ਅਜਨਾਲਾ ਘਟਨਾ ’ਤੇ ਬੋਲੇ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਖਲ ਦੇਣ ਦੀ ਮੰਗ

Sunday, Feb 26, 2023 - 06:33 PM (IST)

ਅਜਨਾਲਾ ਘਟਨਾ ’ਤੇ ਬੋਲੇ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਖਲ ਦੇਣ ਦੀ ਮੰਗ

ਜਲੰਧਰ/ਬੇਗੋਵਾਲ (ਰਜਿੰਦਰ) : ਅਜਨਾਲਾ ਥਾਣੇ ’ਤੇ ਕੀਤੇ ਗਏ ਹਮਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵੱਜੋਂ ਵਰਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਵਿਚ ਦਖ਼ਲ ਦੇ ਕੇ ਪ੍ਰਭਾਵੀ ਕਾਰਵਾਈ ਕਰਨ। ਬੀਬੀ ਜਗੀਰ ਕੌਰ ਨੇ ਇੱਥੋਂ ਜਾਰੀ ਕੀਤੇ ਇਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਆਪਣੇ ਸਾਥੀਆਂ ਨੂੰ ਪੁਲਸ ਜ਼ਬਰ ਤੋਂ ਛਡਵਾਉਣ ਲਈ ਸੰਘਰਸ਼ ਕਰਨਾ ਇਕ ਵੱਖਰੀ ਗੱਲ ਹੈ ਪਰ ਇਸ ਕੰਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਥਾਣੇ ਲੈ ਕੇ ਜਾਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰਸਤਿਆਂ ਵਿਚ ਸਿਰਫ ਨਗਰ ਕੀਰਤਨਾਂ ਦੌਰਾਨ ਹੀ ਲੈ ਕੇ ਜਾਇਆ ਜਾ ਸਕਦਾ ਹੈ ਜਦੋਂ ਸਾਰੇ ਰਸਤੇ ਵਿਚ ਪਾਤਸ਼ਾਹ ਦੇ ਲੰਘਣ ਲਈ ਸਾਫ-ਸਫਾਈ ਕੀਤੀ ਹੋਵੇ ਤੇ ਧਾਰਮਿਕ ਰੁਹ-ਰੀਤਾਂ ਨਾਲ ਪ੍ਰਬੰਧ ਕੀਤੇ ਹੋਣ।

ਇਹ ਵੀ ਪੜ੍ਹੋ : ਅਜਨਾਲਾ ਝੜਪ ’ਤੇ ਬੋਲੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਦਿੱਤਾ ਵੱਡਾ ਬਿਆਨ

ਉਨ੍ਹਾਂ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਇਸ ਘਟਨਾ ਨੂੰ ਸਾਰੀ ਦੁਨੀਆ ਨੇ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਇਹ ਘਟਨਾ ਗੁਰੂ ਸਾਹਿਬ ਜੀ ਦੀ ਬੇਅਦਬੀ ਤੋਂ ਘੱਟ ਨਹੀਂ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਛੱਲਣੀ ਹੋਏ ਹਿਰਦਿਆਂ ਨੂੰ ਠਾਰਨ ਲਈ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਿੱਖ ਮਰਿਆਦਾ ਨਾਲ ਕਾਰਵਾਈ ਕੀਤੀ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦੁਨੀਆ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਵਾਲੂੰਧਰੇ ਗਏ ਹਨ ਜਦੋਂ ਬਿਨ੍ਹਾਂ ਕਿਸੇ ਧਾਰਮਿਕ ਸਮਾਗਮ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਵੱਜੋਂ ਵਰਤਿਆ ਗਿਆ ਹੈ। ਇਸ ਘਟਨਾ ਨੇ ਸਿੱਖ ਕੌਮ ਨੂੰ ਧੁਰ ਅੰਦਰੋਂ ਹਿਲਾ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ : ਅਜਨਾਲਾ ਝੜਪ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਖੀ ਇਹ ਗੱਲ

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਸਿੱਖ ਪੰਥ ਨੇ ਅਨੇਕਾਂ ਜੰਗਾਂ-ਯੁੱਧਾਂ ਤੇ ਲਹੂ ਵੀਟਵੇ ਸੰਘਰਸ਼ਾਂ ਵਿਚ ਹਿੱਸਾ ਲੈਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰਕੇ ਓਟ ਆਸਰਾ ਲਿਆ ਪਰ ਕਦੇ ਵੀ ਇਸ ਢਾਲ ਦੇ ਰੂਪ ਵਿਚ ਨਹੀਂ ਵਰਤਿਆ। ਇਸ ਘਟਨਾ ਨਾਲ ਸਿੱਖ ਕੌਮ ਨੂੰ ਵੱਡਾ ਸਦਮਾ ਲੱਗਾ ਹੈ। ਗੁਰੂ ਸਾਹਿਬ ਦੀ ਹਾਜ਼ਰੀ ਵਿਚ ਹਿੰਸਾ ਨਹੀਂ ਕਰਨੀ ਚਾਹੀਦੀ ਸੀ ਜਦ ਕਿ ਗੁਰਬਾਣੀ ਸਰਬੱਤ ਦੇ ਭਲੇ ਦਾ ਸੁਨੇਹਾ ਦਿੰਦੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਮੁਫਤ ਬਿਜਲੀ ਯੋਜਨਾ ’ਤੇ ਮੰਡਰਾਏ ਖ਼ਤਰੇ ਦੇ ਬੱਦਲ, ਉਪਭੋਗਤਾ ਨੂੰ ਲੱਗ ਸਕਦੈ ਵੱਡਾ ਝਟਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News