ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਪੰਜਾਬ ਪੁਲਸ ਦੀ ਵੱਡੀ ਪਹਿਲ

Friday, Mar 01, 2024 - 04:40 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ’ਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ ਅਫੇਅਰਜ਼ ਵਿੰਗ ਵੱਲੋਂ ਬੱਚਿਆਂ ਖ਼ਾਸ ਕਰਕੇ 5 ਤੋਂ 12 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਨਵੀਂ ਪਹਿਲਕਦਮੀ ‘ਜਾਗ੍ਰਿਤੀ’ ਲਾਂਚ ਕੀਤੀ ਗਈ ਹੈ। ਇਸ ਪਹਿਲਕਦਮੀ ਨੂੰ ਪੰਜਾਬ ਪੁਲਸ ਅਫ਼ਸਰ ਇੰਸਟੀਚਿਊਟ ਵਿਖੇ 180 ਪੰਜਾਬ ਪੁਲਸ ਮੁਲਾਜ਼ਮਾਂ ਲਈ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ ਵੱਲੋਂ ਕਰਵਾਏ ਪ੍ਰਮੁੱਖ ਸਿਖਲਾਈ ਪ੍ਰੋਗਰਾਮ ਦੌਰਾਨ ਲਾਂਚ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕਰਵਾਇਆ ਇਹ ਵਿਆਪਕ ਸੈਸ਼ਨ, ਬਾਲ ਜਿਨਸੀ ਸ਼ੋਸ਼ਣ, ਰੋਕਥਾਮ ਅਤੇ ਕਾਨੂੰਨ ਦੀਆਂ ਵਿਵਸਥਾਵਾਂ ’ਤੇ ਕੇਂਦਰਿਤ ਸੀ। ਸਾਂਝ ਜਾਗ੍ਰਿਤੀ ਪ੍ਰੋਗਰਾਮ ਦੇ ਉਦੇਸ਼ਾਂ ’ਤੇ ਚਾਨਣਾ ਪਾਉਂਦਿਆ ਸਪੈਸ਼ਲ ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਨੇ ਵਿਦਿਆਰਥੀਆਂ (ਦੂਜੀ ਤੋਂ 5ਵੀਂ ਜਮਾਤ), ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਸਹਾਇਕ ਸਟਾਫ਼ ਸਮੇਤ ਸੇਵਾਦਾਰਾਂ ਤੇ ਡਰਾਈਵਰਾਂ ਨੂੰ ਜਾਗਰੂਕ ਕਰਨ ’ਚ ਇਸ ਪ੍ਰੋਗਰਾਮ ਦੀ ਭੂਮਿਕਾ ਨੂੰ ਉਜਾਗਰ ਕੀਤਾ। ਇਸ ਮੌਕੇ ਪ੍ਰਸੰਚੇਤਸ ਫਾਊਂਡੇਸ਼ਨ ਦੀ ਡਾਇਰੈਕਟਰ ਮੰਜੁਲਾ ਸੁਲਾਰੀਆ ਅਤੇ ਬਚਪਨ ਬਚਾਓ ਅੰਦੋਲਨ ਦੇ ਸੂਬਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਨੇ ਕ੍ਰਮਵਾਰ ਬਾਲ ਜਿਨਸੀ ਸ਼ੋਸ਼ਣ ਬਾਰੇ ਜਾਗਰੂਕਤਾ ਅਤੇ ਪੋਕਸੋ ਐਕਟ ਬਾਰੇ ਜਾਣਕਾਰੀ ਭਰਪੂਰ ਸੈਸ਼ਨ ਆਯੋਜਿਤ ਕੀਤੇ। ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਸਿਖਲਾਈ ਪ੍ਰਾਪਤ ਪੁਲਸ ਮੁਲਾਜ਼ਮ ਆਪਣੇ ਸਬੰਧਤ ਜ਼ਿਲ੍ਹਿਆਂ ’ਚ ਮਾਸਟਰ ਟਰੇਨਰ ਵਜੋਂ ਸੇਵਾਵਾਂ ਨਿਭਾਉਣਗੇ, ਜੋ ਇਸ ਸਬੰਧੀ ਜਾਣਕਾਰੀ ਅਤੇ ਜਾਗਰੂਕਤਾ ਫੈਲਾਉਣ ’ਚ ਅਹਿਮ ਰੋਲ ਅਦਾ ਕਰਨਗੇ।

ਇਹ ਵੀ ਪੜ੍ਹੋ : ਅਕਾਲੀ ਦਲ ਦਾ ਭਾਜਪਾ ਨਾਲ ਨਹੀਂ ਹੋਵੇਗਾ ਗਠਜੋੜ ! ਬਿਆਨਾਂ ਨੇ ਛੇੜੀ ਚਰਚਾ

ਅਗਲੇ ਹਫ਼ਤੇ, ਇਹ ਮਾਸਟਰ ਟਰੇਨਰ ਸੂਬੇ ਭਰ ਵਿੱਚ 421 ਸ਼ਕਤੀ ਹੈਲਪ ਡੈਸਕਾਂ 'ਤੇ ਤਾਇਨਾਤ 800 ਮਹਿਲਾ ਪੁਲਸ ਮੁਲਾਜ਼ਮਾਂ ਨੂੰ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਮਹਿਲਾ ਮੁਲਾਜ਼ਮ ਆਪਣੇ ਸਬੰਧਤ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰਨਗੇ। ਉਨ੍ਹਾਂ ਦੇ ਪ੍ਰਭਾਵ ਨੂੰ ਹੋਰ ਵਧਾਉਣ ਲਈ, ਬਾਲ ਜਿਨਸੀ ਸ਼ੋਸ਼ਣ ਬਾਰੇ ਅਧਿਐਨ ਸਮੱਗਰੀ ਪ੍ਰਦਾਨ ਕੀਤੀ ਗਈ ਹੈ ਜੋ ਸਕੂਲਾਂ ’ਚ ਵੰਡੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਪਹਿਲਕਦਮੀ ਸਿੱਖਿਅਤ ਅਤੇ ਸਸ਼ਕਤ ਕਾਨੂੰਨ ਲਾਗੂਕਰਨ ਅਧਿਕਾਰੀਆਂ ਰਾਹੀਂ ਬੱਚਿਆਂ ਲਈ ਸੁਰੱਖਿਅਤ ਮਾਹੌਲ ਸਿਰਜਣ ਪ੍ਰਤੀ ਪੰਜਾਬ ਪੁਲਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਜਾਗ੍ਰਿਤੀ ਪ੍ਰੋਗਰਾਮ ਨੂੰ ਸ਼ਕਤੀ ਹੈਲਪ ਡੈਸਕ ਮਹਿਲਾ ਮੁਲਾਜ਼ਮਾਂ ਵੱਲੋਂ 8 ਮਾਰਚ, 2024 ਤੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਟਾਂਡਾ ’ਚ ਰੇਲਵੇ ਫਾਟਕ ਨੇੜੇ ਹੋਇਆ ਬਲਾਸਟ, ਪੁਲਸ ਪ੍ਰਸ਼ਾਸ਼ਨ ਨੂੰ ਪਈਆਂ ਭਾਜੜਾ    

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 


Anuradha

Content Editor

Related News