ਬੀਬੀ ਜਗੀਰ ਕੌਰ ਖ਼ਿਲਾਫ਼ ਅਕਾਲੀ ਦਲ ਦੀ ਵੱਡੀ ਕਾਰਵਾਈ, ਪਾਰਟੀ ’ਚੋਂ ਕੀਤਾ ਗਿਆ ਮੁਅੱਤਲ
Wednesday, Nov 02, 2022 - 06:27 PM (IST)
ਚੰਡੀਗੜ੍ਹ : ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਨੇ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਖ਼ਿਲਾਫ਼ ਇਹ ਵੱਡੀ ਕਾਰਵਾਈ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਕੀਤੀ ਗਈ ਹੈ। ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ’ਚੋਂ ਮੁਅੱਤਲ ਕੀਤਾ ਹੈ। ਇਸ ਤੋਂ ਇਲਾਵਾ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਤੋਂ 48 ਘੰਟਿਆਂ ਵਿਚ ਜਵਾਬ ਮੰਗਿਆ ਹੈ। ਪਾਰਟੀ ਨੇ ਆਖਿਆ ਹੈ ਕਿ ਬੀਬੀ ਜਗੀਰ ਕੌਰ 48 ਘੰਟਿਆਂ ਦੌਰਾਨ ਪਾਰਟੀ ਪੱਧਰ ’ਤੇ ਆਪਣੀ ਗੱਲ ਰੱਖ ਸਕਦੇ ਹਨ। ਇਸ ਤੋਂ ਇਲਾਵਾ ਉਹ ਮੀਡੀਆ ਵਿਚ ਐੱਸ. ਜੀ. ਪੀ. ਸੀ. ਚੋਣਾਂ ਤੋਂ ਪੈਰ ਪਿਛਾਂਹ ਖਿੱਚਣ ਦਾ ਵੀ ਐਲਾਨ ਵੀ ਕਰਨ, ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਪਾਰਟੀ ਉਨ੍ਹਾਂ ਖ਼ਿਲਾਫ਼ ਇਸ ਤੋਂ ਸਖ਼ਤ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਦੇਸ਼ ਛੱਡਣ ਦੇ ਦਿੱਤੇ ਅਲਟੀਮੇਟਮ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਪਾਰਟੀ ਫ਼ੈਸਲੇ ਤੋਂ ਬਾਹਰ ਜਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਉਨ੍ਹਾਂ ਨੂੰ ਮਨਾਉਣ ਦੇ ਯਤਨ ਵੀ ਕੀਤੇ ਪਰ ਉਨ੍ਹਾਂ ਆਪਣੇ ਫ਼ੈਸਲੇ ’ਤੇ ਕਾਇਮ ਰਹਿਣ ਦਾ ਐਲਾਨ ਕਰ ਦਿੱਤਾ ਸੀ। ਉਸ ਤੋਂ ਬਾਅਦ ਅੱਜ ਪਾਰਟੀ ਦੇ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।