂ ਵੱਲੋਂ ਪੰਜਾਬ ਦੇ ਲੋਕਾਂ ਦੀ ਅੰਨ੍ਹੀ ਲੁੱਟ ਕਰ ਕੇ ਪ੍ਰਾਈਵੇਟ ਕੰਪਨੀਆਂ ਦੀਆਂ ਜੇਬਾਂ ਭਰੀਆਂ ਜਾ ਰਹੀਆਂ ਹਨ। ਇਸ ਦੌਰਾਨ ਬੀਬੀ ਨਰਿੰਦਰ ਕੌਰ ਭਰਾਜ ਪ੍ਰਧਾਨ ਜ਼ਿਲਾ ਯੂਥ ਵਿੰਗ ਅਤੇ ਸਪੋਕਸ ਪਰਸਨ ‘ਆਪ’ ਸਮੇਤ ਹੋਰ ਵਰਕਰ ਵੀ ਮੌਜੂਦ ਸਨ।


cherry

Content Editor

Related News