26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਡਾ ਐਲਾਨ, ਪੜ੍ਹੋ ਪੂਰਾ ਮਾਮਲਾ

Tuesday, Nov 25, 2025 - 01:33 PM (IST)

26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਡਾ ਐਲਾਨ, ਪੜ੍ਹੋ ਪੂਰਾ ਮਾਮਲਾ

ਤਰਨਤਾਰਨ (ਆਹਲੂਵਾਲੀਆ)- ਇਤਿਹਾਸਕ ਜੇਤੂ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ’ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਾਰੇ ਦੇਸ਼ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਪੰਜਾਬ ਵੱਲੋਂ 26 ਨਵੰਬਰ ਯਾਨੀ ਭਲਕੇ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਵੱਡੀ ਕਿਰਤੀ ਕਿਸਾਨ ਰੈਲੀ ਕੀਤੀ ਜਾਵੇਗੀ। ਇਸ ਦੀ ਤਿਆਰੀ ਸਬੰਧੀ ਕੁੱਲ ਹਿੰਦ ਕਿਸਾਨ ਸਭਾ ਸੂਬਾ ਕੌਂਸਲ ਦੀ ਮੀਟਿੰਗ ਸੂਬਾਈ ਵਰਕਿੰਗ ਪ੍ਰਧਾਨ ਮਹਾਂਬੀਰ ਸਿੰਘ ਗਿੱਲ ਤੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਬਲਕਾਰ ਸਿੰਘ ਵਲਟੋਹਾ ਤੇ ਸਕੱਤਰ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਵਿੱਚੋਂ ਜਥੇਬੰਦੀ ਦੇ ਲੱਗੇ ਕੋਟੇ ਅਨੁਸਾਰ ਕਿਸਾਨ ਸਾਥੀ ਜੋਸ਼ੋ ਖਰੋਸ਼ ਨਾਲ ਪਹੁੰਚਣਗੇ ।

ਇਹ ਵੀ ਪੜ੍ਹੋ- ਪੰਜਾਬ: 10 ਤੇ 20 ਰੁਪਏ ਦੇ ਨਵੇਂ ਨੋਟਾਂ ਦੀ ਹੋ ਰਹੀ ਬਲੈਕ, ਬੈਂਕ ਅਧਿਕਾਰੀ ਕਰ ਰਹੇ...

ਉਨ੍ਹਾਂ ਪੰਜਾਬ ਸਰਕਾਰ ਤੇ ਖਾਸਕਰ ਕੇਂਦਰ ਸਰਕਾਰ ਦੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਮੌਕੇ ਤਿੰਨ ਲੋਕ ਦੋਖੀ ਕਾਨੂੰਨ ਵਾਪਸ ਲੈਣ ਸਮੇਂ ਵਾਅਦਾ ਕੀਤਾ ਸੀ ਕਿ ਸਾਰੀਆਂ ਫਸਲਾਂ ’ਤੇ ਐੱਮ.ਐੱਸ.ਪੀ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਦਿੱਤੀ ਜਾਵੇਗੀ ਪਰ ਮਾਮਲਾ ਜਿਉਂ ਦਾ ਤਿਉਂ ਪਿਆ ਹੈ। ਉਲਟਾ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਕਬਜ਼ੇ ਵਿੱਚ ਲੈਣ ਤੇ ਪੰਜਾਬ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨੂੰ ਵੀ ਪੰਜਾਬ ਹਵਾਲੇ ਕਰਨ ਦੀ ਬਜਾਏ ਪੂਰੀ ਤਰ੍ਹਾਂ ਕਬਜ਼ੇ ਵਿੱਚ ਕੀਤਾ ਜਾ ਰਿਹਾ ਹੈ। ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਪੰਜਾਬ ਦੀਆਂ ਖੇਤੀ ਜਿਣਸਾਂ ਦਾ ਪਾਕਿਸਤਾਨ ਨਾਲ ਵਪਾਰ ਵਾਹਘਾ ਬਾਰਡਰ ਤੇ ਹੁਸੈਨੀਵਾਲਾ ਬਾਰਡਰ ਰਾਹੀਂ ਕਰਨ ਦੀ ਬਜਾਏ ਗੁਜਰਾਤ ਰਾਹੀਂ ਕੀਤਾ ਜਾ ਰਿਹਾ ਹੈ ਜਿਸ ਨਾਲ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ 'ਤੇ ਵਪਾਰੀਆਂ ਨੂੰ ਵੱਡਾ ਘਾਟਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਮੈਰਿਜ ਪੈਲੇਸਾਂ ਵਿਚ ਵਰਤਾਈ ਜਾਣ ਵਾਲੀ ਸ਼ਰਾਬ ਦੇ ਰੇਟ ਨੂੰ ਲੈ ਕੇ ਪੈ ਗਿਆ ਰੌਲਾ, ਪੜ੍ਹੋ ਕੀ ਹੈ ਮਾਮਲਾ

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਕਾਨੂੰਨੀ ਸੋਧ ਕਰ ਕੇ ਚੰਡੀਗੜ੍ਹ ਨੂੰ ਪੱਕੇ ਤੌਰ ’ਤੇ ਪੰਜਾਬ ਤੋਂ ਖੋਹਣ ਦੀ ਤਜਵੀਜ਼ ਦੀ ਸਖ਼ਤ ਨਿੰਦਾ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਕਾਂਗਰਸ ਸਰਕਾਰਾਂ ਨਾਲੋਂ ਵੀ ਕਿਤੇ ਵੱਧ ਪੰਜਾਬ ਦੁਸ਼ਮਣ ਸਾਬਤ ਹੋ ਰਹੀ ਹੈ। ਇਹ ਧੱਕਾ ਪੰਜਾਬੀ ਕਦੇ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਪੂਰੇ ਨੁਕਸਾਨ ਦਾ ਮੁਆਵਜ਼ਾ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ। ਇਸ ਲਈ ਪ੍ਰਤੀ ਏਕੜ ਸੱਤਰ ਹਜ਼ਾਰ ਰੁਪਏ ਤੇ ਪ੍ਰਤੀ ਘਰ ਤਬਾਹੀ ਦੇ ਦਸ ਲੱਖ ਸਮੇਤ ਇਹਨਾਂ ਪਿੰਡਾਂ ਦੇ ਵਸਨੀਕਾਂ ਨੂੰ ਘੱਟੋ ਘੱਟ ਇੱਕ ਲੱਖ ਰੁਪਏ ਮਦਦ ਦਿੱਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਨਵੀਨਰ ਬਲਦੇਵ ਸਿੰਘ ਧੂੰਦਾ, ਜਥੇਬੰਦਕ ਸਕੱਤਰ ਦਵਿੰਦਰ ਸੋਹਲ,ਪਰਮਜੀਤ ਸਿੰਘ ਚੋਹਲਾ, ਰਣਜੀਤ ਸਿੰਘ ਬਹਾਦਰ ਨਗਰ, ਕੁਲਬੀਰ ਸਿੰਘ ਕਸੇਲ, ਸੁਖਦੇਵ ਸਿੰਘ ਮਾਨੋਚਾਹਲ, ਅਵਤਾਰ ਸਿੰਘ ਪਲਾਸੌਰ , ਜਗਜੀਤ ਸਿੰਘ ਮੰਨਣ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਹੋਟਲ ’ਚ ਔਰਤ ਦਾ ਕਤਲ ਕਰਨ ਦੇ ਮਾਮਲੇ 'ਚ ਵੱਡਾ ਖੁਲਾਸਾ, ਫੜੇ ਗਏ ਮੁਲਜ਼ਮ ਨੇ ਦੱਸੀ ਇਹ ਵਜ੍ਹਾ


author

Shivani Bassan

Content Editor

Related News