ਪੰਜਾਬ ''ਚ 300 ਯੂਨਿਟ ਮੁਫ਼ਤ ਬਿਜਲੀ ਦਾ ਜਲਦ ਹੋ ਸਕਦੈ ਐਲਾਨ, ਕੇਜਰੀਵਾਲ ਨੂੰ ਅੱਜ ਮਿਲਣਗੇ ਭਗਵੰਤ ਮਾਨ
Tuesday, Apr 12, 2022 - 02:28 PM (IST)
ਜਲੰਧਰ/ਨਵੀਂ ਦਿੱਲੀ (ਕਮਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਜਾ ਰਹੇ ਹਨ। ਭਗਵੰਤ ਮਾਨ ਅੱਜ ਦਿੱਲੀ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। ਸੰਭਾਵਨਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸੇ ਦੌਰਾਨ ਖ਼ਬਰ ਹੈ ਕਿ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵੀ ਬਾਅਦ ਦੁਪਹਿਰ 3 ਵਜੇ ਮੁਲਾਕਾਤ ਕਰਨਗੇ। ਸੂਤਰਾਂ ਮੁਤਾਬਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਆਪਣੀ ਪਹਿਲੀ ਗਾਰੰਟੀ 300 ਯੂਨਿਟ ਮੁਫ਼ਤ ਬਿਜਲੀ ਦਾ ਜਲਦ ਐਲਾਨ ਕਰ ਸਕਦੀ ਹੈ ਅਤੇ ਇਸ ਨੂੰ ਲੈ ਕੇ ਪਾਰਟੀ ਨੇ ਪੂਰਾ ਖਾਕਾ ਵੀ ਤਿਆਰ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਨਵੇਂ ਆਦੇਸ਼ ਜਾਰੀ
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਲਈ ਹੈ, ਜਿਸ ’ਚ ਸੂਬੇ ਨਾਲ ਸਬੰਧਿਤ ਵਿਸ਼ਿਆਂ ’ਤੇ ਗੱਲਬਾਤ ਕੀਤੀ ਜਾਵੇਗੀ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ 'ਆਪ' ਸੁਪਰੀਮੋ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਭਲਕੇ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੀ 300 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ ਅਤੇ ਉਪਰੰਤ ਇਸ ਸਬੰਧੀ ਮੁੱਖ ਮੰਤਰੀ ਮਾਨ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦੇ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਸਕੂਲਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ
ਉਧਰ ਬੀਤੇ ਦਿਨ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਵੀ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਨੇ ਸਵਾਲ ਚੁੱਕੇ ਹਨ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਪੰਜਾਬ ਨੂੰ ਘੇਰਦਿਆਂ ਪੁੱਛਿਆ ਹੈ ਕਿ ਭਗਵੰਤ ਮਾਨ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਗ਼ੈਰ-ਹਾਜ਼ਰੀ ਵਿੱਚ ਇਹ ਮੀਟਿੰਗ ਕਿਹੜੇ ਮਸਲਿਆਂ 'ਤੇ ਹੋਈ ਸੀ। ਦੱਸਣਯੋਗ ਹੈ ਕਿ ਇਸ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੋਂ ਇਲਾਵਾ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਵੀ ਮੌਜੂਦ ਸਨ। ਇਸ ਬੈਠਕ 'ਚ ਸ਼ਾਮਲ ਹੋਏ ਪੰਜਾਬ ਦੇ ਉੱਚ ਅਧਿਕਾਰੀਆਂ ਵਿੱਚ ਪੀ.ਐੱਸ.ਪੀ.ਸੀ.ਐੱਲ ਦੇ ਚੇਅਰਮੈਨ ਬਲਦੇਵ ਸਿੰਘ ਵੀ ਮੌਜੂਦ ਸਨ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ 'ਆਪ' ਮੁਫ਼ਤ ਬਿਜਲੀ ਦੇ ਮਿਸ਼ਨ ਨੂੰ ਲੈ ਕੇ ਤਿਆਰੀ ਖਿੱਚ ਰਹੀ ਹੈ ਅਤੇ ਜਲਦ ਹੀ ਇਸਦਾ ਐਲਾਨ ਹੋ ਸਕਦਾ ਹੈ।
ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ