ਗਰਭਵਤੀ ਔਰਤਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

02/17/2024 6:37:24 PM

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸੂਬੇ ’ਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 52229 ਔਰਤ ਲਾਭਪਾਤਰੀਆਂ ਨੂੰ 25 ਕਰੋੜ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਕੁੜੀ ਪੈਦਾ ਹੋਣ 'ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ’ਚ ਸੁਧਾਰ ਕਰਨਾ ਹੈ। ਮੰਤਰੀ ਨੇ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਅਧੀਨ ਮਾਰਚ 2024 ਤੱਕ ਘੱਟੋ-ਘੱਟ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਰੱਖਿਆ ਗਿਆ ਸੀ, ਜਿਹੜਾ ਕਿ ਵਿਭਾਗ ਵੱਲੋਂ ਨਵੰਬਰ 2023 ਤੱਕ ਹੀ ਪੂਰਾ ਕਰ ਲਿਆ ਸੀ ਅਤੇ ਜਨਵਰੀ 2024 ਤੱਕ ਲਗਭਗ 1 ਲੱਖ 16 ਹਜਾਰ ਔਰਤਾਂ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਪਾਕਿਸਤਾਨ ਤੋਂ ਵਗਣ ਵਾਲੇ ਪਾਣੀ ’ਤੇ ਲੱਗੇਗੀ ਰੋਕ, ਵਧੇਗੀ ਹਰੀਕੇ ਪੱਤਣ ਦੀ ਡੂੰਘਾਈ

ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ’ਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ’ਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ’ਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ’ਚ ਕੀਤੀ ਜਾਂਦੀ ਹੈ, ਜੋ ਆਧਾਰ ਕਾਰਡ ਨਾਲ  ਜੁੜਿਆ ਹੋਣਾ ਲਾਜ਼ਮੀ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 1 ਸੀਟ ’ਤੇ 5-5 ਉਮੀਦਵਾਰਾਂ ਦੀ ਆਏਗੀ ਨੌਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 


Anuradha

Content Editor

Related News