ਪਾਰਟੀ ਅੰਦਰ ਮੌਜੂਦ ''ਗੱਦਾਰਾਂ'' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ
Tuesday, Aug 04, 2026 - 02:49 PM (IST)
ਚੰਡੀਗੜ੍ਹ (ਅੰਕੁਰ): ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਅੰਦਰ ਮੌਜੂਦ "ਗੱਦਾਰਾਂ" ਤੇ ਹੋਰ ਪਾਰਟੀਆਂ ਦੇ ਕਥਿਤ "ਸਲੀਪਰ ਸੈੱਲਾਂ" ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪਾਰਟੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ, ਇਸ ਲਈ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਬਠਿੰਡਾ ’ਚ ਕਰਵਾਏ ਗਏ ‘ਹਰ ਬੂਥ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭੂਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਨੇ 2026 ਨੂੰ ‘ਸੰਗਠਨ ਸਿਰਜਣ ਸਾਲ’ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਵੀ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ, ਤਾਂ ਜੋ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਬਘੇਲ ਨੇ ਕਿਹਾ ਕਿ ਅਗਲੀਆਂ ਚੋਣਾਂ ਸਿਰਫ਼ ਉਮੀਦਵਾਰ ਨਹੀਂ, ਸਗੋਂ ਪੂਰਾ ਸੰਗਠਨ ਲੜੇਗਾ। ਉਨ੍ਹਾਂ ਕਿਹਾ ਕਿ ਜੇਕਰ ਬੂਥ ਪੱਧਰ ’ਤੇ ਪਾਰਟੀ ਮਜ਼ਬੂਤ ਹੋਵੇਗੀ ਤਾਂ ਚੋਣੀ ਜਿੱਤ ਵੀ ਯਕੀਨੀ ਬਣੇਗੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਤੇ ਗੈਂਗਸਟਰਾਂ, ਰੇਤ ਮਾਫੀਆ, ਭੂ-ਮਾਫੀਆ ਤੇ ਹੋਰ ਨਾਜਾਇਜ਼ ਗਤੀਵਿਧੀਆਂ ਨੂੰ ਰੋਕਣ ’ਚ ਸਰਕਾਰ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕੇਂਦਰ ਸਰਕਾਰ 'ਤੇ ਵੀ ਹਮਲਾ ਕਰਦਿਆਂ ਬਘੇਲ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਭ੍ਰਿਸ਼ਟਾਚਾਰ ’ਚ ਡੁੱਬੀ ਹੋਈ ਹੈ ਤੇ ਦੇਸ਼ ਦੀ ਦੌਲਤ ਕੁਝ ਚੁਣਿੰਦੇ ਕਾਰੋਬਾਰੀਆਂ ਦੇ ਹੱਥਾਂ ’ਚ ਸੌਂਪਣ ਦੀ ਕੋਸ਼ਿਸ਼ ਕਰ ਰਹੀ ਹੈ।
