ਪੰਜਾਬ ''ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ ਮੁਲਾਜ਼ਮਾਂ ਨਾਲ ਵਾਪਰ ਗਈ ਅਣਹੋਣੀ
Tuesday, Nov 03, 2026 - 08:08 PM (IST)
ਮੰਡੀ ਗੋਬਿੰਦਗੜ੍ਹ (ਬਿਪਨ): ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਤਲਵਾੜਾ ਰੋਡ ਸਥਿਤ ਲਕਸ਼ਮੀ ਸਟੀਲ ਮਿੱਲ ਵਿਚ ਅੱਜ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਫੈਕਟਰੀ ਵਿਚ ਕੰਮ ਕਰ ਰਹੀਆਂ ਦੋ ਕਰੇਨਾਂ ਆਪਸ ਵਿਚ ਟਕਰਾ ਗਈਆਂ। ਇਸ ਦਰਦਨਾਕ ਹਾਦਸੇ ਵਿਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅਗਲੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਲਵਾੜਾ ਰੋਡ ਸਥਿਤ ਲਕਸ਼ਮੀ ਸਟੀਲ ਮਿੱਲ ਵਿਚ ਦੋ ਕਰੇਨਾਂ ਦੀ ਆਪਸ ਵਿਚ ਟੱਕਰ ਹੋ ਗਈ ਹੈ। ਸੂਚਨਾ ਮਿਲਣ ਉਪਰੰਤ ਪੁਲਸ ਟੀਮ ਮੌਕੇ ’ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਫੈਕਟਰੀ ਵਿਚ ਲੱਗੀਆਂ ਕਰੇਨਾਂ ਵਿਚ ਕਿਸੇ ਤਰ੍ਹਾਂ ਦੀ ਤਕਨੀਕੀ ਖਰਾਬੀ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉੱਧਰ ਸਿਵਲ ਹਸਪਤਾਲ ਦੇ ਡਾਕਟਰ ਰਿਤੂ ਨੇ ਦੱਸਿਆ ਕਿ ਹਾਦਸੇ ਦੇ ਸ਼ਿਕਾਰ ਚਾਰ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਸੀ, ਜਦਕਿ ਇਕ ਵਿਅਕਤੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇਲਾਜ ਲਈ ਰੈਫਰ ਕੀਤਾ ਗਿਆ ਹੈ।
