ਪੰਜਾਬ ਵਿਚ 21 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ, ਹਲਚਲ ਵਧੀ

Thursday, Jan 16, 2025 - 02:19 PM (IST)

ਪੰਜਾਬ ਵਿਚ 21 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ, ਹਲਚਲ ਵਧੀ

ਪਟਿਆਲਾ : ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਵਿਚ 101 ਕਿਸਾਨ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ਵਿਚ ਨਹੀਂ ਹੈ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪੰਧੇਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਹੀ ਦੇਸ਼ ਵਿਚ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਲਿਆਂਦਾ ਜਾਵੇਗਾ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਦੇ ਹਿੱਤ ਵਿਚ ਹਨ ਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫ਼ਾ, ਤਨਖਾਹਾਂ ਵਿਚ ਵਾਧਾ

ਦੱਸਣਯੋਗ ਹੈ ਕਿ ਕਿਸਾਨਾਂ ਨੇ ਪਹਿਲਾਂ ਦਸੰਬਰ ਦੇ ਮਹੀਨੇ ਵਿਚ ਤਿੰਨ ਵਾਰ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਸ ਨੇ ਉਨ੍ਹਾਂ ਨੂੰ ਬੈਰੀਕੇਡਾਂ 'ਤੇ ਰੋਕ ਦਿੱਤਾ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਉੱਤੇ 11 ਮਹੀਨਿਆਂ ਤੋਂ MSP ਗਾਰੰਟੀ ਕਾਨੂੰਨ ਅਤੇ ਹੋਰ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ 'ਤੇ 52 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ ਅਤੇ ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਹੁੰਦੀ ਜਾ ਰਹੀ ਹੈ। ਇਸ ਸਭ ਦੇ ਦਰਮਿਆਨ ਉਨ੍ਹਾਂ ਦੇ ਸਮਰਥਨ ਵਿਚ ਬੁੱਧਵਾਰ ਨੂੰ 111 ਕਿਸਾਨ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠ ਗਏ ਜਿਸ ਦਾ ਅੱਜ ਦੂਜਾ ਦਿਨ ਹੈ। ਡਾਕਟਰਾਂ ਅਨੁਸਾਰ, ਭੁੱਖ ਹੜਤਾਲ 'ਤੇ ਬੈਠੇ ਡੱਲੇਵਾਲ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਨੂੰ ਬੋਲਣ ਵਿਚ ਵੀ ਮੁਸ਼ਕਲ ਆ ਰਹੀ ਹੈ। ਹੁਣ ਉਨ੍ਹਾਂ ਦਾ ਸਰੀਰ ਆਪਣੇ ਆਪ ਨੂੰ ਖਾ ਰਿਹਾ ਹੈ ਤੇ ਬਲੱਡ ਪ੍ਰੈਸ਼ਰ ਲਗਾਤਾਰ ਵੱਧ-ਘੱਟ ਹੋ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ

ਇਸ ਸਭ ਦਰਮਿਆਨ ਡੱਲੇਵਾਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ, ਉਦੋਂ ਤੱਕ ਉਹ ਮਰਨ ਵਰਤ ਖ਼ਤਨ ਨਹੀਂ ਕਰਨਗੇ। ਹਾਲਾਂਕਿ, ਸਰਕਾਰ ਨੇ ਮੋਰਚੇ ਦੇ ਨੇੜੇ ਇਕ ਅਸਥਾਈ ਹਸਪਤਾਲ ਬਣਾਇਆ ਹੈ ਅਤੇ ਲਗਭਗ 50 ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਨਿੱਜੀ ਸੰਸਥਾਵਾਂ ਦੇ ਡਾਕਟਰ ਵੀ ਉਨ੍ਹਾਂ ਦੀ ਲਗਾਤਾਰ ਜਾਂਚ ਕਰ ਰਹੇ ਹਨ। ਉਧਰ ਸੰਯੁਕਤ ਕਿਸਾਨ ਮੋਰਚਾ ਨੇ ਵੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਇਸ ਅੰਦੋਲਨ ਦਾ ਸਮਰਥਨ ਕੀਤਾ ਹੈ। ਇਸ ਸਬੰਧੀ ਰਣਨੀਤੀ ਬਣਾਉਣ ਲਈ 18 ਜਨਵਰੀ ਨੂੰ ਕਿਸਾਨ ਆਗੂਆਂ ਦੀ ਮੀਟਿੰਗ ਹੋਵੇਗੀ ਜਿਸ ਵਿਚ ਦੂਜੀ ਵਾਰ ਦਿੱਲੀ ਨੂੰ ਘੇਰਨ ਦੀ ਯੋਜਨਾ ਬਣਾਈ ਜਾਵੇਗੀ। 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਦੇਸ਼ ਭਰ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ : ਸਵੇਰੇ-ਸਵੇਰੇ ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਹ ਪਿੰਡ, ਜਾਂਦੇ ਹੋਏ ਰੱਖ ਗਏ ਮਠਿਆਈ ਦਾ ਡੱਬਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News