ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ, ਰੈਗੂਲਰ ਕੀਤੀਆਂ ਜਾਣਗੀਆਂ ਸੇਵਾਵਾਂ, ਕੈਟ ਨੇ ਜਾਰੀ ਕੀਤੇ ਹੁਕਮ
Friday, Apr 03, 2026 - 09:44 AM (IST)
ਚੰਡੀਗੜ੍ਹ (ਪ੍ਰੀਕਸ਼ਿਤ) : ਕੇਂਦਰੀ ਪ੍ਰਬੰਧਕੀ ਟ੍ਰਿਬੀਊਨਲ (ਕੈਟ) ਦੀ ਚੰਡੀਗੜ੍ਹ ਬੈਂਚ ਨੇ ਲੰਬੇ ਸਮੇਂ ਤੋਂ ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ ਰੈਗੂਲਰ ਕਰਨ ਦਾ ਰਸਤਾ ਸਾਫ਼ ਕਰ ਦਿੱਤਾ ਹੈ। ਟ੍ਰਿਬੀਊਨਲ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਕਿ 10 ਸਾਲ ਤੋਂ ਵੱਧ ਸੇਵਾ ਪੂਰੀ ਕਰ ਚੁੱਕੇ ਯੋਗ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਫ਼ੈਸਲੇ ਨਾਲ ਵੱਡੀ ਗਿਣਤੀ ’ਚ ਟੀ. ਜੀ. ਟੀ., ਪੀ. ਜੀ. ਟੀ. ਅਤੇ ਹੋਰ ਅਧਿਆਪਕਾਂ ਨੂੰ ਰਾਹਤ ਮਿਲੀ ਹੈ, ਜੋ ਕਾਨੂੰਨੀ ਲੜਾਈ ਲੜ ਰਹੇ ਸਨ। 10 ਤੋਂ 16 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਸੀ। ਅਧਿਆਪਕਾਂ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੂੰ ਪ੍ਰਤੀਵਾਦੀ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ : ਸਕੂਲਾਂ 'ਤੇ ਡਿੱਗੇਗੀ ਗਾਜ਼! ਸਖ਼ਤ ਕਾਰਵਾਈ ਦੀ ਤਿਆਰੀ 'ਚ CBSE, ਜਾਰੀ ਕੀਤੀ ਵੱਡੀ ਚਿਤਾਵਨੀ
ਪਟੀਸ਼ਨਕਰਤਾ ਅਧਿਆਪਕਾਂ ਨੇ ਕੈਟ ’ਚ ਕਿਹਾ ਸੀ ਕਿ ਉੱਚਿਤ ਪ੍ਰਕਿਰਿਆ ਤਹਿਤ ਨਿਯੁਕਤ ਕੀਤਾ ਗਿਆ ਸੀ ਅਤੇ ਉਹ ਮਨਜ਼ੂਰਸ਼ੁਦਾ ਅਹੁਦਿਆਂ ’ਤੇ ਕੰਮ ਕਰ ਰਹੇ ਹਨ। ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਰੈਗੂਲਰ ਕਰਨ ਲਈ ਕੋਈ ਠੋਸ ਨੀਤੀ ਨਹੀਂ ਬਣਾਈ। ਇਸ ’ਤੇ ਕੈਟ ਨੇ ਕਿਹਾ ਕਿ ਲੰਬੇ ਸਮੇਂ ਤੱਕ ਠੇਕੇ ’ਤੇ ਕਰਮਚਾਰੀਆਂ ਨੂੰ ਰੱਖਣਾ ਕਿਰਤ ਨਿਆਂ ਦੇ ਸਿਧਾਂਤਾਂ ਦੇ ਵਿਰੁੱਧ ਹੈ। ਪਟੀਸ਼ਨਕਰਤਾ ‘ਬੈਕਡੋਰ ਐਂਟਰੀ’ ਨਹੀਂ ਹਨ, ਸਗੋਂ ਜਾਇਜ਼ ਚੋਣ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਰੈਗੂਲਰਾਈਜ਼ੇਸ਼ਨ ਨੀਤੀ ਨਾ ਬਣਾਉਣਾ ਕਰਮਚਾਰੀਆਂ ਨਾਲ ਬੇਇਨਸਾਫ਼ੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 116 ਕਰੋੜ ਦਾ ਵੱਡਾ ਘਪਲਾ! ਸਮਾਰਟ ਸਿਟੀ ਪ੍ਰਾਜੈਕਟ ਦੀ CFO ਨਲਿਨੀ ਮਲਿਕ ਗ੍ਰਿਫ਼ਤਾਰ
ਸੁਪਰੀਮ ਕੋਰਟ ਦੇ ਫ਼ੈਸਲਿਆਂ ਦਾ ਹਵਾਲਾ
ਕੈਟ ਨੇ ਫ਼ੈਸਲੇ ’ਚ ਸੁਪਰੀਮ ਕੋਰਟ ਦੇ ਕਈ ਮਹੱਤਵਪੂਰਨ ਫ਼ੈਸਲਿਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ’ਚ ਉਮਾ ਦੇਵੀ ਕੇਸ (2006) ਅਤੇ ਹਾਲੀਆ ਫ਼ੈਸਲੇ ਸ਼ਾਮਲ ਹਨ। ਕੈਟ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਫ਼ੈਸਲਿਆਂ ਦੀ ਗਲਤ ਵਿਆਖਿਆ ਕਰਕੇ ਕਰਮਚਾਰੀਆਂ ਦੇ ਜਾਇਜ਼ ਅਧਿਕਾਰਾਂ ਨੂੰ ਖੋਹਿਆ ਨਹੀਂ ਜਾ ਸਕਦਾ। ਕੈਟ ਨੇ ਕਿਹਾ ਕਿ 10 ਸਾਲ ਜਾਂ ਇਸ ਤੋਂ ਵੱਧ ਸੇਵਾ ਪੂਰੀ ਕਰ ਚੁੱਕੇ ਅਧਿਆਪਕਾਂ ਨੂੰ 6 ਹਫ਼ਤਿਆਂ ਦੇ ਅੰਦਰ ਰੈਗੂਲਰ ਕੀਤਾ ਜਾਵੇ। ਜੇਕਰ ਨਿਰਧਾਰਤ ਸਮੇਂ ਦੇ ਅੰਦਰ ਹੁਕਮ ਜਾਰੀ ਨਹੀਂ ਕੀਤਾ ਜਾਂਦਾ ਹੈ, ਤਾਂ ਅਧਿਆਪਕਾਂ ਨੂੰ ਆਪਣੇ ਆਪ ਰੈਗੂਲਰ ਮੰਨਿਆ ਜਾਵੇਗਾ। ਪਿਛਲੀ ਮਿਆਦ ਦੀ ਬਕਾਇਆ ਤਨਖ਼ਾਹ (ਏਰੀਅਰ) ਨਹੀਂ ਮਿਲੇਗਾ, ਪਰ ਸੇਵਾ ਨਿਰੰਤਰਤਾ ਨੂੰ ਪੈਨਸ਼ਨ ਅਤੇ ਹੋਰ ਲਾਭਾਂ ਵਿਚ ਜੋੜਿਆ ਜਾਵੇਗਾ। ਇਹ ਹੁਕਮ ਇਸੇ ਤਰ੍ਹਾਂ ਦੇ ਹਾਲਾਤਾਂ ਵਾਲੇ ਹੋਰ ਅਧਿਆਪਕਾਂ ’ਤੇ ਵੀ ਲਾਗੂ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
