ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਨਵੇਂ ਸਾਲ ਤੋਂ ਪਹਿਲਾਂ ਜਾਰੀ ਹੋਏ ਹੁਕਮ
Thursday, Dec 19, 2024 - 11:22 AM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਅਧੀਨ ਕੰਮ ਕਰਦੇ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਹੈ। ਦਰਅਸਲ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ। ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, 22 ਦਸੰਬਰ ਤੱਕ ਰਹਿਣਗੇ ਲਾਗੂ
ਇਹ ਕਮੇਟੀ ਇਨ੍ਹਾਂ ਤਿੰਨ ਕਰਮਚਾਰੀ ਸੰਗਠਨਾਂ, ਏ. ਆਈ. ਈ. ਕੱਚੇ ਅਧਿਕਾਰੀ ਯੂਨੀਅਨ, ਆਈ. ਈ. ਆਰ. ਟੀ ਵਿਸੇਸ਼ ਅਧਿਆਪਕ ਯੂਨੀਅਨ, ਅਤੇ ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਚੁੱਕੀ ਗਈ ਮੰਗ ਬਾਰੇ ਵਿਚਾਰ ਕਰੇਗੀ। ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਉਨ੍ਹਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਆਪਣੀ ਰਿਪੋਰਟ ਜਲਦੀ ਸੌਂਪੇਗੀ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਉਨ੍ਹਾਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਚੁੱਕੀਆਂ ਵਿੱਤੀ ਮੰਗਾਂ ਦਾ ਅਧਿਐਨ ਕਰਨ ਉਪਰੰਤ ਉਨ੍ਹਾਂ ਨਾਲ ਜਲਦੀ ਹੀ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੇ ਕਦਮ ਚੁੱਕੇ ਜਾ ਸਕਣ।
ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਮੰਗਾਂ ਦੇ ਸਬੰਧ 'ਚ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੋਸਾਇਟੀ (ਪੀ. ਆਈ. ਸੀ. ਟੀ. ਈ. ਐੱਸ.) ਅਧੀਨ ਭਰਤੀ ਕੀਤੇ ਗਏ ਇਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਬਣਦੀ ਕਾਰਵਾਈ ਕਰਨ ਲਈ ਕਿਹਾ। ਵਿੱਤ ਮੰਤਰੀ ਅਤੇ ਸਿੱਖਿਆ ਵਿਭਾਗ ਨੇ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਵਚਨਬੱਧ ਹੈ। ਯੂਨੀਅਨਾਂ ਦੇ ਨੁਮਾਇੰਦਿਆਂ ਨੇ ਵੀ ਭਰੋਸਾ ਪ੍ਰਗਟਾਇਆ ਕਿ ਇਹ ਮੀਟਿੰਗਾਂ ਉਨ੍ਹਾਂ ਦੇ ਮਸਲਿਆਂ ਦੇ ਸੁਖਾਵੇਂ ਹੱਲ ਲੱਭਣ ਲਈ ਰਾਹ ਪੱਧਰਾ ਕਰਨਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8