ਵੱਡੀ ਵਾਰਦਾਤ! ਕਿਸਾਨ ਦਾ ਸਿਰ ''ਚ ਕੁਹਾੜੀ ਮਾਰ ਕੇ ਬੇਰਹਿਮੀ ਨਾਲ ਕਤਲ
Wednesday, Mar 18, 2026 - 10:58 PM (IST)
ਸਿੱਧਵਾਂ ਬੇਟ (ਚਾਹਲ) : ਨੇੜਲੇ ਪਿੰਡ ਜੰਡੀ ਵਿਖੇ ਬੀਤੀ ਰਾਤ ਇਕ ਕਿਸਾਨ ਦਾ ਉਸ ਦੇ ਘਰ ਵਿਚ ਹੀ ਸਿਰ ਵਿਚ ਕੁਹਾੜੀ ਮਾਰਕੇ ਕਤਲ ਕਰ ਦਿੱਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਵਾਰਦਾਤ ਸਮੇਂ ਆਪਣੇ ਘਰ ਵਿਚ ਇਕੱਲਾ ਸੁੱਤਾ ਪਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ, ਅਣਪਛਾਤਾ ਕਾਤਲ ਘਰ ਦੇ ਪਿਛਲੇ ਪਾਸੇ ਸਥਿਤ ਖਾਲੀ ਪਲਾਟ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਇਆ ਅਤੇ ਸੁੱਤੇ ਪਏ ਹਰਜਿੰਦਰ ਸਿੰਘ ਦੇ ਸਿਰ 'ਤੇ ਕੁਹਾੜੀ ਨਾਲ ਵਾਰ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦਿਲ-ਕੰਬਾਊ ਵਾਰਦਾਤ ਦਾ ਪਤਾ ਉਸ ਸਮੇਂ ਲੱਗਾ ਜਦੋਂ ਮਿ੍ਤਕ ਦੀ ਪਹਿਲੀ (ਸਵਰਗਵਾਸੀ) ਪਤਨੀ ਦੇ ਕੈਨੇਡਾ ਰਹਿੰਦੇ ਲੜਕੇ, ਹਰਕਮਲ ਸਿੰਘ ਨੇ ਆਪਣੇ ਪਿਤਾ ਦੀ ਸੁੱਖ-ਸਾਂਦ ਜਾਣਨ ਲਈ ਫੋਨ ਕੀਤਾ। ਵਾਰ-ਵਾਰ ਫੋਨ ਨਾ ਚੁੱਕੇ ਜਾਣ 'ਤੇ ਹਰਕਮਲ ਨੇ ਚਿੰਤਾ ਜ਼ਾਹਰ ਕਰਦਿਆਂ ਆਪਣੇ ਤਾਏ (ਮ੍ਰਿਤਕ ਦੇ ਭਰਾ) ਜਗਰਾਜ ਸਿੰਘ ਨੂੰ ਸੂਚਿਤ ਕੀਤਾ।
ਜਦੋਂ ਜਗਰਾਜ ਸਿੰਘ ਨੇ ਕੰਧ ਟੱਪ ਕੇ ਘਰ ਅੰਦਰ ਜਾ ਕੇ ਦੇਖਿਆ ਤਾਂ ਹਰਜਿੰਦਰ ਸਿੰਘ ਦੀ ਲਾਸ਼ ਬੈੱਡ 'ਤੇ ਪਈ ਸੀ ਅਤੇ ਕੋਲ ਹੀ ਅਲਮਾਰੀ ਦਾ ਸਾਮਾਨ ਅਤੇ ਕਾਗਜ਼ਾਤ ਖਿੱਲਰੇ ਹੋਏ ਸਨ, ਜੋ ਕਿ ਕਿਸੇ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰ ਰਹੇ ਸਨ। ਇਸ ਮਗਰੋਂ ਤੁਰੰਤ ਥਾਣਾ ਸਿੱਧਵਾਂ ਬੇਟ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਘਟਨਾ ਬਾਰੇ ਸੂਚਨਾ ਮਿਲਣ ਤੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਤੇ ਥਾਣਾ ਮੁਖੀ ਇੰਸਪੈਕਟਰ ਹਮਰਾਜ ਸਿੰਘ ਚੀਮਾ ਨੇ ਤਰੁੰਤ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਬੂਤਾਂ ਨੂੰ ਸੁਰੱਖਿਅਤ ਰੱਖਣ ਲਈ ਮੀਡੀਆ ਸਮੇਤ ਆਮ ਲੋਕਾਂ ਨੂੰ ਘਟਨਾ ਸਥਾਨ ਤੋਂ ਦੂਰ ਰੱਖਿਆ। ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਪੁਲਸ ਵੱਲੋਂ ਹਰ ਪੱਖ ਤੋਂ ਪੂਰੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦੀਆਂ ਟੀਮਾਂ ਮੌਕੇ ਤੋਂ ਬਾਰੀਕੀ ਨਾਲ ਅਹਿਮ ਸੁਰਾਗ ਇਕੱਠੇ ਕਰ ਰਹੀਆਂ ਹਨ ਤਾਂ ਜੋ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਤੱਕ ਜਲਦ ਤੋਂ ਜਲਦ ਪਹੁੰਚਿਆ ਜਾ ਸਕੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪੁਲਸ ਨੇ ਸ਼ੱਕ ਦੇ ਆਧਾਰ 'ਤੇ ਮ੍ਰਿਤਕ ਦੀ ਦੂਜੀ ਪਤਨੀ ਅਤੇ ਉਸ ਦੇ ਲੜਕੇ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਹੈ, ਪਰ ਪੁਲਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।
ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਦਾ ਪੱਖ
ਮੌਕੇ 'ਤੇ ਪਹੁੰਚੇ ਪੁਲਸ ਡਿਵੀਜ਼ਨ ਜਗਰਾਉਂ ਦੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਪੁਲਸ ਵਲੋਂ ਇਸ ਅੰਨ੍ਹੇ ਕਤਲ ਦੀ ਬਹੁਤ ਹੀ ਬਾਰੀਕੀ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ ਅਤੇ ਜਲਦ ਹੀ ਇਸ ਵਾਰਦਾਤ ਦੇ ਅਸਲ ਕਾਰਨਾਂ ਅਤੇ ਦੋਸ਼ੀ ਦਾ ਪਰਦਾਫਾਸ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕਾਨੂੰਨੀ ਪ੍ਰਕਿਰਿਆ ਤਹਿਤ ਨਜ਼ਦੀਕੀ ਰਿਸ਼ਤੇਦਾਰਾਂ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ। ਉਨਾ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
