ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ

Tuesday, Aug 04, 2026 - 01:53 PM (IST)

ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਸੀਨੀਅਰ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਵਿਧਾਨ ਸਭਾ 'ਚ ਪੈਟਰੋਲ 'ਚ ਈਥਾਨੋਲ ਦੀ ਵੱਧਦੀ ਮਿਲਾਵਟ ਅਤੇ ਇਸ ਦੇ ਪ੍ਰਭਾਵਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਮੁੱਖ ਫਰਜ਼ ਆਮ ਨਾਗਰਿਕ ਦੀ ਜ਼ਿੰਦਗੀ ਨੂੰ ਆਸਾਨ ਬਣਾਉਣਾ ਹੁੰਦਾ ਹੈ ਪਰ ਮੌਜੂਦਾ ਹਾਲਾਤਾਂ 'ਚ ਲੋਕਾਂ ਨੂੰ ਨਵੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰਗਟ ਸਿੰਘ ਨੇ ਕਿਹਾ ਕਿ ਪੈਟਰੋਲ 'ਚ ਈਥਾਨੋਲ ਦੀ ਮਾਤਰਾ ਲਗਾਤਾਰ ਵਧਾਈ ਜਾ ਰਹੀ ਹੈ ਪਰ ਇਸ ਬਾਰੇ ਨਾ ਤਾਂ ਵਿਧਾਨ ਸਭਾ 'ਚ ਗੰਭੀਰ ਚਰਚਾ ਹੋਈ ਹੈ ਅਤੇ ਨਾ ਹੀ ਲੋਕਾਂ ਨੂੰ ਇਸ ਦੇ ਪ੍ਰਭਾਵਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੀ ਜ਼ਿੰਦਗੀ ਦੀ ਕਮਾਈ ਲਗਾ ਕੇ ਮੋਟਰਸਾਈਕਲ, ਸਕੂਟਰ ਜਾਂ ਕਾਰ ਖਰੀਦੀ ਹੈ, ਉਨ੍ਹਾਂ ਦੇ ਵਾਹਨ ਇਸ ਨਵੇਂ ਬਾਲਣ ਨਾਲ ਅਨੁਕੂਲ ਹਨ ਜਾਂ ਨਹੀਂ, ਇਸ ਬਾਰੇ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ ਅਪਡੇਟ
ਉਨ੍ਹਾਂ ਸੁਝਾਅ ਦਿੱਤਾ ਕਿ ਜਿਹੜੇ ਵਾਹਨ ਈਥਾਨੋਲ ਮਿਲੇ ਪੈਟਰੋਲ ਨਾਲ ਅਨੁਕੂਲ ਨਹੀਂ ਹਨ, ਉਨ੍ਹਾਂ ਲਈ ਆਮ ਪੈਟਰੋਲ ਵੀ ਪੈਟਰੋਲ ਪੰਪਾਂ 'ਤੇ ਉਪਲੱਬਧ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਵਾਹਨ ਨੂੰ ਨੁਕਸਾਨ ਨਾ ਪਹੁੰਚੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ 'ਤੇ ਵੈਟ ਘਟਾਉਣ ਦੀ ਵੀ ਮੰਗ ਕੀਤੀ, ਤਾਂ ਜੋ ਲੋਕਾਂ ਨੂੰ ਕੁੱਝ ਰਾਹਤ ਮਿਲ ਸਕੇ। ਪਰਗਟ ਸਿੰਘ ਨੇ ਕਿਹਾ ਕਿ ਇਸ ਮੁੱਦੇ 'ਤੇ ਸਿਰਫ਼ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣਾ ਕਾਫ਼ੀ ਨਹੀਂ ਹੈ। ਇਸ ਦੀ ਬਜਾਏ ਪੰਜਾਬ ਸਰਕਾਰ ਨੂੰ ਸਾਰੀਆਂ ਸਿਆਸੀ ਪਾਰਟੀਆਂ, ਮਾਹਿਰਾਂ ਅਤੇ ਕਿਸਾਨ ਜੱਥੇਬੰਦੀਆਂ ਦੀ ਆਲ ਪਾਰਟੀ ਮੀਟਿੰਗ ਬੁਲਾ ਕੇ ਵਿਸਥਾਰ ਨਾਲ ਚਰਚਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਕਟ ਦੇ ਸਮੇਂ ਕਈ ਵਾਰ ਨਵੇਂ ਮੌਕੇ ਵੀ ਪੈਦਾ ਹੁੰਦੇ ਹਨ ਅਤੇ ਸੰਭਵ ਹੈ ਕਿ ਈਥਾਨੋਲ ਨੀਤੀ ਰਾਹੀਂ ਫ਼ਸਲੀ ਵਿਭਿੰਨਤਾ ਨੂੰ ਵੀ ਉਤਸ਼ਾਹ ਮਿਲ ਸਕੇ।

ਇਹ ਵੀ ਪੜ੍ਹੋ : ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਨਾਲ ਜੁੜੇ ਅਹਿਮ ਮਾਮਲਿਆਂ 'ਚ ਸੂਬੇ ਦੀ ਰਾਏ ਨੂੰ ਅਣਡਿੱਠਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਸਰਹੱਦ 'ਤੇ ਕਿਸਾਨ ਅੰਦੋਲਨ ਦੌਰਾਨ ਵਾਪਰੀਆਂ ਘਟਨਾਵਾਂ ਅਤੇ ਪੰਜਾਬ ਦੇ ਨੌਜਵਾਨਾਂ ਦੇ ਨੁਕਸਾਨ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਹੋਣਾ ਚਾਹੀਦਾ ਹੈ। ਅਖ਼ੀਰ 'ਚ ਪਰਗਟ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਈਥਾਨੋਲ ਨੀਤੀ ਅਤੇ ਇਸ ਦੇ ਪੰਜਾਬ 'ਤੇ ਪੈਣ ਵਾਲੇ ਪ੍ਰਭਾਵਾਂ ਨੂੰ ਲੈ ਕੇ ਇੱਕ ਮਾਹਿਰ ਪੈਨਲ ਬਣਾਇਆ ਜਾਵੇ ਅਤੇ ਸਾਰੀਆਂ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਅਜਿਹੀ ਨੀਤੀ ਤਿਆਰ ਕੀਤੀ ਜਾਵੇ, ਜਿਸ ਨਾਲ ਆਮ ਲੋਕਾਂ ਅਤੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਰਹਿ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News