ਧੀ ਦੇ ਕਤਲ ਸਬੰਧੀ ਬੀਬੀ ਜਗੀਰ ਕੌਰ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ
Thursday, Jul 04, 2019 - 11:34 AM (IST)
ਨਵੀਂ ਦਿੱਲੀ/ਜਲੰਧਰ (ਏਜੰਸੀਆਂ)— ਪੰਜਾਬ ਦੀ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਸੁਪਰੀਮ ਕੋਰਟ ਨੇ ਬੀਬੀ ਜਗੀਰ ਕੌਰ ਨੂੰ ਧੀ ਦਾ ਕਤਲ ਕਰਨ ਦੇ ਮਾਮਲੇ 'ਚ ਬਰੀ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟ ਕਰ ਦਿੱਤੀ ਹੈ। ਦੱਸ ਦੇਈਏ ਕਿ ਪਟੀਸ਼ਨ ਕਰਤਾ ਕਮਲਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ।
ਦੱਸਣਯੋਗ ਹੈ ਕਿ ਹਾਈਕੋਰਟ ਨੇ ਹਰਪ੍ਰੀਤ ਕੌਰ ਦੀ ਹੱਤਿਆ ਦੇ ਮਾਮਲੇ ਬਾਰੇ ਫੈਸਲਾ ਸੁਣਾਉਂਦੇ ਹੋਏ ਬੀਬੀ ਜਗੀਰ ਕੌਰ ਨੂੰ ਦਸੰਬਰ 2018 ਨੂੰ ਦੋਸ਼ ਮੁਕਤ ਕਰ ਦਿੱਤਾ ਸੀ। ਹਾਈਕੋਰਟ ਨੇ ਪਟਿਆਲਾ ਸੀ. ਬੀ. ਆਈ. ਦੀ ਅਦਾਲਤ ਵੱਲੋਂ ਸੁਣਾਈ ਗਈ 5 ਸਾਲ ਦੀ ਕੈਦ ਦੀ ਸਜ਼ਾ ਨੂੰ ਵੀ ਰੱਦ ਕਰ ਦਿੱਤਾ ਸੀ। ਜਗੀਰ ਕੌਰ ਦੀ ਬੇਟੀ ਹਰਪ੍ਰੀਤ ਕੌਰ ਦੀ 20 ਜੂਨ 2000 ਨੂੰ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਸੀ। ਉਸ ਤੋਂ ਬਾਅਦ ਜਗੀਰ ਕੌਰ 'ਤੇ ਆਪਣੀ ਬੇਟੀ ਨੂੰ ਅਗਵਾ ਕਰਨ ਅਤੇ ਉਸ ਦਾ ਜਬਰੀ ਗਰਭਪਾਤ ਕਰਵਾਉਣ ਦਾ ਦੋਸ਼ ਲੱਗਾ ਸੀ। ਪਟਿਆਲਾ ਸੀ. ਬੀ. ਆਈ. ਦੀ ਅਦਾਲਤ ਨੇ ਵੀ ਉਦੋਂ ਬੀਬੀ ਜਗੀਰ ਕੌਰ ਨੂੰ ਸਿਰਫ ਅਗਵਾ ਅਤੇ ਗਰਭਪਾਤ ਦਾ ਦੋਸ਼ੀ ਠਹਿਰਾਇਆ ਸੀ। ਦੱਸਣਯੋਗ ਹੈ ਕਿ ਇਸੇ ਕੇਸ ਤਹਿਤ ਐੱਸ. ਜੀ. ਪੀ. ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਮਾਰਚ 2012 'ਚ ਪੰਜਾਬ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਕਮਲਜੀਤ ਬੇਗੋਵਾਲ ਨੇ ਹੀ ਜਗੀਰ ਕੌਰ ਖਿਲਾਫ ਕਤਲ ਦੀ ਸ਼ਿਕਾਇਤ ਕੀਤੀ ਸੀ ਅਤੇ ਇਸ ਨੇ ਹੀ ਜਗੀਰ ਕੌਰ ਦੀ ਧੀ ਹਰਪ੍ਰੀਤ ਦੇ ਪਤੀ ਹੋਣ ਦਾ ਦਾਅਵਾ ਵੀ ਕੀਤਾ ਸੀ।