ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਅਚਾਨਕ ਹੋਇਆ ਰੱਦ
Saturday, Jul 04, 2026 - 10:59 AM (IST)
ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ 'ਚ ਅੰਦਰੂਨੀ ਸਿਆਸੀ ਹਲਚਲ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਪਾਰਟੀ ਦੇ ਅੰਦਰੋਂ ਉੱਠ ਰਹੇ ਬਗਾਵਤੀ ਸੁਰਾਂ ਅਤੇ ਸੰਗਠਨਾਤਮਕ ਤਬਦੀਲੀਆਂ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਦਾ ਅੱਜ ਦਾ ਚੰਡੀਗੜ੍ਹ ਦੌਰਾ ਅਚਾਨਕ ਰੱਦ ਹੋ ਜਾਣ ਨਾਲ ਸਿਆਸੀ ਗਲਿਆਰਿਆਂ 'ਚ ਨਵੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਅਨੁਸਾਰ ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਕਿਸੇ ਕਾਰਨਾਂ ਕਰਕੇ ਰੱਦ ਕੀਤਾ ਗਿਆ ਹੈ। ਹਾਲਾਂਕਿ ਪਾਰਟੀ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਕਾਰਨ ਸਾਹਮਣੇ ਨਹੀਂ ਆਇਆ ਪਰ ਇਸ ਫ਼ੈਸਲੇ ਨੂੰ ਬੀਤੇ ਦਿਨ ਚਰਨਜੀਤ ਸਿੰਘ ਚੰਨੀ ਧੜੇ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਕਾਂਗਰਸ ਦੇ ਅੰਦਰ ਚੱਲ ਰਹੀ ਖਿੱਚੋਤਾਣ ਅਤੇ ਆਉਣ ਵਾਲੀ ਰਣਨੀਤੀ ਨੂੰ ਲੈ ਕੇ ਚਰਚਾਵਾਂ ਦਾ ਦੌਰ ਹੋਰ ਤੇਜ਼ ਹੋ ਗਿਆ ਹੈ। ਬੀਤੇ ਦਿਨ ਹੋਈ ਮੀਟਿੰਗ 'ਚ ਚੰਨੀ ਧੜੇ ਦੇ ਆਗੂਆਂ ਨੇ ਪਾਰਟੀ ਦੇ ਮੌਜੂਦਾ ਸਿਆਸੀ ਹਾਲਾਤ, ਸੰਗਠਨਾਤਮਕ ਢਾਂਚੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਲਿਆ ਗਿਆ ਕਿ ਚਰਨਜੀਤ ਸਿੰਘ ਚੰਨੀ ਨੂੰ ਦਿੱਤੇ ਗਏ ਅਖਤਿਆਰਾਂ ਅਤੇ ਪੰਜਾਬ ਇਕਾਈ 'ਚ ਉਨ੍ਹਾਂ ਦੀ ਭੂਮਿਕਾ ਸਬੰਧੀ ਪਾਰਟੀ ਹਾਈਕਮਾਂਡ ਨਾਲ ਜਲਦ ਮੁਲਾਕਾਤ ਕੀਤੀ ਜਾਵੇਗੀ। ਇਸ ਮੁਲਾਕਾਤ ਦੌਰਾਨ ਸੂਬਾ ਇਕਾਈ ਨਾਲ ਜੁੜੇ ਕਈ ਮਹੱਤਵਪੂਰਨ ਮੁੱਦੇ ਵੀ ਚੁੱਕੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ 'ਚ ਹਾਲ ਹੀ 'ਚ ਐਲਾਨੀਆਂ ਗਈਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਬਾਅਦ ਕਈ ਆਗੂਆਂ 'ਚ ਅਸੰਤੁਸ਼ਟੀ ਦੇ ਸੁਰ ਸਾਹਮਣੇ ਆਏ ਹਨ। ਕੁੱਝ ਆਗੂਆਂ ਵੱਲੋਂ ਪਾਰਟੀ ਦੇ ਫ਼ੈਸਲਿਆਂ 'ਤੇ ਸਵਾਲ ਵੀ ਚੁੱਕੇ ਗਏ ਹਨ। ਅਜਿਹੇ ਮਾਹੌਲ 'ਚ ਭੂਪੇਸ਼ ਬਘੇਲ ਦੇ ਚੰਡੀਗੜ੍ਹ ਦੌਰੇ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਸੀ ਕਿਉਂਕਿ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਵੱਖ-ਵੱਖ ਧੜਿਆਂ ਨਾਲ ਗੱਲਬਾਤ ਕਰਕੇ ਹਾਲਾਤ ਨੂੰ ਸਮਝਣ ਦੀ ਕੋਸ਼ਿਸ਼ ਕਰਨਗੇ ਪਰ ਦੌਰਾ ਰੱਦ ਹੋਣ ਨਾਲ ਸਿਆਸੀ ਚਰਚਾਵਾਂ ਨੂੰ ਹੋਰ ਬਲ ਮਿਲਿਆ ਹੈ। ਦੂਜੇ ਪਾਸੇ ਕਾਂਗਰਸ ਦੇ ਅੰਦਰ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਹਾਈਕਮਾਂਡ ਪੰਜਾਬ ਇਕਾਈ 'ਚ ਪੈਦਾ ਹੋ ਰਹੇ ਹਾਲਾਤ 'ਤੇ ਪੂਰੀ ਨਜ਼ਰ ਰੱਖ ਰਹੀ ਹੈ। ਆਉਣ ਵਾਲੇ ਦਿਨਾਂ 'ਚ ਸੀਨੀਅਰ ਆਗੂਆਂ ਦੀ ਦਿੱਲੀ 'ਚ ਮੀਟਿੰਗ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ, ਜਿਸ 'ਚ ਪੰਜਾਬ ਕਾਂਗਰਸ ਨਾਲ ਜੁੜੇ ਸੰਗਠਨਾਤਮਕ ਅਤੇ ਸਿਆਸੀ ਮੁੱਦਿਆਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! ਬਿੱਲਾਂ ਨੇ ਵਧਾਈ ਪਰੇਸ਼ਾਨੀ, ਪਾਵਰਕਾਮ ਦਫ਼ਤਰ 'ਚ...
ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਕਾਂਗਰਸ ਕਿਸੇ ਵੀ ਤਰ੍ਹਾਂ ਦੀ ਅੰਦਰੂਨੀ ਖਿੱਚੋਤਾਣ ਨੂੰ ਲੰਮਾ ਨਹੀਂ ਖਿੱਚਣਾ ਚਾਹੁੰਦੀ। ਪਾਰਟੀ ਦੀ ਕੋਸ਼ਿਸ਼ ਹੋਵੇਗੀ ਕਿ ਵੱਖ-ਵੱਖ ਧੜਿਆਂ ਨੂੰ ਇੱਕ ਮੰਚ 'ਤੇ ਲਿਆ ਕੇ ਇਕਜੁੱਟਤਾ ਦਾ ਸੰਦੇਸ਼ ਦਿੱਤਾ ਜਾਵੇ ਤਾਂ ਜੋ ਚੋਣੀ ਤਿਆਰੀਆਂ ਪ੍ਰਭਾਵਿਤ ਨਾ ਹੋਣ। ਫਿਲਹਾਲ ਭੂਪੇਸ਼ ਬਘੇਲ ਦੇ ਦੌਰੇ ਦੇ ਰੱਦ ਹੋਣ ਨੂੰ ਲੈ ਕੇ ਪਾਰਟੀ ਵਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਕਰਕੇ ਇਸ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਜਾਰੀ ਹਨ। ਹੁਣ ਸਭ ਦੀ ਨਜ਼ਰ ਇਸ ਗੱਲ 'ਤੇ ਟਿਕੀ ਹੋਈ ਹੈ ਕਿ ਚੰਨੀ ਧੜੇ ਦੀ ਹਾਈਕਮਾਂਡ ਨਾਲ ਮੁਲਾਕਾਤ ਕਦੋਂ ਹੁੰਦੀ ਹੈ ਅਤੇ ਉਸ ਤੋਂ ਬਾਅਦ ਪੰਜਾਬ ਕਾਂਗਰਸ ਦੀ ਸਿਆਸੀ ਦਿਸ਼ਾ ਵਿੱਚ ਕੀ ਤਬਦੀਲੀਆਂ ਦੇਖਣ ਨੂੰ ਮਿਲਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
