ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਬੀ. ਡੀ. ਪੀ. ਓ. ਖੰਨਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

12/16/2023 5:05:19 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ. ਪੀ. ਓ.) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀ. ਡੀ. ਪੀ. ਓ. ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ ’ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ. ਡੀ. ਪੀ. ਓ.), ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ ਡੀ. ਡੀ. ਪੀ. ਓ. ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ’ਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਦੇ ਆਧਾਰ ’ਤੇ ਕੁਲਵਿੰਦਰ ਸਿੰਘ ਰੰਧਾਵਾ ਬੀ. ਡੀ. ਪੀ. ਓ. ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਅਕਾਲੀ ਨੇਤਾ ਭਾਜਪਾ ਦੀ ਛਤਰੀ ’ਤੇ ਮੰਡਰਾਉਣ ਲੱਗੇ!, ਛੇਤੀ ਸ਼ਾਮਲ ਹੋਣ ਦੀਆਂ ਕਨਸੋਆਂ

ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐੱਸ. ਏ. ਐੱਸ. ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ’ਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ’ਤੇ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਪੰਜ ਸਿੰਘ ਸਹਿਬਾਨ ਨੇ ਜਾਰੀ ਕੀਤਾ ਗੁਰਮਤਾ, ਲਾਵਾਂ-ਫੇਰਿਆਂ ਮੌਕੇ ਲੜਕੀ ਦੇ ਲਹਿੰਗਾ ਪਹਿਨਣ ’ਤੇ ਲਗਾਈ ਰੋਕ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha