ਸਬਜ਼ੀ ਮੰਡੀ ਦੇ ਆੜ੍ਹਤੀਆਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
Wednesday, Apr 02, 2025 - 03:29 PM (IST)

ਚੰਡੀਗੜ੍ਹ (ਹਾਂਡਾ) : ਇੱਥੇ ਸੈਕਟਰ-26 ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ ਨੂੰ ਉਲਟਾਉਂਦੇ ਹੋਏ ਪ੍ਰਸ਼ਾਸਨ ਵੱਲੋਂ ਕਰਵਾਈ ਜਾ ਰਹੀ ਸ਼ੋਅਰੂਮਾਂ ਦੀ ਈ-ਨਿਲਾਮੀ ’ਤੇ ਰੋਕ ਲਗਾ ਦਿੱਤੀ ਹੈ। ਆੜ੍ਹਤੀ ਐਸੋਸੀਏਸ਼ਨ ਦੀ ਮੰਗ ਸੀ ਕਿ ਸੈਕਟਰ-26 ਤੋਂ ਸੈਕਟਰ-39 ਵਿਚ ਬਣੀ ਨਵੀਂ ਮੰਡੀ 'ਚ ਸ਼ਿਫਟ ਹੋਣ ਵਾਲੇ ਆੜ੍ਹਤੀਆਂ ਨੂੰ ਇੱਥੇ ਬਿਨਾਂ ਨਿਲਾਮੀ ਦੇ ਠਹਿਰਾਇਆ ਜਾਵੇ ਅਤੇ ਇਸ ਤੋਂ ਬਾਅਦ ਬਾਕੀ ਥਾਵਾਂ ਦੀ ਨਿਲਾਮੀ ਕੀਤੀ ਜਾਵੇ।
ਉਪਰੋਕਤ ਮੰਗ ਦੇ ਸੰਬੰਧ ਵਿਚ ਐਸੋਸੀਏਸ਼ਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਸੀ, ਜਿੱਥੇ ਹਾਈਕੋਰਟ ਨੇ ਉਨ੍ਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ, ਜਿਸਨੂੰ ਆੜ੍ਹਤੀ ਐਸੋਸੀਏਸ਼ਨ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਜਮੋਹਨ ਨੇ ਕਿਹਾ ਕਿ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਨੂੰ 4 ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰਨਾ ਹੋਵੇਗਾ ਅਤੇ ਉਦੋਂ ਤੱਕ ਪ੍ਰਸ਼ਾਸਨ ਸ਼ੋਅਰੂਮਾਂ ਦੀ ਈ-ਨਿਲਾਮੀ ਨਹੀਂ ਕਰੇਗਾ।