ਨਾਜਾਇਜ਼ ਮਾਈਨਿੰਗ ’ਤੇ MP ਬਿੱਟੂ ਦੀ ਛਾਪੇਮਾਰੀ, ‘ਆਪ’ ਸਰਕਾਰ ’ਤੇ ਲਾਏ ਵੱਡੇ ਇਲਜ਼ਾਮ
Tuesday, Nov 08, 2022 - 10:00 PM (IST)
ਸਿੱਧਵਾਂ ਬੇਟ (ਚਾਹਲ)-ਸਤਲੁਜ ਦਰਿਆ ਅੰਦਰ ਰਾਤ ਸਮੇਂ ਧੜੱਲੇ ਨਾਲ ਹੋ ਰਹੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਛਾਪੇਮਾਰੀ ਕਰਦਿਆਂ ਸੂਬਾ ਸਰਕਾਰ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਏ ਹਨ। ਕਾਂਗਰਸ ਦੇ ਐੱਮ. ਪੀ. ਰਵਨੀਤ ਬਿੱਟੂ ਨੇ ਬੀਤੀ ਰਾਤ 1 ਵਜੇ ਦੇ ਕਰੀਬ ਜਗਰਾਓਂ ਹਲਕੇ ਦੇ ਪਿੰਡ ਬਹਾਦਾਰਕੇ ਨੇੜੇ ਹੋ ਰਹੀ ਨਾਜਾਇਜ਼ ਮਾਈਨਿੰਗ ਉੱਤੇ ਛਾਪੇਮਾਰੀ ਕਰਕੇ ਇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਤਾਂ ਲੋਕਾਂ ਨੂੰ ਪਤਾ ਲੱਗ ਸਕੇ ਕਿ ਇਹ ਮਾਈਨਿੰਗ ਕਿਹੜੇ ਲੋਕਾਂ ਦੀ ਸਰਪ੍ਰਸਤੀ ਹੇਠ ਹੋ ਰਹੀ ਹੈ। ਇਸ ਛਾਪੇਮਾਰੀ ਦੌਰਾਨ ਐੱਮ. ਪੀ. ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪ੍ਰਸ਼ਾਸਨ ਉੱਤੇ ਸਵਾਲ ਖੜ੍ਹੇ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਦਾ ਬੀਬੀ ਜਗੀਰ ਕੌਰ ਬਾਰੇ ਵੱਡਾ ਬਿਆਨ, ਮੂਸੇਵਾਲਾ ਦੇ ਨਵੇਂ ਗੀਤ ਨੇ ਪਾਈ ਧੱਕ, ਪੜ੍ਹੋ Top 10
ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਤਲੁਜ ਦਰਿਆ ਅੰਦਰ ਰਾਤ ਸਮੇਂ ਸ਼ਰੇਆਮ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਅਤੇ ਰੋਕਣ ਵਾਲੇ ਲੋਕਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੇਤ ਮਾਫ਼ੀਆ ਨੂੰ ਖ਼ਤਮ ਕਰਕੇ ਲੋਕਾਂ ਨੂੰ ਸਸਤੀ ਰੇਤ ਦੇਣ ਦੀ ਗਾਰੰਟੀ ਦਿੱਤੀ ਗਈ ਸੀ ਪਰ ਹੁਣ ਰੇਤ ਸਸਤੀ ਮਿਲਣ ਦੀ ਬਜਾਇ ਲੋਕਾਂ ਨੂੰ ਰੇਤ ਦੇ ਦਰਸ਼ਨ ਕਰਨੇ ਵੀ ਮਹਿੰਗੇ ਹੋ ਗਏ ਹਨ। ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦੇ ਹੋਏ ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੈਰਾਨੀ ਹੋਈ ਕਿ ਇਹ ਸਰਕਾਰ ਦੀ ਮਨਜ਼ੂਰਸ਼ੁਦਾ ਖੱਡ ਵੀ ਨਹੀਂ ਹੈ ਤੇ ਇੱਥੇ ਵੱਡੇ ਪੱਧਰ ਉੱਤੇ ਸ਼ਰੇਆਮ ਰੇਤ ਦੀ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ (ਵੀਡੀਓ)
ਉਨ੍ਹਾਂ ਦੱਸਿਆ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਉਨ੍ਹਾਂ ਦੀਆਂ ਗੱਡੀਆਂ ਆ ਰਹੀਆਂ ਹਨ, ਜਿਸ ਕਾਰਨ ਟਰੈਕਟਰਾਂ ਨਾਲ ਮਿੱਟੀ ਦੇ ਵੱਡੇ-ਵੱਡੇ ਢੇਰ ਲਾ ਕੇ ਉਨ੍ਹਾਂ ਦਾ ਰਸਤਾ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਮਾਈਨਿੰਗ ਹੋਣ ਨਾਲ ਪਿੰਡਾਂ ਦੇ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਨੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਕ ਵਾਰ ਇਥੇ ਜ਼ਰੂਰ ਆ ਕੇ ਵੇਖਣ ਕਿ ਕੀ ਇਥੇ ਕਿਸ ਤਰ੍ਹਾਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ਅਤੇ ਇਹ ਨਾਜਾਇਜ਼ ਮਾਈਨਿੰਗ ਰਾਤ ਸਮੇਂ ਕੀਤੀ ਜਾ ਰਹੀ ਹੈ। ਐੱਮ. ਪੀ. ਬਿੱਟੂ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਡਿਪਟੀ ਕਮਿਸ਼਼ਨਰ ਤੇ ਐੱਸ. ਐੱਸ. ਪੀ. ਜਗਰਾਓਂ ਨੂੰ ਲਿਖਤੀ ਸ਼ਕਾਇਤ ਭੇਜ ਕੇ ਇਸ ਦੀ ਜਾਂਚ ਕਰਨ ਦੀ ਮੰਗ ਕਰਨਗੇ।