ਅਧਿਆਪਕਾਂ ਦੀ ਸੇਵਾਮੁਕਤੀ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਹੁਣ ਕਦੋਂ ਹੋਣਗੇ RETIRE
Wednesday, Sep 17, 2025 - 10:47 AM (IST)

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਅਧਿਆਪਕਾਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ 'ਤੇ ਆਪਣਾ ਫ਼ੈਸਲਾ ਸੁਣਾਇਆ ਹੈ। ਇਹ ਮਾਮਲਾ ਅਧਿਆਪਕਾਂ ਲਈ ਸੇਵਾਮੁਕਤੀ ਦੀ ਉਮਰ 58 ਜਾਂ 65 ਸਾਲ ਨੂੰ ਲੈ ਕੇ ਸੀ। ਅਦਾਲਤ ਨੇ ਅੱਗੇ ਸਪੱਸ਼ਟ ਕੀਤਾ ਕਿ ਅਧਿਆਪਕਾਂ ਨੂੰ 65 ਸਾਲ ਦੀ ਉਮਰ ਤੱਕ ਸੇਵਾ 'ਚ ਰਹਿਣ ਦਾ ਲਾਭ ਮਿਲੇਗਾ, ਜਿਵੇਂ ਕਿ ਪਹਿਲਾਂ ਜੋਗਿੰਦਰ ਪਾਲ ਸਿੰਘ ਕੇਸ 'ਚ ਨਿਰਧਾਰਤ ਕੀਤਾ ਗਿਆ ਸੀ। ਇਹ ਝਗੜਾ ਉਦੋਂ ਪੈਦਾ ਹੋਇਆ, ਜਦੋਂ ਕੇਂਦਰੀ ਪ੍ਰਬੰਧਕੀ ਟ੍ਰਿਬੀਊਨਲ ਨੇ 21 ਮਾਰਚ, 2023 ਨੂੰ ਹੁਕਮ ਦਿੱਤਾ ਸੀ ਕਿ ਅਧਿਆਪਕਾਂ ਨੂੰ 65 ਸਾਲ ਦੀ ਉਮਰ ਤੱਕ ਸੇਵਾ 'ਚ ਰਹਿਣ ਦਾ ਅਧਿਕਾਰ ਹੈ।
ਇਹ ਵੀ ਪੜ੍ਹੋ : ਪੰਜਾਬ 'ਚ CM ਮਾਨ ਵਲੋਂ ਸਖ਼ਤ ਹਦਾਇਤਾਂ ਜਾਰੀ, ਇਨ੍ਹਾਂ ਜ਼ਿਲ੍ਹਿਆਂ ਨੂੰ ਲੈ ਕੇ ਜਾਰੀ ਕੀਤੇ ਨਿਰਦੇਸ਼
ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਹੁਕਮ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ। ਪ੍ਰਸ਼ਾਸਨ ਨੇ ਦਲੀਲ ਦਿੱਤੀ ਸੀ ਕਿ ਸੁਪਰੀਮ ਕੋਰਟ ਦੇ ਜਗਦੀਸ਼ ਪ੍ਰਸਾਦ ਸ਼ਰਮਾ ਬਨਾਮ ਬਿਹਾਰ ਰਾਜ (2013) ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਗਿਆ ਸੀ ਅਤੇ 58 ਸਾਲ ਦੀ ਉਮਰ ਸੀਮਾ ਹੀ ਇੱਕੋ ਇੱਕ ਯੋਗ ਉਮਰ ਸੀਮਾ ਸੀ। ਅਧਿਆਪਕਾਂ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਸਾਥੀਆਂ ਵਾਂਗ ਹੀ ਲਾਭ ਮਿਲਣੇ ਚਾਹੀਦੇ ਹਨ, ਜਿਨ੍ਹਾਂ ਨੂੰ ਪਹਿਲਾਂ ਹੀ 65 ਸਾਲ ਦੀ ਉਮਰ ਤੱਕ ਸੇਵਾ ਕਰਨ ਦਾ ਅਧਿਕਾਰ ਹੈ। ਕੁੱਝ ਅਧਿਆਪਕਾਂ ਨੂੰ 65 ਸਾਲ ਤੱਕ ਕੰਮ ਕਰਨ ਦੀ ਇਜਾਜ਼ਤ ਦੇਣਾ, ਜਦੋਂ ਕਿ ਕੁੱਝ ਨੂੰ 58 ਸਾਲ ਦੀ ਉਮਰ 'ਚ ਸੇਵਾਮੁਕਤ ਕਰਨਾ ਪੱਖਪਾਤੀ ਅਤੇ ਕਾਨੂੰਨ ਦੀ ਭਾਵਨਾ ਦੇ ਖ਼ਿਲਾਫ਼ ਹੋਵੇਗਾ।
ਇਹ ਵੀ ਪੜ੍ਹੋ : ਕੋਚਿੰਗ ਸੈਂਟਰ ਤੇ ਹੌਟਸਪੋਟਸ ਰਹਿਣਗੇ ਬੰਦ! ਜਾਰੀ ਹੋ ਗਏ ਨਵੇਂ ਹੁਕਮ
ਹਾਈਕੋਰਟ ਨੇ ਕਿਹਾ ਕਿ 29 ਮਾਰਚ, 2022 ਦੀ ਇੱਕ ਨੋਟੀਫਿਕੇਸ਼ਨ ਤੋਂ ਬਾਅਦ ਚੰਡੀਗੜ੍ਹ 'ਚ ਅਧਿਆਪਕਾਂ ਲਈ ਸੇਵਾਮੁਕਤੀ ਦੀ ਉਮਰ 1 ਅਪ੍ਰੈਲ, 2022 ਤੋਂ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਇਸ ਲਈ ਜਿਹੜੇ ਅਧਿਆਪਕ ਪਹਿਲਾਂ ਸੇਵਾਮੁਕਤ ਹੋਏ ਸਨ ਅਤੇ ਬਾਅਦ 'ਚ ਟ੍ਰਿਬੀਊਨਲ ਦੇ ਹੁਕਮ 'ਤੇ ਸੇਵਾ 'ਚ ਵਾਪਸ ਆਏ ਸਨ, ਉਨ੍ਹਾਂ ਨੂੰ ਵੀ 65 ਸਾਲ ਤੱਕ ਕੰਮ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਹਾਲਾਂਕਿ ਅਦਾਲਤ ਨੇ 58 ਅਤੇ 65 ਸਾਲ ਦੀ ਉਮਰ ਦੇ ਵਿਚਕਾਰ ਲੰਬਿਤ ਤਨਖ਼ਾਹਾਂ ਅਤੇ ਭੱਤਿਆਂ ਦੀ ਅਧਿਆਪਕਾਂ ਦੀ ਮੰਗ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਸ ਸਮੇਂ ਦੌਰਾਨ ਅਧਿਆਪਕ ਪੈਨਸ਼ਨ ਅਤੇ ਸੇਵਾਮੁਕਤੀ ਦਾ ਲਾਭ ਲੈ ਰਹੇ ਸਨ ਅਤੇ ਇਸ ਲਈ ਦੋਹਰੇ ਲਾਭ ਨਹੀਂ ਦਿੱਤੇ ਜਾ ਸਕਦੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8