ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਦੇ ਲੋਕਾਂ ਨੂੰ ਵੱਡੀ ਰਾਹਤ, ਖ਼ਬਰ ਪੜ੍ਹ ਖ਼ੁਸ਼ ਹੋ ਜਾਣਗੇ
Monday, Feb 05, 2024 - 11:02 AM (IST)
ਜਲੰਧਰ (ਪੁਨੀਤ) : ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਪਨਬੱਸ, ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਭਰੋਸਾ ਦਿੱਤਾ ਹੈ। ਇਸ ਕਾਰਨ ਯੂਨੀਅਨ ਨੇ 52 ਸਵਾਰੀਆਂ ਨੂੰ ਬਿਠਾਉਣ ਸਬੰਧੀ ਲਾਈ ਗਈ ਪਾਬੰਦੀ ਅਤੇ ਬਣਾਏ ਗਏ ਨਿਯਮ ਨੂੰ ਵਾਪਸ ਲੈ ਲਿਆ ਹੈ। ਯੂਨੀਅਨ ਨੇ ਕੇਂਦਰ ਵੱਲੋਂ ਬਣਾਏ ਗਏ ‘ਹਿੱਟ ਐਂਡ ਰਨ’ ਕਾਨੂੰਨ ਅਤੇ ਸੂਬਾ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੇ ਵਿਰੋਧ 'ਚ ਬੱਸਾਂ 'ਚ 52 ਤੋਂ ਵੱਧ ਸਵਾਰੀਆਂ ਬਿਠਾਉਣ ’ਤੇ ਰੋਕ ਲਾ ਦਿੱਤੀ ਸੀ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿਭਾਗੀ ਅਧਿਕਾਰੀਆਂ ਨੇ ਯੂਨੀਅਨ ਨਾਲ ਮੀਟਿੰਗ ਕਰਦੇ ਹੋਏ ਭਰੋਸਾ ਦਿਵਾਇਆ ਕਿ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਂਦੇ ਹੋਏ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੇ ਲਈ ਅਹਿਮ ਖ਼ਬਰ, ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ
ਇਸ ਕਾਰਨ ਯੂਨੀਅਨ ਨੇ 52 ਸਵਾਰੀਆਂ ਵਾਲੀ ਪਾਬੰਦੀ ਨੂੰ ਹਟਾ ਦਿੱਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ 'ਚ ਬੁਲਾਰਿਆਂ ਨੇ ਕਿਹਾ ਕਿ ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਇਹ ਫ਼ੈਸਲਾ ਲੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਕਾਰੀ ਬੱਸਾਂ ਦੀ ਗਿਣਤੀ ਘੱਟ ਹੋਣ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ 'ਚ ਮੁਸ਼ਕਲਾਂ ਆ ਰਹੀਆਂ ਹਨ। ਯੂਨੀਅਨ ਸਵਾਰੀਆਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੀ, ਇਸ ਲਈ ਉਨ੍ਹਾਂ ਵੱਧ ਸਵਾਰੀਆਂ ਬਿਠਾਉਣ ਅਤੇ ਸੀਟਾਂ ਭਰ ਜਾਣ ’ਤੇ ਸਵਾਰੀਆਂ ਦੇ ਖੜ੍ਹੇ ਹੋ ਕੇ ਸਫ਼ਰ ਕਰਨ ਨੂੰ ਮਨਜ਼ੂਰ ਕਰ ਲਿਆ ਹੈ ਤਾਂ ਕਿ ਵੱਧ ਤੋਂ ਵੱਧ ਲੋਕ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ। ਢਿੱਲੋਂ ਨੇ ਕਿਹਾ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਦਿੱਤੇ ਸਾਰੇ ਭਰੋਸੇ ਖੋਖਲੇ ਸਾਬਿਤ ਹੋ ਰਹੇ ਹਨ। ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਤੰਗ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ, ਜਿਸ ਨੂੰ ਯੂਨੀਅਨ ਬਰਦਾਸ਼ਤ ਨਹੀਂ ਕਰੇਗੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ-2024 ਬੇਹੱਦ ਨਜ਼ਦੀਕ! ਭੰਬਲਭੂਸੇ ਵਾਲੇ ਹਾਲਾਤ 'ਚ ਫਸੇ ਸਿਆਸੀ ਆਗੂ
ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਨਵੀਂ ਟਰਾਂਸਪੋਰਟ ਨੀਤੀ ਨਾਲ ਡਰਾਈਵਰਾਂ ਅਤੇ ਟਰਾਂਸਪੋਰਟਰਾਂ ’ਤੇ ਤਲਵਾਰ ਲਟਕਾਈ ਜਾ ਰਹੀ ਹੈ, ਇਸ ਲਈ ਇਸ ਨੀਤੀ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਟਰਾਂਸਪੋਰਟ ਨੀਤੀ 'ਚ ਕੀਤੀਆਂ ਤਬਦੀਲੀਆਂ 'ਚ ਸੁਧਾਰ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ 'ਚ ਰੋਸ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੇ ਲਈ ਕੇਂਦਰ ਸਰਕਾਰ ਦੀ ਟਰਾਂਸਪੋਰਟ ਨੀਤੀ ਜ਼ਿੰਮੇਵਾਰ ਹੋਵੇਗੀ। ਸੂਬੇ ਦੀ ਸੱਤਾਧਾਰੀ ਸਰਕਾਰ ਖ਼ਿਲਾਫ਼ ਬੋਲਦਿਆਂ ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀਆਂ ਫਾਈਲਾਂ ਨੂੰ ਅੱਗੇ ਵਧਾਉਣ ਵੱਲ ਕਦਮ ਚੁੱਕੇ ਜਾਣ। ਇਸ ਮੌਕੇ ਯੂਨੀਅਨ ਆਗੂ ਚਾਨਣ ਸਿੰਘ ਚੰਨਾ, ਦਲਜੀਤ ਸਿੰਘ ਜੱਲੇਵਾਲ, ਸਤਪਾਲ ਸਿੰਘ ਸੱਤਾ ਸਮੇਤ ਵੱਖ-ਵੱਖ ਆਗੂ ਹਾਜ਼ਰ ਸਨ।
400 ਮੁਲਾਜ਼ਮਾਂ ਦੀ ਬਿਨਾਂ ਸ਼ਰਤ ਬਹਾਲੀ ਹੋਵੇ : ਯੂਨੀਅਨ
ਯੂਨੀਅਨ ਆਗੂਆਂ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਹਰ ਵਾਰ ਭਰੋਸਾ ਤਾਂ ਦਿੱਤਾ ਜਾਂਦਾ ਹੈ ਪਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਜਿਸ ਕਾਰਨ ਉਨ੍ਹਾਂ ਨੂੰ ਹਰ ਵਾਰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ 400 ਦੇ ਲਗਭਗ ਮੁਅੱਤਲ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਵਿਭਾਗੀ ਸ਼ਰਤਾਂ 'ਚ ਤਬਦੀਲੀਆਂ ਕੀਤੀਆਂ ਜਾਣ ਕਿਉਂਕਿ ਇਨ੍ਹਾਂ ਸ਼ਰਤਾਂ ਕਾਰਨ ਮੁਲਾਜ਼ਮਾਂ ’ਤੇ ਮੁਅੱਤਲੀ ਦੀ ਤਲਵਾਰ ਲਟਕਦੀ ਰਹਿੰਦੀ ਹੈ। ਕਿਸੇ ਵੀ ਮੁਲਾਜ਼ਮ ਨੂੰ ਮੁਅੱਤਲ ਕਰਨ ਤੋਂ ਪਹਿਲਾਂ ਉਸ ਦਾ ਪੱਖ ਸੁਣਿਆ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8