ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

Monday, Sep 06, 2021 - 05:50 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਾਲ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦੀਆਂ ਮੁੱਲਵਾਨ ਸਿੱਖਿਆਵਾਂ ਮਨੁੱਖੀ ਜੀਵਨ ਨੂੰ ਸੇਧ ਦੇਣ ਵਾਲੀਆਂ ਹਨ। ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਵਿੱਚੋਂ ਮਨੁੱਖ ਨੂੰ ਧਾਰਮਿਕ, ਸਮਾਜਿਕ, ਰਾਜਨੀਤਕ, ਵਿਗਿਆਨਕ ਅਤੇ ਬ੍ਰਹਿਮੰਡੀ ਭਾਵ ਹਰ ਤਰ੍ਹਾਂ ਦੀ ਅਗਵਾਈ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਸੁਖਦ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਮਾਜਿਕ ਜ਼ੁੰਮੇਵਾਰੀਆਂ ਨਿਭਾਉਣ ਲਈ ਵੀ ਰਾਹ ਦਿਖਾਉਂਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ।

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਇਸ ਵਾਰ ਵੀ ਭਲਕੇ 7 ਸਤੰਬਰ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਸਜੇਗਾ। ਇਸ ਮੌਕੇ ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਾਏ ਜਾਣਗੇ, ਜਿਸ ’ਚ ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ ਅਤੇ ਸ਼ਾਮ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਪਾਵਨ ਦਿਹਾੜੇ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਖੂਬਸੂਰਤ ਸਜ਼ਾਵਟ ਕੀਤੀ ਗਈ ਹੈ।
 


Anuradha

Content Editor

Related News