SGPC ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 17ਵਾਂ ਖ਼ਾਲਸਾਈ ਖੇਡ ਉਤਸਵ ਸ਼ੁਰੂ

11/17/2021 3:06:21 PM

ਫਤਿਹਗੜ੍ਹ ਸਾਹਿਬ (ਜਗਦੇਵ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ 17ਵਾਂ ਖ਼ਾਲਸਾਈ ਖੇਡ ਉਤਸਵ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਆਰੰਭ ਹੋਇਆ। ਇਸ ਮੌਕੇ 'ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਵਿਦਿਆਰਥੀਆਂ ਤੋਂ ਮਾਰਚ ਪਾਸਟ ਦੀ ਸਲਾਮੀ ਵੀ ਲਈ ਗਈ। 2 ਦਿਨ ਹੋਣ ਵਾਲੇ ਇਸ ਖੇਡ ਉਤਸਵ ਵਿੱਚ 5000 ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਇਸ ਮੌਕੇ ਖੇਡ ਉਤਸਵ ਦਾ ਉਦਘਾਟਨ ਕਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ਾਲਸਾਈ ਖੇਡ ਮੌਕੇ ਆਪਣੇ ਸੰਬੋਧਨ ਦੌਰਾਨ ਜਿੱਥੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ, ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਇਨ੍ਹਾਂ 33 ਕਾਲਜਾਂ, 2 ਇੰਜੀਨੀਅਰਿੰਗ ਕਾਲਜਾਂ ਅਤੇ ਇੱਕ ਯੂਨੀਵਰਸਿਟੀ ਨੂੰ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਕਰਨ ਲਈ ਇੱਕ-ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਵੀ ਕੀਤਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਵੀ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਰਿਹਾ ਹੈ ਅਤੇ ਭਵਿੱਖ ਵਿੱਚ ਸ਼੍ਰੋਮਣੀ ਕਮੇਟੀ ਇਸੇ ਤਰ੍ਹਾਂ ਗੁਰਸਿੱਖ ਨੌਜਵਾਨਾਂ ਨੂੰ ਹੋਰ ਉਤਸ਼ਾਹਿਤ ਕਰੇਗੀ। ਇਸ ਮੌਕੇ 'ਤੇ ਮਾਤਾ ਗੁਜਰੀ ਕਾਲਜ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਉਚੇਰੀ ਵਿੱਦਿਅਕ ਸੰਸਥਾਵਾਂ 'ਚ ਹੋ ਰਹੀਆਂ ਖੇਡਾਂ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਟੀਮ ਨੂੰ ਉਨ੍ਹਾਂ ਵੱਲੋਂ ਨਿੱਜੀ ਤੌਰ 'ਤੇ 51 ਹਜ਼ਾਰ ਰੁਪਏ ਇਨਾਮ ਦਿੱਤੇ ਜਾਣਗੇ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜੀ ਰੱਖਣ ਲਈ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਇਸ ਖੇਡ ਉਤਸਵ ਲਈ ਤਾਰੀਫ਼ ਵੀ ਕੀਤੀ। ਇਸ ਮੌਕੇ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ  ਲਗਭਗ 1500 ਵਿਦਿਆਰਥੀ ਸਿੱਖੀ ਬਾਣੇ ਵਿਚ ਮਾਰਚ ਪਾਸਟ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਖ਼ਾਲਸਾਈ ਖੇਡ ਉਤਸਵ ਵਿੱਚ ਹਾਕੀ, ਫੁੱਟਬਾਲ, ਕਬੱਡੀ, ਗੱਤਕਾ, ਬੈਡਮਿੰਟਨ, ਟੇਬਲ ਟੈਨਿਸ, ਚੈੱਸ ਸਮੇਤ ਅਥਲੈਟਿਕ ਦੇ ਸਾਰੇ ਈਵੈਂਟਸ ਕਰਵਾਏ ਜਾ ਰਹੇ ਹਨ।

Babita

This news is Content Editor Babita