ਪੰਜਾਬ ਦੇ ਘੋੜਾ ਮਾਲਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਹਟਾ ਦਿੱਤੀ ਇਹ ਪਾਬੰਦੀ

01/05/2024 10:22:00 AM

ਚੰਡੀਗੜ੍ਹ (ਰਮਨਜੀਤ ਸਿੰਘ) : ਸੂਬੇ ਦੇ ਘੋੜਾ ਮਾਲਕਾਂ ਅਤੇ ਬ੍ਰੀਡਰਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਦੌਰਾਨ 9 ਤੋਂ 16 ਜਨਵਰੀ ਤੱਕ ਚੱਲਣ ਵਾਲੇ ਪਸ਼ੂ ਧਨ ਮੇਲੇ 'ਚ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਤੇਜ਼ੀ ਨਾਲ ਫੈਲਣ ਵਾਲੀ ਇਸ ਜੂਨੋਟਿਕ ਗਲੈਂਡਰਜ਼ ਬਿਮਾਰੀ ਨੂੰ ਰੋਕਣ ਅਤੇ ਨੈਸ਼ਨਲ ਐਕਸ਼ਨ ਪਲਾਨ ਫ਼ਾਰ ਗਲੈਂਡਰਜ਼ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਨੇ ਮਈ, 2023 'ਚ ਘੋੜਿਆਂ ਸਬੰਧੀ ਗਤੀਵਿਧੀਆਂ ’ਤੇ ਪਾਬੰਦੀ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਜ਼ਮਾਨਤ ਦੇ ਬਾਵਜੂਦ ਜੇਲ੍ਹ 'ਚੋਂ ਨਹੀਂ ਆਉਣਗੇ ਬਾਹਰ!, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਪਸ਼ੂ-ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਤੋਂ ਘੋੜਿਆਂ 'ਚ ਗਲੈਂਡਰਜ਼ ਬਿਮਾਰੀ ਫੈਲਣ ਦੀਆਂ ਰਿਪੋਰਟਾਂ ਮਿਲੀਆਂ ਸਨ, ਜਿਸ ਕਾਰਨ ਸੂਬਾ ਸਰਕਾਰ ਨੇ ਘੋੜਿਆਂ ਸਬੰਧੀ ਗਤੀਵਿਧੀਆਂ ’ਤੇ ਪਾਬੰਦੀ ਲਗਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ 'ਚ ਨਿਗਰਾਨੀ ਦੌਰਾਨ ਗਲੈਂਡਰਜ਼ ਦਾ ਕੋਈ ਵੀ ਕੇਸ ਪਾਜ਼ੇਟਿਵ ਨਹੀਂ ਆਇਆ ਹੈ, ਜਿਸ ਕਾਰਨ ਸੂਬਾ ਸਰਕਾਰ ਨੇ ਇਹ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼

ਇਸ ਨਾਲ ਘੋੜਾ ਮਾਲਕਾਂ ਨੂੰ ਮਾਘੀ ਮੇਲੇ ਦੌਰਾਨ ਪਸ਼ੂ ਧਨ ਮੇਲੇ 'ਚ ਹਿੱਸਾ ਲੈਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਸ਼ਿਆਰਪੁਰ ਦੇ ਘੋੜੇ ਇਸ ਮੇਲੇ 'ਚ ਹਿੱਸਾ ਨਹੀਂ ਲੈ ਸਕਦੇ ਹਨ ਕਿਉਂਕਿ ਉੱਥੇ ਅਜੇ ਟੈਸਟਿੰਗ ਚੱਲ ਰਹੀ ਹੈ। ਖੁੱਡੀਆਂ ਨੇ ਦੱਸਿਆ ਕਿ ਚਾਹਵਾਨ ਮਾਲਕਾਂ ਨੂੰ ਹਿੱਸਾ ਲੈ ਰਹੇ ਘੋੜਿਆਂ ਦੀ ਐੱਨ. ਆਰ. ਡੀ. ਡੀ. ਐੱਲ. ਜਲੰਧਰ ਜਾਂ ਐੱਨ. ਆਰ. ਸੀ. ਈ. ਹਿਸਾਰ ਜਾਂ ਸੂਬੇ ਵੱਲੋਂ ਪ੍ਰਵਾਨਿਤ ਡਾਇਗਨੌਸਟਿਕ ਲੈਬ ਤੋਂ ਗਲੈਂਡਰਜ਼ ਟੈਸਟਿੰਗ ਦੀ ਨੈਗੇਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣਾ ਹੋਵੇਗਾ ਅਤੇ ਇਹ ਰਿਪੋਰਟ 30 ਦਿਨਾਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

Babita

This news is Content Editor Babita