ਪੰਜਾਬ: ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ
Sunday, May 31, 2026 - 12:29 PM (IST)
ਮੋਗਾ (ਕਸ਼ਿਸ਼): ਮੋਗਾ ਦੇ ਪਿੰਡ ਕਪੂਰਾ ਵਿਚ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨੌਜਵਾਨ ਇਕ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ।
ਸੂਤਰਾਂ ਅਨੁਸਾਰ, ਜਦੋਂ ਨੌਜਵਾਨ ਪਿੰਡ ਕਪੂਰੇ ਦੇ ਨੇੜੇ ਪਹੁੰਚਿਆ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਬੱਧਣੀ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਮੁਤਾਬਿਕ, ਮ੍ਰਿਤਕ ਅਰਸ਼ਦੀਪ ਸਿੰਘ ਦਾ ਪਿਛੋਕੜ ਅਪਰਾਧਿਕ ਸੀ ਅਤੇ ਉਸ ਉੱਪਰ ਪਹਿਲਾਂ ਵੀ ਕਈ ਮਾਮਲੇ ਦਰਜ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਪੁਲਸ ਨੂੰ ਕਈ ਮਾਮਲਿਆਂ ਵਿਚ ਲੋੜੀਂਦਾ ਵੀ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਇਲਾਕੇ ਦੇ ਸੀ.ਸੀ.ਟੀ.ਵੀ. (CCTV) ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਕਾਨੂੰਨ ਮੁਤਾਬਕ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
