ਆਂਗਣਵਾੜੀ ਵਰਕਰਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
Wednesday, Jun 28, 2023 - 04:42 PM (IST)
 
            
            ਦੋਰਾਹਾ (ਵਿਨਾਇਕ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੋਰਾਹਾ ਦੇ ਅਤਿ ਆਧੁਨਿਕ ਹੈਵਨਲੀ ਪੈਲੇਸ ਦਾ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਰਕਾਰੀ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹਣ ਦੇ ਨਾਲ-ਨਾਲ 6000 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਜਲਦੀ ਮੁਕੰਮਲ ਕਰ ਲਈ ਜਾਵੇਗੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਤੋਂ ਇਲਾਵਾ ਖੰਨਾ ਦੇ ਐੱਸ.ਪੀ. ਡਾ. ਪ੍ਰਗਿਆ ਜੈਨ, ਐੱਸ. ਡੀ. ਐੱਮ. ਪਾਇਲ ਜਸਲੀਨ ਕੌਰ ਭੁੱਲਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬੇ ਅੰਦਰ ਨਵੇਂ ਆਂਗਣਵਾੜੀ ਕੇਂਦਰ ਖੋਲ੍ਹਣ ਤੋਂ ਇਲਾਵਾ ਮੌਜੂਦਾ ਇਮਾਰਤਾਂ ਦੀ ਮੁਰੰਮਤ ਵੀ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੀ ਭਰਤੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੂਬਾ ਸਰਕਾਰ ਮੁਲਾਜ਼ਮਾਂ ਨੂੰ ਸਮਾਰਟ ਫ਼ੋਨ ਵੀ ਸੌਂਪੇਗੀ।
ਇਹ ਵੀ ਪੜ੍ਹੋ : ‘ਆਪ’ ਨੇਤਾਵਾਂ ਨੇ ਮੁੱਖ ਮੰਤਰੀ ਨੂੰ ਕਾਰਪੋਰੇਸ਼ਨ ਚੋਣਾਂ 2 ਪੜਾਵਾਂ ’ਚ ਕਰਵਾਉਣ ਦਾ ਸੁਝਾਅ ਦਿੱਤਾ
ਉਨ੍ਹਾਂ ਅੱਗੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ 8.2 ਕਰੋੜ ਰੁਪਏ ਦਾ ਮਾਣ ਭੱਤਾ ਵੀ ਕੁਝ ਦਿਨਾਂ ’ਚ ਜਾਰੀ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਰਾਜ ’ਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਖਾਸ ਕਰਕੇ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਦੀ ਭਲਾਈ ਅਤੇ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਕਸਦ ਇੱਥੇ ਰਹਿੰਦੇ ਬਜ਼ੁਰਗਾਂ ਅਤੇ ਬੱਚਿਆਂ ਲਈ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਰਕਾਰੀ ਕੇਂਦਰਾਂ ’ਚ ਬਿਹਤਰ ਸੇਵਾਵਾਂ ਨੂੰ ਲਾਗੂ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਭਾਰਤੀ ਖੇਤਰ ’ਚੋ ਇੱਕ ਹੋਰ ਪਾਕਿਸਤਾਨੀ ਡਰੋਨ ਬਰਾਮਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            