ਵੱਡੀ ਖ਼ਬਰ: ਕਿਸਾਨ ਅੰਦੋਲਨ ''ਚ ਤੀਜੇ ਕਿਸਾਨ ਦੀ ਮੌਤ, ਸਿਹਤ ਵਿਗੜਨ ਮਗਰੋਂ ਲਿਜਾਇਆ ਗਿਆ ਸੀ ਹਸਪਤਾਲ

Monday, Feb 19, 2024 - 07:00 PM (IST)

ਵੱਡੀ ਖ਼ਬਰ: ਕਿਸਾਨ ਅੰਦੋਲਨ ''ਚ ਤੀਜੇ ਕਿਸਾਨ ਦੀ ਮੌਤ, ਸਿਹਤ ਵਿਗੜਨ ਮਗਰੋਂ ਲਿਜਾਇਆ ਗਿਆ ਸੀ ਹਸਪਤਾਲ

ਪਟਿਆਲਾ (ਵੈੱਬ ਡੈਸਕ, ਬਲਜਿੰਦਰ)- ਕਿਸਾਨ ਅੰਦੋਲਨ ਦੇ ਚਲਦਿਆਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਿਸਾਨ ਅੰਦੋਲਨ ਦੌਰਾਨ ਤੀਜੇ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਨਰਿੰਦਰ ਪਾਲ (43) ਵਜੋਂ ਹੋਈ ਹੈ, ਜੋਕਿ ਪਟਿਆਲਾ ਦੇ ਪਿੰਡ ਬਠੋਈ ਕਲਾਂ ਦਾ ਰਹਿਣ ਵਾਲਾ ਸੀ। ਦੱਸ ਦੇਈਏ ਕਿ ਉਕਤ ਕਿਸਾਨ ਪਟਿਆਲਾ ਦੇ ਮੋਤੀ ਮਹਿਲ  ਦੇ ਬਾਹਰ ਧਰਨੇ ਵਿਚ ਬੈਠਾ ਸੀ।  ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਲਗਾਏ ਧਰਨੇ ਦੌਰਾਨ ਉਕਤ ਕਿਸਾਨ ਦੀ ਮੌਤ ਹੋ ਹੋਈ ਹੈ। 

ਨਰਿੰਦਰ ਪਾਲ ਦੀਆਂ 2 ਬੇਟੀਆਂ ਅਤੇ ਇਕ ਬੇਟਾ ਹੈ, ਜਿਸ ਦੀ ਆਰਥਿਕ ਹਾਲਤ ਵੀ ਕੋਈ ਵਧੀਆ ਨਹੀਂ ਦੱਸੀ ਜਾ ਰਹੀ ਹੈ। ਅੱਜ ਨਰਿੰਦਰ ਪਾਲ ਦੀ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਆਗੂ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਪਹੁੰਚੇ ਹੋਏ ਸਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਨਰਿੰਦਰ ਪਾਲ ਦੇ ਪਰਿਵਾਰ ’ਚੋਂ ਇਕ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇ ਅਤੇ ਪਰਿਵਾਰ ਦੀ ਵਿੱਤੀ ਸਹਾਇਤਾ ਕੀਤੀ ਜਾਵੇ।

ਇਹ ਵੀ ਪੜ੍ਹੋ:  ਵਿਦੇਸ਼ਾਂ 'ਚ ਵਸੇ ਪੰਜਾਬੀਆਂ ਦੇ ਦਿਲਾਂ 'ਚ ਧੜਕਦੈ ਪੰਜਾਬ, ਕੈਨੇਡਾ-ਅਮਰੀਕਾ ਭੇਜੀਆਂ ਜਾ ਰਹੀਆਂ ਇਹ ਰਵਾਇਤੀ ਚੀਜ਼ਾਂ

ਇਥੇ ਇਹ ਵੀ ਦੱਸਣਯੋਗ ਹੈ ਕਿ ਕਿਸਾਨ ਅੰਦਲੋਨ ਦੌਰਾਨ ਇਹ ਤੀਜੇ ਕਿਸਾਨ ਦੀ ਮੌਤ ਹੋਈ ਹੈ। ਇਸ ਦੇ ਪਹਿਲਾਂ ਇਕ ਗੁਰਦਾਸਪੁਰ ਦੇ ਰਹਿਣ ਵਾਲੇ ਗਿਆਨ ਸਿੰਘ ਦੀ ਸ਼ੰਭੂ ਬਾਰਡਰ 'ਤੇ ਮੌਤ ਹੋ ਗਈ ਸੀ ਅਤੇ ਉਸ ਤੋਂ ਬਾਅਦ ਪਟਿਆਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਨੇ ਖਨੌਰੀ ਬਾਰਡਰ 'ਤੇ ਧਰਨੇ ਦੌਰਾਨ ਸਿਹਤ ਵਿਗੜਨ ਮਗਰੋਂ ਮੌਤ ਹੋ ਗਈ ਸੀ। ਹਸਪਤਾਲ ਵਿਚ ਉਗਰਾਹਾਂ ਜਥੇਬੰਦੀ ਦੇ ਕਿਸਾਨ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਪਰਿਵਾਰਕ ਮੈਂਬਰ ਵੀ ਪਹੁੰਚ ਚੁੱਕੇ ਹਨ। ਨਰਿੰਦਰ ਪਾਲ ਸਿੰਘ ਦੀ ਮ੍ਰਿਤਕ ਦੇਹ ਪੋਸਟਮਾਰਟਮ ਕਰਨ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਜਾਵੇਗੀ। 

ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਹੋ ਚੁੱਕੀ ਹੈ ਚੌਥੇ ਦੌਰ ਦੀ ਬੈਠਕ
ਬੀਤੇ ਦਿਨ ਕਿਸਾਨ ਆਗੂਆਂ ਦੀ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀਆਂ ਨਾਲ ਚੌਥੇ ਦੌਰ ਦੀ ਬੈਠਕ ਹੋਈ ਸੀ। ਬੈਠਕ ਵਿਚ ਐੱਮ. ਐੱਸ. ਪੀ. ’ਤੇ ਖ਼ਰੀਦ ਲਈ ਕਿਸਾਨਾਂ ਨਾਲ 5 ਸਾਲ ਲਈ ਸਮਝੌਤਾ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਖ਼ਤਮ ਕਰਨ ਤੋਂ ਬਾਅਦ ਐਤਵਾਰ ਦੇਰ ਰਾਤ ਕਿਹਾ ਸੀ ਕਿ ਸਰਕਾਰ ਨੇ ਸਹਿਕਾਰੀ ਸਭਾਵਾਂ ਐੱਨ. ਸੀ. ਸੀ. ਐੱਫ਼. (ਨੈਸ਼ਨਲ ਕੰਜ਼ਿਊਮਰ ਕੋਆਪ੍ਰੇਟਿਵ ਫੈੱਡਰੇਸ਼ਨ ਆਫ਼ ਇੰਡੀਆ ਲਿਮਟਿਡ) ਅਤੇ ਨੈਫੇਡ (ਨੈਸ਼ਨਲ ਐਗਰੀਕਲਚਰਲ ਕੋਆਪ੍ਰੇਟਿਵ ਮਾਰਕੀਟਿੰਗ ਫੈੱਡਰੇਸ਼ਨ ਆਫ਼ ਇੰਡੀਆ) ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਦਾਲਾਂ ਖ਼ਰੀਦਣ ਲਈ ਕਿਸਾਨਾਂ ਨਾਲ 5 ਸਾਲਾਂ ਦਾ ਸਮਝੌਤਾ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਸ ਤੋਂ ਇਲਾਵਾ ਭਾਰਤੀ ਕਪਾਹ ਨਿਗਮ (ਸੀ. ਸੀ. ਆਈ.) ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਕਪਾਹ ਦੀ ਫ਼ਸਲ ਖ਼ਰੀਦਣ ਲਈ ਕਿਸਾਨਾਂ ਨਾਲ 5 ਸਾਲ ਦਾ ਸਮਝੌਤਾ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਗੋਇਲ ਨੇ ਕਿਹਾ ਕਿ ਕਿਸਾਨ ਆਗੂ ਸਰਕਾਰ ਦੇ ਪ੍ਰਸਤਾਵਾਂ ’ਤੇ ਸੋਮਵਾਰ ਤੱਕ ਆਪਣੇ ਫ਼ੈਸਲੇ ਬਾਰੇ ਜਾਣੂ ਕਰਵਾਉਣਗੇ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਵੱਡਾ ਐਨਕਾਊਂਟਰ, ਮੌਕੇ ਦੀ ਵੇਖੋ ਸੀ. ਸੀ. ਟੀ. ਵੀ.

ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਐਤਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਸ਼ੁਰੂ ਹੋਈ ਗੱਲਬਾਤ ਦਾ ਚੌਥਾ ਦੌਰ ਦੇਰ ਰਾਤ ਖ਼ਤਮ ਹੋਇਆ ਸੀ। ਕਿਸਾਨ ਉਪਜ ਦੇ ਐੱਮ. ਐੱਸ. ਪੀ. ਲਈ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਲਈ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੁੱਜੇ ਸਨ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ 8, 12 ਅਤੇ 15 ਫਰਵਰੀ ਨੂੰ ਮੀਟਿੰਗਾਂ ਹੋਈਆਂ ਸਨ ਪਰ ਗੱਲਬਾਤ ਬੇਨਤੀਜਾ ਰਹੀ ਸੀ। ਇਹ ਮੀਟਿੰਗ ਅਜਿਹੇ ਸਮੇਂ ਹੋਈ ਹੈ, ਜਦੋਂ ਹਜ਼ਾਰਾਂ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ’ਤੇ ਸ਼ੰਭੂ ਅਤੇ ਖਨੌਰੀ ’ਚ ਡਟੇ ਹੋਏ ਹਨ ਅਤੇ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਰਾਸ਼ਟਰੀ ਰਾਜਧਾਨੀ ’ਚ ਦਾਖਲ ਹੋਣ ਤੋਂ ਰੋਕਣ ਲਈ ਉੱਥੇ ਵੱਡੀ ਗਿਣਤੀ ’ਚ ਸੁਰੱਖਿਆ ਬਲ ਤਾਇਨਾਤ ਹਨ। ਐੱਮ. ਐੱਸ. ਪੀ. ’ਤੇ ਖ਼ਰੀਦ ਲਈ ਕਿਸਾਨਾਂ ਲਈ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨ ਖੇਤੀ ਕਾਮਿਆਂ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਅਤੇ ਕਰਜ਼ਾ ਮੁਆਫ਼ ਕਰਨ, ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ, ਭੂਮੀ ਗ੍ਰਹਿਣ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਮੁਆਵਜ਼ਾ ਦੇਣ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ:  ਕੰਮ 'ਤੇ ਜਾ ਰਹੇ 2 ਸਕੇ ਭਰਾਵਾਂ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ, ਇਕ ਦੀ ਹੋਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News