ਪੰਜਾਬ ਦੇ ਲੋਕਾਂ ਨੂੰ ਜਲਦ ਮਿਲਣਗੇ ਗੱਫੇ, ਹੋ ਗਿਆ ਵੱਡਾ ਐਲਾਨ

Tuesday, Nov 19, 2024 - 03:48 PM (IST)

ਫਾਜ਼ਿਲਕਾ (ਸੁਖਵਿੰਦਰ ਥਿੰਦ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ 'ਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਖਿਆ ਹੈ ਕਿ ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਸਮਾਗਮ ਦੌਰਾਨ ਆਪਣੇ ਸੰਬੋਧਨ 'ਚ ਐਲਾਨ ਕੀਤਾ ਕਿ ਉਨ੍ਹਾਂ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਜਿਨ੍ਹਾਂ ਪਿੰਡਾਂ 'ਚ ਐੱਸ. ਸੀ. ਆਬਾਦੀ 50 ਫ਼ੀਸਦੀ ਤੋਂ ਵੱਧ ਹੈ, ਨੂੰ ਪ੍ਰਤੀ ਪਿੰਡ 20 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ

ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਫਾਜ਼ਿਲਕਾ ਦੇ 40 ਪਿੰਡ ਆਉਂਦੇ ਹਨ ਅਤੇ ਇਸ ਤਹਿਤ ਗ੍ਰਾਂਟ ਦੀ ਪਹਿਲੀ ਕਿਸ਼ਤ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਤੋਂ ਬਿਨਾਂ ਜਿਨ੍ਹਾਂ ਪਿੰਡਾਂ 'ਚ ਸਰਵ ਸੰਮਤੀ ਨਾਲ ਚੋਣਾਂ ਹੋਈਆਂ ਹਨ, ਉਨ੍ਹਾਂ ਨੂੰ ਵੀ ਵਿਸ਼ੇਸ਼ ਗ੍ਰਾਂਟ ਮਿਲੇਗੀ। ਨਾਲ ਹੀ ਉਨ੍ਹਾਂ ਨੇ ਪਿੰਡਾਂ 'ਚ ਭਾਈਚਾਰਾ ਮਜ਼ਬੂਤ ਕਰਨ ਅਤੇ ਜਾਤ-ਪਾਤ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਹੜੇ ਪਿੰਡ ਸਾਂਝਾ ਸਮਸ਼ਾਨ ਘਾਟ ਬਣਾਉਣਗੇ, ਉਨ੍ਹਾਂ ਪਿੰਡਾਂ ਨੂੰ ਵੀ 5 ਲੱਖ ਰੁਪਏ ਦੀ ਗ੍ਰਾਂਟ ਉਨ੍ਹਾਂ ਦੇ ਵਿਭਾਗ ਵੱਲੋਂ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਪਰ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਦਾ ਪੈਸਾ ਲੋਕਾਂ 'ਤੇ ਲੱਗੇ।

ਇਹ ਵੀ ਪੜ੍ਹੋ : ਚਾਹ ਨੇ ਖੋਲ੍ਹ 'ਤੇ ਕਿਸਾਨ ਦੇ ਭਾਗ! ਪਹਿਲੀ ਵਾਰ 'ਚ ਹੀ ਬਣਿਆ ਲੱਖਪਤੀ

ਉਨ੍ਹਾਂ ਨੇ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਦੇ ਵਿਕਾਸ 'ਚ ਪੰਚ-ਸਰਪੰਚ ਦੀ ਸਭ ਤੋਂ ਵੱਡੀ ਭੂਮਿਕਾ ਹੁੰਦੀ ਹੈ ਅਤੇ ਲੋਕਾਂ ਨੇ ਤੁਹਾਡੇ 'ਤੇ ਵਿਸਵਾਸ਼ ਜਤਾਇਆ ਹੈ ਤਾਂ ਹੁਣ ਤੁਹਾਡੀ ਜ਼ਿੰਮੇਵਾਰੀ ਹੈ ਕਿ ਲੋਕਾਂ ਦੇ ਵਿਸਵਾਸ਼ 'ਤੇ ਖਰਾ ਉਤਰੋ। ਉਨ੍ਹਾਂ ਨੇ ਇਸ ਮੌਕੇ ਪੰਚ-ਸਰਪੰਚ ਬਣੀਆਂ ਔਰਤਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਪੰਚਾਇਤ ਦੇ ਕੰਮਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ। ਇਸ ਮੌਕੇ ਜ਼ਿਲ੍ਹੇ ਦੇ ਪੰਜਾਂ ਬਲਾਕਾਂ ਦੇ ਪੰਚਾਂ ਨੂੰ ਕੈਬਨਿਟ ਮੰਤਰੀ ਨੇ ਸਹੁੰ ਚੁਕਾਈ, ਜਦ ਕਿ ਸਰਪੰਚਾਂ ਨੂੰ ਪਿਛਲੇ ਦਿਨੀਂ ਹੋਏ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਹੁੰ ਚੁਕਾਈ ਸੀ। ਇਸ ਤੋਂ ਪਹਿਲਾਂ ਬੋਲਦਿਆਂ ਫਾਜ਼ਿਲਕਾ ਦੇ ਵਿਧਾਇਕ  ਨਰਿੰਦਰ ਪਾਲ ਸਿੰਘ ਸਵਨਾ ਨੇ ਸਭ ਨੂੰ 'ਜੀ ਆਇਆਂ ਨੂੰ' ਆਖਿਆ ਅਤੇ ਪੰਚਾਂ ਤੇ ਸਰਪੰਚਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News