ਜਲੰਧਰ ਜ਼ਿਲ੍ਹੇ ਦੇ 10 ਬਲਾਕਾਂ ਲਈ ਵੱਡੀ ਖੁਸ਼ਖ਼ਬਰੀ

Friday, Mar 17, 2023 - 05:04 PM (IST)

ਜਲੰਧਰ ਜ਼ਿਲ੍ਹੇ ਦੇ 10 ਬਲਾਕਾਂ ਲਈ ਵੱਡੀ ਖੁਸ਼ਖ਼ਬਰੀ

ਜਲੰਧਰ (ਚੋਪੜਾ) : ਡੀ. ਸੀ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ 10 ਬਲਾਕਾਂ ’ਚ 58 ਹੋਰ ਆਂਗਣਵਾੜੀ ਕੇਂਦਰ ਸਥਾਪਤ ਕਰਨ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਕੇਂਦਰਾਂ ਦੇ ਨਿਰਮਾਣ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡੀ. ਸੀ. ਨੇ ਪ੍ਰਸ਼ਾਸਨਿਕ ਕੰਪਲੈਕਸ ’ਚ ਮਹੀਨਾਵਾਰ ਮੀਟਿੰਗ ਦੌਰਾਨ ਕਿਹਾ ਕਿ ਇਨ੍ਹਾਂ ਕੇਂਦਰਾਂ ਦੇ ਨਿਰਮਾਣ ਲਈ ਫੰਡ ਮਨਰੇਗਾ ਯੋਜਨਾ ਤੋਂ ਖਰਚ ਕੀਤੇ ਜਾਣਗੇ। ਇਨ੍ਹਾਂ ’ਚ ਬਲਾਕ ਆਦਮਪੁਰ, ਜਲੰਧਰ ਪੱਛਮੀ, ਨੂਰਮਹਿਲ ਅਤੇ ਫਿਲੌਰ ’ਚ 5-5 ਕੇਂਦਰਾਂ ਦਾ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ ਭੋਗਪੁਰ, ਜਲੰਧਰ ਪੂਰਬੀ, ਲੋਹੀਆਂ ਖਾਸ, ਰੁੜਕਾ ਕਲਾਂ ਅਤੇ ਸ਼ਾਹਕੋਟ ’ਚ 6-6 ਕੇਂਦਰ ਅਤੇ ਨਕੋਦਰ ਵਿਚ 8 ਆਂਗਣਵਾੜੀ ਕੇਂਦਰ ਬਣਾਏ ਜਾਣਗੇ। ਉਨ੍ਹਾਂ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਤਹਿਤ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੀ ਬਲਾਕ ਵਾਈਜ਼ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਮੁਕੰਮਲ ਹੋ ਚੁੱਕੇ ਕੰਮਾਂ ਦੇ ਯੂ. ਸੀ. ਸਰਟੀਫਿਕੇਟ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ’ਤੇ ਪੂਰਾ ਕਰਨ ਲਈ ਫੀਲਡ ਵਿਜ਼ਿਟ ਵੀ ਕਰਨ ਤਾਂ ਕਿ ਜੇਕਰ ਕੋਈ ਸਮੱਸਿਆ ਆਉਂਦੀ ਹੈ, ਉਸਦਾ ਤੁਰੰਤ ਹੱਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਚੇਤ ਦੀ ਸੰਗਰਾਂਦ ਮੌਕੇ 452 ਸ਼ਰਧਾਲੂਆਂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਉਨ੍ਹਾਂ ਮਨਰੇਗਾ ਅਧੀਨ ਕਰਵਾਏ ਕੰਮਾਂ, ਸਟਰੀਟ ਵੈਂਡਿੰਗ ਜ਼ੋਨ, ਸਵੱਛ ਭਾਰਤ ਮਿਸ਼ਨ, ਠੋਸ ਅਤੇ ਤਰਲ ਕਚਰਾ ਪ੍ਰਬੰਧਨ, ਪਲਾਸਟਿਕ ਕਚਰਾ ਪ੍ਰਬੰਧਨ, ਸੀਵਰੇਜ ਟਰੀਟਮੈਂਟ ਪਲਾਂਟ ਤਹਿਤ ਸੰਚਾਲਿਤ ਕੰਮਾਂ ਦੀ ਤਰੱਕੀ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਨਗਰ ਪ੍ਰੀਸ਼ਦਾਂ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ਕਿ ਟਰੈਫਿਕ ਵਿਚ ਪੈਣ ਵਾਲੇ ਅਡ਼ਿੱਕੇ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਡਿਵੈੱਲਪਮੈਂਟ) ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਬਲਬੀਰ ਰਾਜ ਸਿੰਘ ਅਤੇ ਰਣਦੀਪ ਸਿੰਘ ਹੀਰ, ਜ਼ਿਲਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਸੁਖਬੀਰ ਕੌਰ, ਜ਼ਿਲਾ ਪ੍ਰੋਗਰਾਮ ਅਧਿਕਾਰੀ ਮਨਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਾਰਜਸਾਧਕ ਅਧਿਕਾਰੀ ਅਤੇ ਬੀ. ਡੀ. ਪੀ. ਓ. ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : 3 ਪੇਜ ਦਾ ਲਗਭਗ ਸੁਸਾਈਡ ਨੋਟ ਲਿਖ 11ਵੀਂ ਦੀ ਵਿਦਿਆਰਥਣ ਘਰੋਂ ਭੱਜੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News