ਜੁਰਮਾਨਾ ਵਧਣ ਨਾਲ ਸੜਕਾਂ ''ਤੇ ਟ੍ਰੈਫਿਕ ''ਚ ਸੁਧਾਰ ਨਹੀਂ ਸਗੋਂ ਭ੍ਰਿਸ਼ਟਾਚਾਰ ਵਧੇਗਾ : ਮਾਨ

09/23/2019 10:35:18 AM

ਭਵਾਨੀਗੜ੍ਹ (ਕਾਂਸਲ) : ਕੇਂਦਰ ਸਰਕਾਰ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ 'ਤੇ ਜੁਰਮਾਨੇ ਦੀ ਰਾਸ਼ੀ ਵਿਚ ਵਾਧਾ ਕਰਕੇ ਆਮ ਲੋਕਾਂ ਦੀਆਂ ਜੇਬਾਂ ਉਪਰ ਡਾਕਾ ਮਾਰਨ ਵਾਲਾ ਕੰਮ ਕੀਤਾ ਹੈ। ਜੁਰਮਾਨੇ ਦੀ ਰਾਸ਼ੀ ਵਿਚ ਵਾਧਾ ਕਰਨ ਨਾਲ ਸੜਕਾਂ 'ਤੇ ਟ੍ਰੈਫਿਕ ਵਿਚ ਕੋਈ ਵੀ ਸੁਧਾਰ ਨਾ ਹੋ ਕੇ ਸਗੋਂ ਭ੍ਰਿਸ਼ਟਾਚਾਰ ਵਿਚ ਵਾਧਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਗਰੂਰ ਤੋਂ ਸੰਸਦ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸਾਥਨਕ ਸ਼ਹਿਰ ਦੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਬੀਤੇ ਦਿਨੀਂ ਬਰਸਾਤ ਦੇ ਪਾਣੀ ਨਾਲ ਡਿੱਗੀ ਚਾਰਦੀਵਾਰੀ ਅਤੇ ਹੋਰ ਅਧੁਰੇ ਪਏ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਮੌਕੇ ਕੀਤਾ।

ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਹਿਲਾਂ ਦੇਸ਼ ਦੀਆਂ ਸਾਰੀਆਂ ਸੜਕਾਂ ਦੀ ਹਾਲਤ ਸੁਧਾਰਨੀ ਚਾਹੀਦੀ ਹੈ ਅਤੇ ਨਾਲ ਹੀ ਸਭ ਤੋਂ ਪਹਿਲਾਂ ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਉਣ ਦਾ ਕੋਈ ਠੋਸ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੜਕਾਂ 'ਤੇ ਖੜਣ ਵਾਲੀਆਂ ਬੱਸਾਂ ਜੋ ਕਿ ਅਕਸਰ ਜਾਮ ਦਾ ਕਾਰਨ ਬਣਦੀਆਂ ਹਨ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਸਗੋਂ ਟ੍ਰੈਫਿਕ ਪੁਲਸ ਦੇ ਮੁਲਾਜ਼ਮ ਸਿਰਫ ਸੜਕਾਂ ਤੋਂ ਲੰਘਦੇ ਵਾਹਨਾਂ 'ਤੇ ਹੀ ਨਜ਼ਰ ਟਿਕਾ ਕੇ ਰੱਖਦੇ ਹਨ ਕਿ ਕਿਸ ਚਾਲਕ ਨੇ ਸੀਟ ਬੈਲਟ ਨਹੀਂ ਲਗਾਈ ਅਤੇ ਕਿਸ ਨੇ ਹੈਲਮੈਟ ਨਹੀਂ ਪਹਿਣਿਆ, ਫਿਰ ਉਨ੍ਹਾਂ ਨੂੰ ਘੇਰ ਕੇ ਚਲਾਨ ਦੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵਾਹਨ ਚਾਲਕ 50 ਰੁਪਏ ਦੀ ਰਿਸ਼ਵਤ ਦੇ ਕੇ ਆਪਣਾ ਬਚਾਅ ਕਰ ਲੈਂਦਾ ਸੀ ਅਤੇ ਹੁਣ ਜੁਰਮਾਨੇ ਦੀ ਰਾਸ਼ੀ ਵਿਚ ਵਾਧਾ ਹੋਣ ਨਾਲ ਰਿਸ਼ਵਤ ਦੀ ਰਾਸ਼ੀ 500 ਰੁਪਏ ਹੋ ਜਾਵੇਗੀ। ਇਸ ਲਈ ਸਰਕਾਰ ਨੂੰ ਜੁਰਮਾਨੇ ਦੀ ਰਾਸ਼ੀ ਵਿਚ ਵਾਧਾ ਕਰਨ ਦੀ ਥਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕ ਕਰਨਾ ਚਾਹੀਦਾ ਹੈ।

ਇਸ ਮੌਕੇ ਡੀ.ਸੀ ਨਾਲ ਬਦਸਲੂਕੀ ਦੇ ਮਾਮਲੇ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਸੰਬੰਧੀ ਕੀਤੇ ਸਵਾਲ ਦੇ ਜਵਾਬ ਵਿਚ ਮਾਨ ਨੇ ਕਿਹਾ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਡੀ.ਸੀ. ਨਾਲ ਬਦਸਲੂਕੀ ਕਰਨਾ ਗਲਤ ਹੈ ਪਰ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਨੂੰਨ ਸਾਰਿਆਂ ਲਈ ਇਕ ਬਰਾਬਰ ਰੱਖਣਾ ਚਾਹੀਦਾ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਬੈਂਸ ਤੋਂ ਪਹਿਲਾਂ ਵੱਖ-ਵੱਖ ਅਧਿਕਾਰੀਆਂ ਨਾਲ ਬਦਸਲੂਕੀ ਕਰਨ ਵਾਲੇ ਆਪਣੀ ਪਾਰਟੀ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵਿਰੁੱਧ ਵੀ ਮੁਕੱਦਮੇ ਦਰਜ ਕਰਨੇ ਚਾਹੀਦੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦੀਪ ਸਿੰਘ ਫੱਗੂਵਾਲਾ ਬਲਾਕ ਪ੍ਰਧਾਨ, ਅਵਤਾਰ ਸਿੰਘ ਈਲਵਾਲ, ਨਰਿੰਦਰ ਕੌਰ ਭਰਾਜ ਜ਼ਿਲਾ ਪ੍ਰਧਾਨ ਯੂਥ ਵਿੰਗ, ਹਰਭਜਨ ਸਿੰਘ ਹੈਪੀ ਆਦਿ ਮੌਜੂਦ ਸਨ।


cherry

Content Editor

Related News