1 ਤੋਂ 7 ਸਤੰਬਰ ਲਈ ਹੋਇਆ ਵੱਡਾ ਐਲਾਨ, ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ, ਏਅਰਪੋਰਟ ਰੋਡ ਨੇੜੇ ਕਿਸਾਨ...
Tuesday, Aug 25, 2026 - 09:55 AM (IST)
ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ’ਚ ਸੰਯੁਕਤ ਕਿਸਾਨ ਮੋਰਚਾ (ਸਿਆਸੀ) ਵੱਲੋਂ 1 ਤੋਂ 7 ਸਤੰਬਰ ਤੱਕ ਪ੍ਰਸਤਾਵਿਤ ਧਰਨਾ-ਪ੍ਰਦਰਸ਼ਨ ਨੂੰ ਪ੍ਰਸ਼ਾਸਨ ਨੇ ਮਨਜ਼ੂਰੀ ਦੇ ਦਿੱਤੀ ਹੈ। ਕਿਸਾਨਾਂ ਦਾ ਇਹ ਧਰਨਾ ਸੈਕਟਰ-48 ਅਤੇ 49 ਦੇ ਵਿਚਕਾਰ ਏਅਰਪੋਰਟ ਰੋਡ ਨੇੜੇ ਲਾਇਆ ਜਾਵੇਗਾ। ਧਰਨੇ ਦੀ ਮਨਜ਼ੂਰੀ ਮਿਲਣ ਤੋਂ ਪਹਿਲਾਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਦੇ ਐੱਸ. ਐੱਸ. ਪੀ. ਕੰਵਰਦੀਪ ਕੌਰ ਨਾਲ ਮੁਲਾਕਾਤ ਕਰ ਕੇ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ। ਐੱਸ. ਐੱਸ. ਪੀ. ਨਾਲ ਹੋਈ ਅਹਿਮ ਮੀਟਿੰਗ ਤੋਂ ਬਾਅਦ ਰਾਜੇਵਾਲ ਨੇ ਕਿਹਾ ਕਿ ਕਿਸਾਨ ਜੱਥੇਬੰਦੀਆਂ ਪ੍ਰਸ਼ਾਸਨ ਵੱਲੋਂ ਤੈਅ ਕੀਤੇ ਗਏ ਸਾਰੇ ਨਿਯਮਾਂ ਦੀ ਪਾਲਣਾ ਕਰਨਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਧਰਨੇ ਦੌਰਾਨ ਕਿਸੇ ਵੀ ਕੀਮਤ ’ਤੇ ਕਾਨੂੰਨ-ਵਿਵਸਥਾ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਅਧਿਆਪਕਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਰਾਹਤ, 9 ਸਾਲਾਂ ਬਾਅਦ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾਵੇਗਾ ਅਤੇ ਤੈਅ ਨਿਯਮਾਂ ਦੀ ਉਲੰਘਣਾ ਨਹੀਂ ਹੋਵੇਗੀ। ਰਾਜੇਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਸਿਆਸੀ) ਵੱਲੋਂ ਕੇਂਦਰ ਸਰਕਾਰ ਸਾਹਮਣੇ ਕਈ ਅਹਿਮ ਮੰਗਾਂ ਰੱਖੀਆਂ ਜਾਣਗੀਆਂ। ਇਨ੍ਹਾਂ ’ਚ ਕਿਸਾਨਾਂ ਨੂੰ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਪ੍ਰਮੁੱਖ ਹੈ। ਇਸ ਤੋਂ ਇਲਾਵਾ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਵੀ ਅੰਦੋਲਨ ਦੇ ਪ੍ਰਮੁੱਖ ਮੁੱਦਿਆਂ ’ਚ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਜੁੜੇ ਉਕਤ ਮੁੱਦਿਆਂ ਨੂੰ ਲੈ ਕੇ ਕਿਸਾਨਾਂ ’ਚ ਲਗਾਤਾਰ ਰੋਸ ਹੈ ਅਤੇ ਇਸੇ ਦੇ ਮੱਦੇਨਜ਼ਰ ਚੰਡੀਗੜ੍ਹ ’ਚ ਧਰਨਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ
ਉਨ੍ਹਾਂ ਕਿਹਾ ਕਿ 1 ਸਤੰਬਰ ਤੋਂ ਸ਼ੁਰੂ ਹੋਣ ਵਾਲਾ ਪ੍ਰਦਰਸ਼ਨ 7 ਸਤੰਬਰ ਤੱਕ ਚੱਲੇਗਾ। ਇਸ ਦੌਰਾਨ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨਗੇ। ਪ੍ਰਸ਼ਾਸਨ ਵੱਲੋਂ ਧਰਨੇ ਦੀ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਹੁਣ ਕਿਸਾਨ ਜੱਥੇਬੰਦੀਆਂ ਨੇ ਪ੍ਰਦਰਸ਼ਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਉੱਥੇ ਹੀ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਪ੍ਰਬੰਧਾਂ ਤੇ ਟ੍ਰੈਫਿਕ ਪ੍ਰਬੰਧਨ ਨੂੰ ਲੈ ਕੇ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾਣਗੀਆਂ ਤਾਂ ਜੋ ਪ੍ਰਦਰਸ਼ਨ ਦੌਰਾਨ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
