ਖੇਤ ਵਾਹ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ! ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
Saturday, Jun 06, 2026 - 05:36 PM (IST)
ਬਰਨਾਲਾ (ਪੁਨੀਤ): ਬਰਨਾਲਾ ਦੇ ਧਨੌਲਾ ਨਗਰ ਦੇ ਅਤਰ ਸਿੰਘ ਵਾਲਾ ਰੋਡ ਸਥਿਤ ਇਲਾਕੇ ਵਿਚ ਇਕ ਨੌਜਵਾਨ ਤੇਜਿੰਦਰ ਦਾਸ ਦੀ ਸ਼ੱਕੀ ਹਾਲਾਤ ਵਿਚ ਟ੍ਰੈਕਟਰ ਹੇਠਾਂ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਇਸ ਨੂੰ ਮਹਿਜ਼ ਇਕ ਹਾਦਸਾ ਮੰਨਣ ਤੋਂ ਇਨਕਾਰ ਕਰਦਿਆਂ ਕਤਲ ਦਾ ਖ਼ਦਸ਼ਾ ਜਤਾਇਆ ਹੈ ਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪੁੱਤਰ ਹਰਮਨ ਨੇ ਦਾਅਵਾ ਕੀਤਾ ਹੈ ਕਿ ਇਹ ਸਾਰੀ ਘਟਨਾ ਉਸ ਦੇ ਸਾਹਮਣੇ ਹੋਈ ਹੈ ਤੇ ਉਸ ਦੇ ਪਿਤਾ ਨਾਲ ਬੜੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ।
ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਮ੍ਰਿਤਕ ਦੇ ਪੁੱਤਰ ਹਰਮਨ ਨੇ ਕਿਹਾ ਕਿ ਸਾਰੀ ਘਟਨਾ ਉਸ ਦੇ ਸਾਹਮਣੇ ਵਾਪਰੀ ਹੈ। ਉਸ ਦੇ ਪਿਤਾ ਨੂੰ ਬੜੀ ਬੇਰਹਿਮੀ ਨਾਲ ਮਾਰਿਆ ਗਿਆ ਹੈ। ਮ੍ਰਿਤਕ ਦੇ ਸਮਰਥਨ ਵਿਚ ਸਥਾਨਕ ਵਪਾਰੀਆਂ,ਸਮਾਜਿਕ ਸੰਗਠਨਾਂ ਤੇ ਇਲਾਕੇ ਦੇ ਲੋਕਾਂ ਨੇ ਵੀ ਰੋਸ ਜਤਾਇਆ ਤੇ ਮਾਮਲੇ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਮਾਮਲੇ ਵਿਚ ਤੁਰੰਤ ਐੱਫ. ਆਈ. ਆਰ. ਦਰਜ ਕੀਤੀ ਜਾਵੇ ਤੇ ਜਿਨ੍ਹਾਂ ਲੋਕਾਂ 'ਤੇ ਸ਼ੱਕ ਹੈ, ਉਨ੍ਹਾਂ ਤੋਂ ਪੁੱਛਗਿੱਛ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਧਰਨੇ ਵਿਚ ਸ਼ਾਮਲ ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਮਾਮਲੇ ਵਿਚ ਢਿੱਲ ਵਰਤੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਦੂਜੇ ਪਾਸੇ ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਬਰਨਾਲਾ ਸਤਵੀਰ ਸਿੰਘ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਵੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਅਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫ਼ਿਲਹਾਲ ਪੂਰੇ ਇਲਾਕੇ ਦੀਆਂ ਨਿਗਾਹਾਂ ਪੁਲਸ ਜਾਂਚ 'ਤੇ ਟਿਕੀਆਂ ਹੋਈਆਂ ਹਨ।
