5994 ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਕੀਤੀ ਇਹ ਅਪੀਲ

Tuesday, Nov 14, 2023 - 06:31 PM (IST)

5994 ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਭਰਤੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਲਈ ਕੋਰਟ ਨੂੰ ਮਾਮਲੇ ਦਾ ਜਲਦ ਨਿਬੇੜਾ ਕਰਨ ਦੀ ਅਪੀਲ ਕੀਤੀ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ ਸੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਮਾਣਯੋਗ ਕੋਰਟ ਨੂੰ ਬੇਨਤੀ ਕੀਤੀ ਕਿ ਇਹ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨਾ ਪੰਜਾਬ ਸਰਕਾਰ ਲਈ ਬਹੁਤ ਲਾਜ਼ਮੀ ਹੈ ਕਿਉਂਕਿ ਇਸ ਨਾਲ ਸੂਬੇ ਦੇ ਉਨ੍ਹਾਂ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇਗਾ ਜਿੱਥੇ ਮੌਜੂਦਾ ਸਮੇਂ ਸਿਰਫ ਇਕ ਹੀ ਅਧਿਆਪਕ ਸਕੂਲ ਚਲਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਠੰਡ ਨੇ ਫੜਿਆ ਜ਼ੋਰ, ਆਉਂਦੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖ ਬਾਣੀ

ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਇਹ ਮਾਮਲਾ ਸੁਪਰੀਮ ਕੋਰਟ ਵਿਚ ਵੀ ਸੁਣਵਾਈ ਅਧੀਨ ਹੈ। ਜੇਕਰ ਉਸਦਾ ਫੈਸਲਾ ਜਲਦ ਨਹੀਂ ਆਉਂਦਾ ਤਾਂ ਮਾਣਯੋਗ ਹਾਈਕੋਰਟ ਹੀ ਇਸ ਸਬੰਧੀ ਕੋਈ ਅੰਤ੍ਰਿਮ ਫੈਸਲਾ ਦੇ ਦਵੇ ਤਾਂ ਜੋ ਇਹ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕੋਰਟ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ ਜਲਦ ਤੋਂ ਜਲਦ ਤੈਅ ਕਰਨ ਦੀ ਵੀ ਬੇਨਤੀ ਕੀਤੀ, ਜਿਸਨੂੰ ਕੋਰਟ ਵੱਲੋਂ ਪ੍ਰਵਾਨ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ, 2023 ਨੂੰ ਤੈਅ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਜਥੇਦਾਰ ਦੇ ਕੌਮ ਦੇ ਨਾਂ ਸੰਦੇਸ਼ ਤੋਂ ਬਾਅਦ ਅਕਾਲ ਤਖਤ ਦੀ ਫ਼ਸੀਲ ’ਤੇ ਪਹੁੰਚੇ ਨਿਹੰਗ, ਮਾਈਕ ’ਤੇ ਬੋਲਣਾ ਕੀਤਾ ਸ਼ੁਰੂ

ਇੱਥੇ ਇਹ ਦੱਸਣਾ ਬਣਦਾ ਹੈ ਕਿ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜਨ ਲਈ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਿੱਜੀ ਦਿਲਚਸਪੀ ਲਈ ਜਾ ਰਹੀ ਹੈ ਅਤੇ ਕੋਰਟ ਵਿਚ ਇਸ ਮਾਮਲੇ ਦੇ ਜਲਦ ਨਿਬੇੜੇ ਲਈ ਵੀ ਉਨ੍ਹਾਂ ਵੱਲੋਂ ਐਡਵੋਕੇਟ ਜਨਰਲ ਬਰਾਂਚ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਨਾਲ ਸਬੰਧਤ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਵੱਲੋਂ 27 ਜੁਲਾਈ, 2023 ਨੂੰ ਮੁਕੰਮਲ ਕਰ ਲਈ ਗਈ ਸੀ ਅਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਜਿਵੇਂ ਹੀ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਇਆ ਜਾਂਦਾ ਹੈ ਤਾਂ ਇਸ ਮਾਮਲੇ ਦੇ ਨਿਪਟਾਰੇ ਲਈ ਹਾਈਕੋਰਟ ਵਿਚ ਸੀ. ਐੱਮ ਐਪਲੀਕੇਸ਼ਨ ਦਾਇਰ ਕੀਤੀ ਜਾਵੇ ਤਾਂ ਜੋ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿਚ ਕੋਈ ਅੜਚਨ ਨਾ ਰਹੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਕੂਲ ਦੇ ਪ੍ਰਿੰਸੀਪਲ ਨੇ ਸਕੂਲ ’ਚ ਹੀ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News