ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡੀ ਖ਼ਬਰ, ਨਹੀਂ ਬਣੀ ਅਕਾਲੀ ਦਲ-ਭਾਜਪਾ ਦੇ 'ਗੱਠਜੋੜ' ਦੀ ਗੱਲ
Monday, Feb 12, 2024 - 05:16 AM (IST)
ਚੰਡੀਗੜ੍ਹ- ਆਗਾਮੀ ਲੋਕ ਸਭਾ ਚੋਣਾਂ ਕਾਰਨ ਪਿਛਲੇ ਕਈ ਦਿਨਾਂ ਤੋਂ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋੜ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਇਸੇ ਦੌਰਾਨ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ 'ਚ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਗੱਲਬਾਤ ਅਸਫ਼ਲ ਹੋ ਗਈ ਹੈ। ਇਸ ਤੋਂ ਪਹਿਲਾਂ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਵੀ ਕਾਂਗਰਸ ਨਾਲ ਗਠਜੋੜ ਕੀਤੇ ਬਗੈਰ ਇਕੱਲਿਆਂ ਚੋਣਾਂ ਲੜਨ ਦਾ ਫੈਸਲਾ ਕੀਤਾ ਸੀ।
ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਵੱਲੋਂ ਭਾਜਪਾ ਅੱਗੇ ਕਿਸਾਨੀ ਅੰਦੋਲਨ, ਬੰਦੀ ਸਿੱਖਾਂ ਦੀ ਰਿਹਾਈ ਆਦਿ ਮਾਮਲੇ ਚੁੱਕੇ ਗਏ ਸਨ, ਜਿਨ੍ਹਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਸਹਿਮਤੀ ਨਹੀਂ ਬਣੀ ਤੇ ਗਠਜੋੜ ਦੀ ਗੱਲਬਾਤ ਬੇਸਿੱਟਾ ਹੀ ਰਹੀ। ਇਸ ਤੋਂ ਇਲਾਵਾ ਇਹ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੇ ਵਟਾਂਦਰੇ ਨੂੰ ਲੈ ਕੇ ਸਹਿਮਤੀ ਨਹੀਂ ਬਣੀ।
ਜ਼ਿਕਰਯੋਗ ਹੈ ਕਿ ਸਾਲ 2020-21 ਦੌਰਾਨ ਜਦੋਂ ਕੇਂਦਰ ਸਰਕਾਰ ਨਵੇਂ ਕਿਸਾਨੀ ਕਾਨੂੰਨ ਲੈ ਕੇ ਆਈ ਤਾਂ ਇਨ੍ਹਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਦਿੱਲੀ ਕੂਚ ਕਰ ਦਿੱਤਾ ਸੀ। ਇਸੇ ਅੰਦੋਲਨ ਕਾਰਨ ਅਕਾਲੀ ਦਲ ਨੇ ਪੰਜਾਬ 'ਚ ਭਾਜਪਾ ਨਾਲੋਂ ਗੱਠਜੋੜ ਤੋੜ ਦਿੱਤਾ ਸੀ। ਉਸ ਤੋਂ ਬਾਅਦ ਅਕਾਲੀ ਦਲ ਨੇ ਬਸਪਾ ਨਾਲ ਗੱਠਜੋੜ ਕੀਤਾ ਸੀ, ਪਰ ਚੋਣਾਂ ਦੇ ਨਤੀਜਿਆਂ 'ਚ ਕੋਈ ਸੁਧਾਰ ਨਹੀਂ ਹੋਇਆ। ਇਸ ਤੋਂ ਬਾਅਦ 2024 ਦੀਆਂ ਚੋਣਾਂ 'ਚ ਪਾਰਟੀ ਨੇ ਇਕ ਵਾਰ ਫਿਰ ਤੋਂ ਭਾਜਪਾ ਨਾਲ ਗੱਠਜੋੜ ਦੀ ਗੱਲਬਾਤ ਚਲਾਈ ਸੀ, ਪਰ ਕੋਈ ਸਹਿਮਤੀ ਨਹੀਂ ਬਣ ਸਕੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e