ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਖ਼ਤ ਚਿਤਾਵਨੀ

Wednesday, Jul 14, 2021 - 01:26 PM (IST)

ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਖ਼ਤ ਚਿਤਾਵਨੀ

ਅੰਮ੍ਰਿਤਸਰ (ਦੀਪਕ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਭਾਈ ਗੁਰਦਾਸ ਹਾਲ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ ਅਤੇ ਚਿਤਾਵਨੀ ਦਿੱਤੀ ਕਿ ਪ੍ਰਬੰਧ ਵਿੱਚ ਕਿਸੇ ਕਿਸਮ ਦੀ ਕੁਤਾਹੀ ਵਰਤਣ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ ਅਤੇ ਸੰਗਤਾਂ ਦੇਸ਼ ਦੁਨੀਆ ਤੋਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਲਈ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਤੋਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ, ਇਸ ਲਈ ਮੈਨੇਜਰ ਅਤੇ ਹੋਰ ਜ਼ਿੰਮੇਵਾਰ ਅਧਿਕਾਰੀ ਪ੍ਰਬੰਧਾਂ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ। 

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਇਕ 'ਟਵੀਟ' ਨਾਲ ਲਾਏ ਕਈ ਨਿਸ਼ਾਨੇ

ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਗਤਾਂ ਦੀਆਂ ਪ੍ਰਬੰਧਕਾਂ ਪਾਸੋਂ ਵੱਡੀਆਂ ਆਸਾਂ ਹੁੰਦੀਆਂ ਹਨ, ਇਸ ਲਈ ਸੁਚੇਤ ਰਹਿ ਕੇ ਪ੍ਰਬੰਧ ਕਰਨੇ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਵਿਚ ਢਿੱਲ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਵੀ ਆਪਣੀ ਡਿਊਟੀ ਪ੍ਰਤੀ ਜਵਾਬਦੇਹ ਬਣਾਉਣ। ਉਨ੍ਹਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਕਿਸੇ ਵੀ ਤਰ੍ਹਾਂ ਦੀ ਅਨੈਤਿਕ ਕਾਰਵਾਈ ਵਿਚ ਜਾਂ ਫਿਰ ਨਸ਼ਾਖੋਰੀ ਵਿਚ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਸਬੰਧਤ ਗੁਰਦੁਆਰਾ ਸਾਹਿਬ ਦਾ ਮੈਨੇਜਰ ਵੀ ਜਵਾਬ-ਦੇਹ ਹੋਵੇਗਾ। 

ਇਹ ਵੀ ਪੜ੍ਹੋ : ਹੋਟਲ-ਰੈਸਟੋਰੈਂਟ ’ਚ ਖਾਣਾ ਖਾਣ ਵਾਲੇ ਸਾਵਧਾਨ, ਬਿਨਾਂ ਵੈਕਸੀਨ ਸਰਟੀਫ਼ਿਕੇਟ ਗਏ ਤਾਂ ਹੋਵੇਗੀ ਕਾਰਵਾਈ

ਮਹਾਨਕੋਸ਼ ਛਾਪਣ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਸ਼੍ਰੋਮਣੀ ਕਮੇਟੀ ਨਾਲ ਕਰੇ ਰਾਬਤਾ ਕਾਇਮ
ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਦੇ ਸਬੰਧ ਵਿਚ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਕਿਹਾ ਕਿ ਮਹਾਨਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨਕੋਸ਼ ਦੀ ਦੁਬਾਰਾ ਛਪਾਈ ਸਮੇਂ ਬਹੁਤ ਸਾਰੀਆਂ ਗ਼ਲਤੀਆਂ ਉਜਾਗਰ ਹੋਈਆਂ ਸਨ, ਜਿਸ ’ਤੇ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਇਤਰਾਜ਼ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਦੀ ਵਿਕਰੀ ’ਤੇ ਰੋਕ ਲਗਾ ਦਿੱਤੀ ਗਈ ਸੀ। ਬਾਅਦ ਵਿਚ ਯੂਨੀਵਰਸਿਟੀ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਫ਼ੈਸਲਾ ਹੋਇਆ ਸੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਜੀ ਦਾ ਮਹਾਨਕੋਸ਼ ਸਿੱਖ ਜਗਤ ਨਾਲ ਸਬੰਧਤ ਅਹਿਮ ਦਸਤਾਵੇਜ਼ ਹੈ, ਜਿਸ ਵਿਚ ਗੁਰਮਤਿ ਦੇ ਸਿਧਾਂਤ ਅਨੁਸਾਰ ਵੱਖ-ਵੱਖ ਵਿਸ਼ਿਆਂ ਬਾਰੇ ਜ਼ਿਕਰ ਹੈ। ਇਹ ਸਿੱਖ ਕੌਮ ਦੀ ਵਿਰਾਸਤ ਹੈ ਅਤੇ ਇਸ ਦਾ ਮੂਲ ਰੂਪ ਵਿਚ ਸੁਰੱਖਿਅਤ ਰਹਿਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਮਹਾਨਕੋਸ਼ ਦਾ ਕੰਮ ਕਰਨ ਅਤੇ ਇਸ ਨੂੰ ਮੁੜ ਛਾਪਣ ਲਈ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੇ ਵਿਵਾਦ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਜ਼ਰੂਰ ਪੜ੍ਹਨ ਇਹ ਖ਼ਾਸ ਰਿਪੋਰਟ

ਨੋਟ : ਇਸ ਖਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਆਪਣਾ ਜੁਆਬ


author

Harnek Seechewal

Content Editor

Related News