5 ਮਾਰਚ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

Sunday, Feb 16, 2025 - 09:55 AM (IST)

5 ਮਾਰਚ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ (ਅੰਕੁਰ) : ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੀ ਅਹਿਮ ਮੀਟਿੰਗ ਕਿਸਾਨ ਭਵਨ ਵਿਖੇ ਬੂਟਾ ਸਿੰਘ ਬੁਰਜ ਗਿੱਲ, ਰੁਲਦੂ ਸਿੰਘ ਮਾਨਸਾ ਅਤੇ ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕੇਂਦਰ ਸਰਕਾਰ ਵਲੋਂ ਖੇਤੀ ਮੰਡੀਕਰਨ ਨੂੰ ਲੈ ਕੇ ਲਿਆਂਦੇ ਗਏ ਨਵੇਂ ਕੌਮੀ ਖੇਤੀ ਨੀਤੀ ਖਰੜੇ ਨੂੰ ਰੱਦ ਕਰਵਾਉਣ ਸਮੇਤ ਹੋਰ ਕਿਸਾਨ ਮੰਗਾਂ ਦੀ ਪ੍ਰਾਪਤੀ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 5 ਮਾਰਚ ਤੋਂ ਸੂਬਾਈ ਰਾਜਧਾਨੀ ’ਚ ਲੰਬੀ ਮਿਆਦ ਦੇ ਧਰਨੇ ਦੇਣ ਦੇ ਦਿੱਤੇ ਸੱਦੇ  ਅਮਲੀ ਰੂਪ ’ਚ ਨੇਪਰੇ ਚਾੜ੍ਹਨ ਲਈ ਵਿਓਂਤਬੰਦੀ ਕੀਤੀ ਗਈ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ 5 ਮਾਰਚ ਤੋਂ ਪੰਜਾਬ ਦਾ ਸੰਯੁਕਤ ਕਿਸਾਨ ਮੋਰਚਾ ਚੰਡੀਗੜ੍ਹ ਵਿਖੇ ਲੰਬੀ ਮਿਆਦ ਦਾ ਧਰਨਾ ਸ਼ੁਰੂ ਕਰ ਕੇ ਮੰਗ ਕਰੇਗਾ ਕਿ ਪੰਜਾਬ ਸਰਕਾਰ ਇਸ ਨਵੇਂ ਕੌਮੀ ਖੇਤੀ ਨੀਤੀ ਖਰੜੇ ਨੂੰ ਵਿਧਾਨ ਸਭਾ ’ਚ ਮਤਾ ਪਾ ਕੇ ਰੱਦ ਕਰਨ ਦੇ ਨਾਲ-ਨਾਲ ਪੰਜਾਬ ਦੇ ਕਿਸਾਨਾਂ ਨੂੰ ਬਾਸਮਤੀ, ਆਲੂ, ਮੱਕੀ, ਮਟਰ ਤੇ ਗੋਭੀ ਆਦਿ ਦੀ ਐੱਮ. ਐੱਸ. ਪੀ. ’ਤੇ ਖ਼ਰੀਦ ਯਕੀਨੀ ਬਣਾਵੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਕੈਨੇਡਾ ਦਾ ਮੋਸਟ ਵਾਂਟੇਡ! ਕੀਤੀ ਸੀ ਸੋਨੇ ਦੀ ਸਭ ਤੋਂ ਵੱਡੀ ਚੋਰੀ

ਇਸ ਧਰਨੇ ਸਬੰਧੀ ਪ੍ਰਬੰਧਕੀ ਤੇ ਪ੍ਰੈੱਸ ਕਮੇਟੀਆਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਨੇ ਹੁਣ ਤੱਕ ਕਾਰਪੋਰੇਟ ਘਰਾਣਿਆਂ ਦੇ 15 ਲੱਖ ਕਰੋੜ ਦੇ ਕਰੀਬ ਕਰਜ਼ੇ ’ਤੇ ਲੀਕ ਮਾਰੀ ਹੈ ਪਰ ਕਿਸਾਨਾਂ ਮਜ਼ਦੂਰਾਂ ਵਲੋਂ ਸਿਰ ਫੇਰ ਲਿਆ। ਉਸੇ ਤਰ੍ਹਾਂ ਪੰਜਾਬ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚਾ ਨਾਲ 19 ਦਸੰਬਰ, 2023 ਨੂੰ ਕੀਤੀ ਮੀਟਿੰਗ ’ਚ ਸਹਿਕਾਰੀ ਬੈਂਕਾਂ ’ਚ ਨਾਬਾਰਡ ਨਾਲ ਸਲਾਹ-ਮਸ਼ਵਰਾ ਕਰ ਕੇ ਕਮਰਸ਼ੀਅਲ ਬੈਂਕਾਂ ਦੀ ਤਰਜ਼ ’ਤੇ ਵਨ ਟਾਈਮ ਸੈਟਲਮੈਂਟ ਸਕੀਮ ਲਿਆਉਣ ਦਾ ਕੀਤਾ ਵਾਅਦਾ ਵੀ ਵਫ਼ਾ ਨਹੀਂ ਹੋਇਆ। ਚੰਡੀਗੜ੍ਹ ਧਰਨੇ ਦੌਰਾਨ ਸਰਕਾਰ ਨੂੰ ਮੰਨੀ ਹੋਈ ਮੰਗ ਨੂੰ ਲਾਗੂ ਕਰਨ ਲਈ ਕਿਹਾ ਜਾਵੇਗਾ।

ਇਹ ਵੀ ਪੜ੍ਹੋ : ਪ੍ਰਿੰਸੀਪਲ ਤੇ ਅਧਿਆਪਕ ਹੋ ਜਾਣ ਚੌਕੰਨੇ, ਬੇਹੱਦ ਸਖ਼ਤ ਹੋ ਗਈ ਡਿਊਟੀ, ਦੋ-ਟੁੱਕ ਫ਼ਰਮਾਨ ਜਾਰੀ

ਇਸ ਮੌਕੇ ਪੰਜਾਬ ਤੇ ਹਰਿਆਣਾ ’ਚ ਜ਼ਮੀਨ ਹੇਠਲੇ ਪਾਣੀ ਸਬੰਧੀ ਕੇਂਦਰੀ ਕਮਿਸ਼ਨ ਦੀ ਆਈ ਤਾਜ਼ਾ ਰਿਪੋਰਟ ਵੱਲੋਂ ਭਾਰੇ ਤੇ ਜ਼ਹਿਰੀਲੇ ਤੱਤਾਂ ਦੀ ਵੱਧ ਰਹੀ ਮਿਕਦਾਰ ਦੇ ਜ਼ਿਕਰ ਦਾ ਗੰਭੀਰ ਨੋਟਿਸ ਲੈਂਦਿਆਂ ਕਾਰਪੋਰੇਟ ਤੇ ਸਨਅਤ ਵੱਲੋਂ ਕੀਤੇ ਜਾ ਰਹੇ ਪਾਣੀ ਦੇ ਪ੍ਰਦੂਸ਼ਣ ਦੀ ਰੋਕਥਾਮ ਲਈ ਉਪਰਾਲੇ ਜੁਟਾਉਣ ਦੇ ਨਾਲ-ਨਾਲ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਦੇਣ ਦੀ ਮੰਗ ਰੱਖੀ ਹੈ। ਪ੍ਰਧਾਨ ਮੰਤਰੀ ਦੀ ਫ਼ਿਰੋਜ਼ਪੁਰ ਫੇਰੀ ਦੇ ਸਬੰਧ ’ਚ ਕਿਸਾਨਾਂ ’ਤੇ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਕਰਨ ਦੇ ਨਾਲ-ਨਾਲ ਅਖਾੜਾ, ਭੂੰਦੜੀ ਸਮੇਤ ਸੂਬੇ ਭਰ 'ਚ ਬਾਇਓ ਗੈਸ ਫੈਕਟਰੀਆਂ ਖ਼ਿਲਾਫ਼ ਸੰਘਰਸ਼ਸ਼ੀਲ ਲੋਕਾਂ ਖ਼ਿਲਾਫ਼ ਪੁਲਸ ਜ਼ਬਰ ਦੀ ਨਿਖ਼ੇਧੀ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ, ਰਾਮਿੰਦਰ ਸਿੰਘ ਪਟਿਆਲਾ, ਡਾ. ਸਤਨਾਮ ਅਜਨਾਲਾ,ਮਨਜੀਤ ਸਿੰਘ ਧਨੇਰ, ਪ੍ਰੇਮ ਸਿੰਘ ਭੰਗੂ , ਰੂਪ ਬਸੰਤ ਸਿੰਘ, ਗੁਰਮੀਤ ਸਿੰਘ ਮਹਿਮਾ, ਵੀਰ ਸਿੰਘ ਬੜਵਾ, ਬਿੰਦਰ ਸਿੰਘ ਗੋਲੇਵਾਲਾ, ਅਮਰਪ੍ਰੀਤ ਸਿੰਘ, ਸੁਖ ਗਿੱਲ ਮੋਗਾ, ਚਮਕੌਰ ਸਿੰਘ, ਹਰਬੰਸ ਸਿੰਘ ਸੰਘਾ, ਕਿਰਨਜੀਤ ਸਿੰਘ ਸੇਖੋਂ, ਬਲਵਿੰਦਰ ਸਿੰਘ ਮੱਲੀ ਨੰਗਲ ,ਗੁਰਪ੍ਰੀਤ ਸਿੰਘ ,ਸੁਖਮੰਦਰ ਸਿੰਘ, ਵਰਪਾਲ ਸਿੰਘ, ਮੁਕੇਸ਼ ਚੰਦਰ, ਝੰਡਾ ਸਿੰਘ ਜੇਠੂਕੇ, ਵੀਰਪਾਲ ਸਿੰਘ ਢਿੱਲੋਂ ਤੇ ਗੁਰਨਾਮ ਭੀਖੀ ਆਦਿ ਹਾਜ਼ਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News