ਵੱਡੀ ਖ਼ਬਰ: ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
Thursday, Oct 24, 2024 - 06:54 PM (IST)
ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਇਸ ਵਾਰ ਕੋਈ ਵੀ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਵੱਡਾ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾਂ ਪ੍ਰਧਾਨ ਦੀ ਅਹਿਮ ਮੀਟਿੰਗ ਹੋਈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਇਸ ਵਾਰ 4 ਸੀਟਾਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਜਾਣਗੇ। ਮੀਟਿੰਗ 'ਚ ਚਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ ਨੂੰ ਲੈ ਕੇ ਚਰਚਾ ਹੋਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ. ਦਲਜੀਤ ਚੀਮਾ ਨੇ ਕਿਹਾ ਕਿ ਕੱਲ੍ਹ ਜੋ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ੍ਰੀ ਗਿਆਨੀ ਰਘਬੀਰ ਸਿੰਘ ਦਾ ਆਇਆ ਸੀ ਕਿ ਕੋਈ ਵੀ ਤਨਖ਼ਾਹੀਆ ਸਿੱਖ ਤਨਖ਼ਾਹ ਪੂਰੀ ਕਰਨ ਤਕ ਤਨਖ਼ਾਹੀਆ ਹੀ ਰਹਿੰਦਾ ਹੈ।
ਇਹ ਵੀ ਪੜ੍ਹੋ- Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਰੰਤ ਕਰੋ ਇਹ ਕੰਮ
ਤਨਖ਼ਾਹੀਆ ਹੋਣ ਤੱਕ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਨਹੀਂ ਕਰ ਸਕਦੇ ਹਨ ਤਾਂ ਕੁਦਰਤੀ ਗੱਲ ਹੈ ਕਿ ਜੇਕਰ ਪ੍ਰਚਾਰ ਨਹੀਂ ਹੋਵੇਗਾ ਤਾਂ ਜ਼ਿਮਨੀ ਚੋਣ ਵੀ ਪਾਰਟੀ ਨਹੀਂ ਲੜੇਗੀ। ਇਸ ਸਬੰਧੀ ਸਾਰਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਨੈਤਿਕ ਜ਼ਿੰਮੇਵਾਰੀ ਪਾਰਟੀ ਦੇ ਤੌਰ 'ਤੇ ਲਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਨੂੰ ਹੁਕਮ ਮਤਲਬ ਪਾਰਟੀ ਨੂੰ ਹੁਕਮ ਹੈ।
ਇਹ ਵੀ ਪੜ੍ਹੋ- ਭੋਗਪੁਰ ਦੇ ਜਸਪਾਲ ਸਿੰਘ ਦੇ ਕਤਲ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ, DGP ਦਾ ਵੱਡਾ ਖ਼ੁਲਾਸਾ
ਵਰਕਰਾਂ ਦੀ ਇੱਛਾ ਸੀ ਕਿ ਸੁਖਬੀਰ ਬਾਦਲ ਗਿੱਦੜਬਾਹਾ ਤੋਂ ਚੋਣ ਲੜਨ। ਮੈਂ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਾਂ। 30 ਅਗਸਤ ਨੂੰ ਪ੍ਰਧਾਨ ਨੂੰ ਤਨਖ਼ਾਹੀਆ ਐਲਾਨਿਆ ਗਿਆ ਸੀ। ਉਹ 31 ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਪਰ ਕਾਫੀ ਸਮਾਂ ਬੀਤ ਚੁੱਕਾ ਸੀ। ਕਈ ਵਾਰ ਸਿੰਘ ਸਾਹਿਬ ਨੂੰ ਫ਼ੈਸਲਾ ਦੇਣ ਦੀ ਬੇਨਤੀ ਕੀਤੀ ਗਈ। ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ। ਪੰਥ ਵਿਰੋਧੀ ਸ਼ਕਤੀਆਂ ਖ਼ਿਲਾਫ਼ ਡਟ ਕੇ ਲੜਾਂਗੇ। ਪੰਥਕ ਹਿੱਤਾਂ ਨੂੰ ਵੇਖਦੇ ਹੋਏ ਚੋਣਾਂ ਵਿਚ ਹਿੱਸਾ ਨਹੀਂ ਲਿਆ ਜਾਵੇਗਾ। ਸਾਨੂੰ ਜਥੇਦਾਰ ਸਾਹਿਬਾਨ ਦੇ ਫ਼ੈਸਲੇ ਦਾ ਇੰਤਜ਼ਾਰ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਘੱਟ ਗਿਣਤੀਆਂ ਖ਼ਿਲਾਫ਼ ਸਾਜ਼ਿਸ਼ਾਂ ਚੱਲ ਰਹੀਆਂ ਹਨ। ਅਕਾਲੀ ਦਲ ਨੂੰ ਲੀਡਰ ਰਹਿਤ ਕਰਨ ਲਈ ਵੀ ਸਾਜ਼ਿਸ਼ਾਂ ਚੱਲ ਰਹੀਆਂ ਹਨ। ਪੰਜਾਬ ਤੋਂ ਬਾਹਰ ਜੋ ਤਖ਼ਤ ਸਨ, ਉਨ੍ਹਾਂ ਵਿੱਚ ਬਦਲਾਅ ਕੀਤੇ ਜਾ ਰਹੇ ਹਨ। ਦਿੱਲੀ ਕਮੇਟੀ 'ਤੇ ਕਬਜ਼ਾ ਕਰ ਲਿਆ ਗਿਆ ਹੈ। ਹਰਿਆਣਾ 'ਚ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ। ਹੁਣ ਪੰਜਾਬ 'ਚ ਬਹੁਤ ਕੋਸ਼ਿਸ਼ ਹੋ ਰਹੀਆਂ ਹਨ। ਪਾਰਟੀ ਦਾ ਹਿੱਸਾ ਰਹੇ ਲੋਕਾਂ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਪਿਛਲੇ ਸਮੇਂ ਸ਼ਿਕਾਇਤ ਦਿੱਤੀ ਗਈ।
ਕੱਲ੍ਹ ਆਇਆ ਸੀ ਸੁਖਬੀਰ ਸਿੰਘ ਬਾਦਲ 'ਤੇ ਇਹ ਫ਼ੈਸਲਾ
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੋਣਾਂ ਵਿਚ ਛੋਟ ਨਹੀਂ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਬੀਤੇ ਦਿਨੀਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ 7 ਮੈਂਬਰੀ ਵਫ਼ਦ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਸੁਖਬੀਰ ਬਾਦਲ ਨੂੰ ਸਿਆਸੀ ਸਰਗਰਮੀਆਂ ਵਿਚ ਛੋਟ ਦੇਣ ਦੀ ਅਪੀਲ ਕੀਤੀ ਗਈ ਸੀ ਪਰ ਇਹ ਛੋਟ ਨਹੀਂ ਦਿੱਤੀ ਗਈ ਹੈ। ਜਥੇਦਾਰ ਨੇ ਆਖਿਆ ਸੀ ਕਿ ਕੋਈ ਵੀ ਤਨਖ਼ਾਹੀਆ ਸਿੱਖ ਤਨਖ਼ਾਹ ਪੂਰੀ ਕਰਨ ਤਕ ਤਨਖ਼ਾਹੀਆ ਹੀ ਰਹਿੰਦਾ ਹੈ। ਜਥੇਦਾਰ ਨੇ ਆਖਿਆ ਹੈ ਕਿ ਇਸ ਸੰਬੰਧੀ ਦੀਵਾਲੀ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਕੀਤੀ ਜਾਵੇਗੀ ਅਤੇ ਇਸ ਬਾਬਤ ਅਗਲਾ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ
ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ਵਿਚ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਤਨਖ਼ਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ, ਉਸ ਨੂੰ ਪਰਭਾਸ਼ਿਤ ਕਰਨਾ ਹਰ ਸਿੱਖ ਲਈ ਜ਼ਰੂਰੀ ਹੈ ਜਦੋਂ ਤੱਕ ਸਿੰਘ ਸਾਹਿਬਾਨ ਵਲੋਂ ਫ਼ਸੀਲ ਤੋਂ ਉਕਤ ਸਿੱਖ ਤਨਖ਼ਾਹ ਨਹੀਂ ਲਗਵਾ ਲੈਂਦਾ ਉਦੋਂ ਤਕ ਉਹ ਤਨਖ਼ਾਹੀਆਂ ਹੀ ਰਹਿੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਡੀ ਆਪਣੀ ਵੱਡੀ ਸੰਸਥਾ ਇਸ ਦੇ ਕੰਮਕਾਜ ਵਿਚ ਸਰਕਾਰਾਂ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਨਿੱਜੀ ਤੌਰ 'ਤੇ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਸੌਂਪਦਿਆਂ ਆਖਿਆ ਸੀ ਕਿ ਜਥੇਦਾਰ ਸਾਹਿਬ ਵਲੋਂ ਜਿਹੜੀ ਵੀ ਸਜ਼ਾ ਉਨ੍ਹਾਂ ਨੂੰ ਲਗਾਈ ਜਾਵੇਗੀ ਉਹ ਨਿਮਾਣੇ ਸਿੱਖ ਵਜੋਂ ਪ੍ਰਵਾਨ ਕਰਨਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ