ਵਿੱਤੀ ਸੰਕਟ 'ਚ SGPC ਦੇ ਵਿੱਦਿਅਕ ਅਦਾਰੇ, 'ਬੀਬੀ ਜਗੀਰ' ਕੌਰ ਨੇ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ
Thursday, Oct 28, 2021 - 04:13 PM (IST)
ਫਤਹਿਗੜ੍ਹ ਸਾਹਿਬ (ਵਿਪਨ, ਜਗਦੇਵ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਹਾਲ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਰੋਨਾ ਕਾਲ 'ਚ ਸ਼੍ਰੋਮਣੀ ਕਮੇਟੀ ਵੱਲੋਂ ਬਿਹਤਰੀਨ ਸੇਵਾਵਾਂ ਨਿਭਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਿਆਣਾ 'ਚ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ, 3 ਦੀ ਮੌਤ
ਉਨ੍ਹਾਂ ਕਿਹਾ ਕਿ ਕੋਰੋਨਾ ਕਾਲ 'ਚ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ 'ਚ ਜਿੱਥੇ ਵਿਦਿਆਰਥੀਆਂ ਦੀ ਗਿਣਤੀ ਘਟੀ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦਾ ਲਗਭਗ 42 ਕਰੋੜ ਰੁਪਿਆ ਖੜ੍ਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਨੂੰ ਰਿਲੀਜ਼ ਕਰਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਉਨ੍ਹਾਂ ਨਾਲ ਕਈ ਵਾਰ ਮੁਲਾਕਾਤ ਕੀਤੀ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੀ ਮਿਲਿਆ ਹੈ ਪਰ ਇਸ ਦੇ ਬਾਵਜੂਦ ਵੀ ਕੋਈ ਪੈਸਾ ਪੰਜਾਬ ਸਰਕਾਰ ਵੱਲੋਂ ਰਿਲੀਜ਼ ਨਹੀਂ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਤਨਖ਼ਾਹਾਂ ਦੇਣ 'ਚ ਵੀ ਮੁਸ਼ਕਲ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਸਿਰਫ 100-100 ਤੇ 200-200 ਕਰੋੜ ਰੁਪਏ ਦੀਆਂ ਅਨਾਊਂਸਮੈਂਟਾਂ ਹੀ ਕੀਤੀਆਂ ਜਾ ਰਹੀਆਂ ਹਨ, ਜਦੋਂ ਕਿ ਕੰਮ ਕਿਤੇ ਨਜ਼ਰ ਨਹੀਂ ਆਉਂਦੇ। ਉਨ੍ਹਾਂ ਦੱਸਿਆ ਕਿ 6 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਾ ਇਜਲਾਸ ਰੱਖਿਆ ਗਿਆ ਹੈ, ਜਿਸ ਵਿਚ ਆਉਣ ਵਾਲੇ ਪ੍ਰਧਾਨ ਦੀ ਚੋਣ ਲਈ ਤਾਰੀਖ਼ ਤੈਅ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ