ਮਾਨ ਸਰਕਾਰ ਦਾ ਵੱਡਾ ਉਪਰਾਲਾ, ਸਸਤੀ ਰੇਤ ਲਈ 5 ਜ਼ਿਲ੍ਹਿਆਂ ’ਚ ਸ਼ੁਰੂ ਕੀਤੀਆਂ 20 ਹੋਰ ਜਨਤਕ ਖੱਡਾਂ

Friday, Apr 21, 2023 - 06:40 PM (IST)

ਮਾਨ ਸਰਕਾਰ ਦਾ ਵੱਡਾ ਉਪਰਾਲਾ, ਸਸਤੀ ਰੇਤ ਲਈ 5 ਜ਼ਿਲ੍ਹਿਆਂ ’ਚ ਸ਼ੁਰੂ ਕੀਤੀਆਂ 20 ਹੋਰ ਜਨਤਕ ਖੱਡਾਂ

ਮੋਗਾ (ਬਿਊਰੋ) : ਸੂਬੇ ’ਚ ਲੋਕਾਂ ਨੂੰ ਸਸਤੀਆਂ ਦਰਾਂ ਉੱਤੇ ਰੇਤਾ ਤੇ ਬੱਜਰੀ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ 5 ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਤਾਂ ਕਿ ਰੇਤੇ ਦੀ ਪਿੱਟ ਹੈੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ ਦੇ ਪਿੰਡ ਸੰਘੇੜਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਨਤਕ ਖੱਡਾਂ ਸ਼ੁਰੂ ਕਰਨ ਦੇ ਤੀਜੇ ਪੜਾਅ ਤਹਿਤ ਹੁਣ ਲੁਧਿਆਣਾ, ਫ਼ਿਰੋਜ਼ਪੁਰ, ਮੋਗਾ, ਹੁਸ਼ਿਆਰਪੁਰ ਅਤੇ ਐੱਸ. ਬੀ. ਐੱਸ. ਨਗਰ ਜ਼ਿਲ੍ਹਿਆਂ ਦੀਆਂ 20 ਨਵੀਆਂ ਖੱਡਾਂ ਸ਼ੁੱਕਰਵਾਰ ਨੂੰ ਕਾਰਜਸ਼ੀਲ ਹੋਈਆਂ, ਜਿਸ ਨਾਲ ਸੂਬੇ ਭਰ ’ਚ ਚੱਲ ਰਹੀਆਂ ਜਨਤਕ ਖੱਡਾਂ ਦੀ ਗਿਣਤੀ ਵਧ ਕੇ 55 ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਰਿਕਸ਼ੇ ਵਾਲੇ ਬਜ਼ੁਰਗ ਦੀ ਤਕਦੀਰ ਨੇ ਰਾਤੋ-ਰਾਤ ਮਾਰੀ ਪਲਟੀ, ਬਣ ਗਿਆ ਕਰੋੜਪਤੀ

PunjabKesari

ਇਹ ਖ਼ਬਰ ਵੀ ਪੜ੍ਹੋ : 23 ਸਾਲਾ ਨੌਜਵਾਨ ਦੀ ਭਿਆਨਕ ਸੜਕ ਹਾਦਸੇ ’ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦ ਪੰਜਾਬ ਭਰ ’ਚ 150 ਜਨਤਕ ਖੱਡਾਂ ਨੂੰ ਕਾਰਜਸ਼ੀਲ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਿਚ ਵਧੇ-ਫੁੱਲੇ ਰੇਤ ਮਾਫ਼ੀਆ ਦੀ ਜੜ੍ਹ ਵੱਢ ਦਿੱਤੀ ਹੈ ਤਾਂ ਕਿ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਹੋ ਸਕੇ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਜਨਤਕ ਖੱਡਾ ’ਤੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਵਿਕਰੀ ਕੀਤੀ ਜਾਵੇਗੀ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾ ’ਚ ਸਿਰਫ ਹੱਥਾਂ ਨਾਲ ਹੀ ਰੇਤੇ ਦੀ ਖੋਦਾਈ ਕਰਨ ਦੀ ਆਗਿਆ ਹੋਵੇਗੀ, ਜਦਕਿ ਮਸ਼ੀਨਾਂ ਰਾਹੀਂ ਖੋਦਾਈ ਦਾ ਕਾਰਜ ਨਹੀਂ ਕੀਤਾ ਜਾ ਸਕੇਗਾ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਦੀਆਂ 35 ਜਨਤਕ ਖੱਡਾਂ ਰਾਹੀਂ 5.82 ਲੱਖ ਮੀਟ੍ਰਿਕ ਟਨ ਰੇਤੇ ਦੀ ਖਰੀਦ ਲੋਕਾਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ 20 ਨਵੀਆਂ ਖੱਡਾ ਸ਼ੁਰੂ ਹੋਣ ਦੇ ਨਾਲ 18.29 ਲੱਖ ਮੀਟ੍ਰਿਕ ਟਨ ਰੇਤਾ ਲੋਕਾਂ ਨੂੰ ਮੁਹੱਈਆ ਹੋਵੇਗਾ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੱਡਾਂ ਨਾਲ ਸਸਤਾ ਰੇਤਾ ਹੀ ਨਹੀਂ ਮਿਲੇਗਾ, ਸਗੋਂ ਸਿੱਧੇ ਅਤੇ ਅਸਿੱਧੇ ਢੰਗ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 5 ਕਰੋੜ ਰੁਪਏ ਇਨ੍ਹਾਂ ਖੱਡਾਂ ’ਚ ਮਜ਼ਦੂਰੀ ਕਰਨ ਵਾਲੇ ਲੋਕਾਂ ਵੱਲੋਂ ਕਮਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਨ੍ਹਾਂ ਖੱਡਾਂ ਤੋਂ ਸਿਰਫ਼ ਗੈਰ-ਵਪਾਰਕ ਪ੍ਰਾਜੈਕਟਾਂ ਲਈ ਹੀ ਰੇਤੇ ਦੀ ਖਰੀਦ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਰੇਤੇ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਮਾਈਨਿੰਗ ਵਾਲੀ ਥਾਂ ’ਤੇ ਰੇਤ ਦੀ ਨਿਕਾਸੀ ਰੈਗੂਲੇਟ ਕਰਨ ਲਈ ਇਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ।

ਸੂਬੇ ’ਚ ਰੇਤ ਮਾਫ਼ੀਆ ਪੈਦਾ ਕਰਨ ਅਤੇ ਉਨ੍ਹਾਂ ਦੀ ਪੁਸ਼ਤ-ਪਨਾਹੀ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਇਸ ਮੁੱਦੇ ’ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਨ੍ਹਾਂ ਆਗੂਆਂ ਦਾ ਆਪਣੇ ਲੰਮੇ ਕੁਸ਼ਾਸਨ ਦੌਰਾਨ ਸੂਬੇ ਦੀ ਅੰਨ੍ਹੀ ਲੁੱਟ ਕਰਨ ਵਾਲੇ ਮਾਫੀਆ ਨਾਲ ਸਿੱਧੀ ਮਿਲੀਭੁਗਤ ਸੀ। ਸੂਬੇ ਦੀ ਵਿੱਤੀ ਹਾਲਤ ਮੁੜ ਲੀਹ 'ਤੇ ਆਉਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰੇਤ ਮਾਫੀਆ, ਜਿਸ ਨੂੰ ਪਿਛਲੀ ਸਰਕਾਰ ਦੇ ਨੇਤਾਵਾਂ ਦੀ ਸਰਪ੍ਰਸਤੀ ਪ੍ਰਾਪਤ ਸੀ, ਵਿਰੁੱਧ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਮਿਲਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ, “ਪਹਿਲਾਂ ਰੇਤ ਮਹਿੰਗੇ ਭਾਅ 'ਤੇ ਮਿਲਦੀ ਸੀ ਜਦਕਿ ਨਸ਼ੇ ਬਾਜ਼ਾਰ 'ਚ ਆਸਾਨੀ ਨਾਲ ਮਿਲ ਜਾਂਦੇ ਸਨ।”  ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕ ਭਲਾਈ ਨੂੰ ਨਜ਼ਰਅੰਦਾਜ਼ ਕੀਤਾ ਪਰ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਸੇਵਾਵਾਂ ਪ੍ਰਦਾਨ ਕਰਨ ਅਤੇ ਸਰਕਾਰੀ ਖਜ਼ਾਨੇ ਦੀ ਲੁੱਟ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਸੂਬੇ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਨੂੰ ਲੋਕ ਪੱਖੀ ਫੈਸਲੇ ਲੈ ਕੇ ਵਿੱਤੀ ਘਾਟੇ ਤੋਂ ਵਿੱਤੀ ਲਾਭ ਵਾਲੇ ਸੂਬੇ ਵਜੋਂ ਤਬਦੀਲ ਕੀਤਾ ਗਿਆ ਜਿਸ ਨਾਲ ਸੂਬੇ ਦੀ ਗੁਆਚੀ ਸ਼ਾਨ ਬਹਾਲ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰੇਤ ਮਾਫੀਆ ਦੇ ਖਾਤਮੇ ਲਈ ਕਈ ਦਲੇਰਾਨਾ ਫੈਸਲੇ ਲਏ ਹਨ ਤਾਂ ਕਿ ਲੋਕਾਂ ਨੂੰ ਸਸਤੀ ਰੇਤ ਮਿਲਣੀ ਯਕੀਨੀ ਬਣਾਈ ਜਾ ਸਕੇ ਕਿਉਂ ਜੋ ਇਹ ਮਾਫੀਆ ਪਿਛਲੇ ਸਮੇਂ ਵਿਚ ਆਪਹੁਦਰੀਆਂ ਕਰਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗਾਰੰਟੀ ਨੂੰ ਪੂਰਾ ਕੀਤਾ ਹੈ ਅਤੇ ਹੁਣ ਇਨ੍ਹਾਂ ਜਨਤਕ ਖੱਡਾਂ 'ਤੇ ਸਿਰਫ 5.50 ਰੁਪਏ 'ਚ ਰੇਤਾ ਵਿਕ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸਨ।


author

Manoj

Content Editor

Related News